Wednesday, July 29Punjabi People

ਗਿਆਨੀ ਜ਼ੈਲ ਸਿੰਘ ਦੇ ਪੋਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਕਾਲ ਤਖ਼ਤ ‘ਤੇ ਹੋਏ ਪੇਸ਼, ਬਾਦਲ ਪਰਿਵਾਰ ਤੋਂ ਬਾਅਦ ਦੂਜੀ ਰਾਜਨੀਤਿਕ ਪੀੜ੍ਹੀ

ਅੰਮ੍ਰਿਤਸਰ, 29 ਜੂਨ 2026: ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੋਮਵਾਰ ਨੂੰ ਇੱਕ ਅਹਿਮ ਅਤੇ ਇਤਿਹਾਸਕ ਘਟਨਾ ਵਾਪਰੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਅਤੇ ਮੰਤਰੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ।

ਇਸ ਪੇਸ਼ੀ ਨਾਲ ਸਿੱਖ ਸਿਆਸੀ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਜੁੜ ਗਿਆ ਹੈ। ਬਾਦਲ ਪਰਿਵਾਰ ਤੋਂ ਬਾਅਦ ਇਹ ਦੂਜਾ ਮੌਕਾ ਹੈ ਜਦੋਂ ਇੱਕੋ ਪਰਿਵਾਰ ਦੇ ਦੋ ਮੈਂਬਰ ਵੱਖ-ਵੱਖ ਸਮਿਆਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਨ।

ਕੁਲਤਾਰ ਸਿੰਘ ਸੰਧਵਾਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਭਰਾ ਦੇ ਪੋਤੇ ਹਨ। ਇਸ ਤੋਂ ਕਰੀਬ 42 ਸਾਲ ਪਹਿਲਾਂ, 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਤਤਕਾਲੀ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਨੈਤਿਕ ਜ਼ਿੰਮੇਵਾਰੀ ਦੇ ਆਧਾਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ। ਹੁਣ ਉਨ੍ਹਾਂ ਦੇ ਪਰਿਵਾਰ ਦੀ ਦੂਜੀ ਪੀੜ੍ਹੀ ਵਜੋਂ ਕੁਲਤਾਰ ਸਿੰਘ ਸੰਧਵਾਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ੀ ਭਰੀ ਹੈ।

ਇਸ ਦੇ ਨਾਲ ਹੀ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸਪੀਕਰ ਬਣ ਗਏ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਪੱਸ਼ਟੀਕਰਨ ਲਈ ਤਲਬ ਕੀਤਾ ਗਿਆ।

ਇਹ ਪੇਸ਼ੀ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਨੂੰ ਲੈ ਕੇ ਉੱਠੇ ਵਿਵਾਦ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਹੋਈ। ਇਸ ਕਾਨੂੰਨ ਬਾਰੇ ਸਪੱਸ਼ਟੀਕਰਨ ਲੈਣ ਲਈ ਅਕਾਲ ਤਖ਼ਤ ਸਾਹਿਬ ਨੇ ਸੰਧਵਾਂ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਤਲਬ ਕੀਤਾ ਸੀ।

ਬਾਦਲ ਪਰਿਵਾਰ ਦੇ ਨਾਮ ਸੀ ਪਹਿਲਾ ਰਿਕਾਰਡ

ਇਸ ਤੋਂ ਪਹਿਲਾਂ ਬਾਦਲ ਪਰਿਵਾਰ ਦੇ ਦੋ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਚੁੱਕੇ ਹਨ। 1978 ਦੇ ਸਿੱਖ-ਨਿਰੰਕਾਰੀ ਵਿਵਾਦ ਦੌਰਾਨ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ, ਜਦਕਿ 2024 ਵਿੱਚ ਬੇਅਦਬੀ ਮਾਮਲਿਆਂ ਦੇ ਸਬੰਧ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਪਿਆ ਸੀ।

ਇਤਿਹਾਸ ਵਿੱਚ ਕਈ ਸਿਆਸੀ ਆਗੂ ਹੋ ਚੁੱਕੇ ਹਨ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵਉੱਚ ਧਾਰਮਿਕ ਅਥਾਰਟੀ ਹੈ, ਜਿੱਥੇ ਸਮੇਂ-ਸਮੇਂ ‘ਤੇ ਕਈ ਪ੍ਰਮੁੱਖ ਸਿਆਸੀ ਅਤੇ ਸਮਾਜਿਕ ਆਗੂਆਂ ਨੂੰ ਤਲਬ ਕੀਤਾ ਜਾਂਦਾ ਰਿਹਾ ਹੈ। ਇਤਿਹਾਸ ਵਿੱਚ ਮਹਾਰਾਜਾ ਰਣਜੀਤ ਸਿੰਘ, ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਵੀ ਧਾਰਮਿਕ ਕਾਰਵਾਈ ਦਾ ਸਾਹਮਣਾ ਕਰ ਚੁੱਕੇ ਹਨ।

ਇਸ ਤੋਂ ਇਲਾਵਾ, ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇੱਕ ਵਿਵਾਦਿਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *