
ਚੰਡੀਗੜ੍ਹ, 30 ਜੂਨ 2026: ਪੰਜਾਬ ਨੂੰ ਅਪਰਾਧ ਅਤੇ ਗੈਂਗਸਟਰਵਾਦ ਤੋਂ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਲਗਾਤਾਰ ਜਾਰੀ ਹੈ। ਇਸ ਮੁਹਿੰਮ ਦੇ 161ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ 674 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਇੱਕੋ ਸਮੇਂ ਵਿਆਪਕ ਛਾਪੇਮਾਰੀ ਕੀਤੀ।
ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਗੈਂਗਸਟਰਾਂ, ਉਨ੍ਹਾਂ ਦੇ ਨੈੱਟਵਰਕ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਸਾਂਝੀਆਂ ਕਾਰਵਾਈਆਂ ਕਰ ਰਹੀਆਂ ਹਨ।
ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਅੱਜ ਦੀ ਕਾਰਵਾਈ ਦੌਰਾਨ 382 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 42,160 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 169 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ ਪੰਜ ਭਗੌੜੇ ਅਪਰਾਧੀਆਂ (ਪੀਓਜ਼) ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਜਾਂ ਕਿਸੇ ਵੀ ਸ਼ੱਕੀ ਅਪਰਾਧਿਕ ਗਤੀਵਿਧੀ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਤਰੀਕੇ ਨਾਲ ਜਾਣਕਾਰੀ ਸਾਂਝੀ ਕਰਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੀ ਜਾਰੀ ਰੱਖਿਆ। ਇਸ ਮੁਹਿੰਮ ਦੇ 486ਵੇਂ ਦਿਨ ਪੁਲਿਸ ਨੇ 19 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 354 ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ 620 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਪੁਲਿਸ ਅਨੁਸਾਰ, ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ 70,711 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਤਹਿਤ ਅੱਜ 10 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਖ਼ਿਲਾਫ਼ ਇਹ ਦੋਵੇਂ ਮੁਹਿੰਮਾਂ ਪੂਰੀ ਸਖ਼ਤੀ ਨਾਲ ਜਾਰੀ ਰਹਿਣਗੀਆਂ ਅਤੇ ਸੂਬੇ ਵਿੱਚ ਅਮਨ-ਕਾਨੂੰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
