
ਚੰਡੀਗੜ੍ਹ/ਬਠਿੰਡਾ, 30 ਜੂਨ 2026: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੌਸ਼ਟਿਕ ਅਤੇ ਤਾਜ਼ਾ ਖੁਰਾਕ ਉਪਲਬਧ ਕਰਵਾਉਣ ਲਈ ਇਹ ਮੁਹਿੰਮ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀ ਜਾਵੇ।
ਚੇਅਰਮੈਨ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ ਪੋਸ਼ਣ ਗਾਰਡਨ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਗਾਰਡਨਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਪੌਦੇ ਅਤੇ ਔਸ਼ਧੀ ਬੂਟੇ ਲਗਾਏ ਜਾਣ, ਤਾਂ ਜੋ ਮਿਡ-ਡੇ-ਮੀਲ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਉਪਲਬਧ ਹੋ ਸਕਣ।
ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਬੱਚਿਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਭੋਜਨ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਆਵੇਗਾ। ਇਸ ਦੇ ਨਾਲ ਹੀ ਬੱਚਿਆਂ ਵਿੱਚ ਖੇਤੀਬਾੜੀ, ਵਾਤਾਵਰਨ ਸੰਭਾਲ ਅਤੇ ਕੁਦਰਤ ਪ੍ਰਤੀ ਜਾਗਰੂਕਤਾ ਵੀ ਵਧੇਗੀ।
ਮੀਟਿੰਗ ਦੌਰਾਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ-ਡੇ-ਮੀਲ ਅਤੇ ਪੋਸ਼ਣ ਆਹਾਰ ਦੀ ਗੁਣਵੱਤਾ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਅਤੇ ਉਨ੍ਹਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਬੱਚਿਆਂ ਲਈ ਸਿਹਤਮੰਦ ਅਤੇ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਵਾਸਤੇ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਚੇਅਰਮੈਨ ਨੇ ਸਬੰਧਤ ਵਿਭਾਗਾਂ ਨੂੰ ਇਹ ਵੀ ਹਦਾਇਤ ਦਿੱਤੀ ਕਿ ਪੋਸ਼ਣ ਗਾਰਡਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਹਤ, ਖੇਤੀਬਾੜੀ, ਬਾਗਬਾਨੀ ਅਤੇ ਜੰਗਲਾਤ ਵਿਭਾਗਾਂ ਸਮੇਤ ਹੋਰ ਸਬੰਧਤ ਏਜੰਸੀਆਂ ਦਾ ਵੀ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਹੀ ਇਸ ਯੋਜਨਾ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਰਸੋਈਏ ਅਤੇ ਹੋਰ ਸਟਾਫ਼ ਦਾ ਸਮੇਂ-ਸਮੇਂ ‘ਤੇ ਮੈਡੀਕਲ ਚੈੱਕਅਪ ਕਰਵਾਉਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰਾ ਭੋਜਨ ਮਿਲ ਸਕੇ।
ਮੀਟਿੰਗ ਦੇ ਅੰਤ ਵਿੱਚ ਬਾਲ ਮੁਕੰਦ ਸ਼ਰਮਾ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜਨਰਲ) ਗੁਰਜਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
