
ਚੰਡੀਗੜ੍ਹ, 1 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਬੈਠਕ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਜਾਰੀ ਹੈ। ਇਹ ਬੈਠਕ ਸ਼ਾਮ 4 ਵਜੇ ਸ਼ੁਰੂ ਹੋਈ, ਜਿਸ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ਅਤੇ ਲੋਕ-ਹਿੱਤ ਨਾਲ ਸਬੰਧਤ ਫ਼ੈਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਬੈਠਕ ਤੋਂ ਬਾਅਦ ਸਰਕਾਰ ਵੱਲੋਂ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਅਧਿਕਾਰਕ ਤੌਰ ‘ਤੇ ਫ਼ੈਸਲਿਆਂ ਦੀ ਜਾਣਕਾਰੀ ਜਲਦ ਸਾਂਝੀ ਕੀਤੀ ਜਾਵੇਗੀ।
ਕੈਬਨਿਟ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿੱਚ ਮੌਜੂਦ ਸਨ, ਜਿੱਥੇ ਉਨ੍ਹਾਂ ਨੇ ਐਸਆਈਆਰ (SIR) ਸਬੰਧੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਮੀਡੀਆ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰ ਇੱਕ ਹੋਰ ਵੱਡੀ ਗਰੰਟੀ ਨੂੰ ਅਮਲੀ ਜਾਮਾ ਪਹਿਨਾਉਣ ਜਾ ਰਹੀ ਹੈ, ਜਿਸ ਦਾ ਲਾਭ ਸੂਬੇ ਦੇ ਵੱਡੇ ਵਰਗ ਨੂੰ ਮਿਲੇਗਾ।
ਮੁੱਖ ਮੰਤਰੀ ਨੇ ਖ਼ਾਸ ਤੌਰ ‘ਤੇ ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ, ਜਿਨ੍ਹਾਂ ਨੇ ਹਾਲੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣਾ ਰਜਿਸਟ੍ਰੇਸ਼ਨ ਜ਼ਰੂਰ ਕਰਵਾ ਲੈਣ, ਤਾਂ ਜੋ ਸਰਕਾਰ ਦੀ ਇਸ ਯੋਜਨਾ ਦਾ ਲਾਭ ਉਨ੍ਹਾਂ ਤੱਕ ਵੀ ਸਮੇਂ ਸਿਰ ਪਹੁੰਚ ਸਕੇ।
ਹੁਣ ਸਭ ਦੀਆਂ ਨਜ਼ਰਾਂ ਮੁੱਖ ਮੰਤਰੀ ਨਿਵਾਸ ਵਿਖੇ ਚੱਲ ਰਹੀ ਕੈਬਨਿਟ ਬੈਠਕ ‘ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਉਮੀਦ ਕੀਤੀ ਜਾ ਰਹੀ ਹੈ ਕਿ ਬੈਠਕ ਤੋਂ ਬਾਅਦ ਪੰਜਾਬ ਵਾਸੀਆਂ ਲਈ ਕਈ ਅਹਿਮ ਫ਼ੈਸਲਿਆਂ ਅਤੇ ਐਲਾਨਾਂ ਦਾ ਖੁਲਾਸਾ ਕੀਤਾ ਜਾਵੇਗਾ।
