Wednesday, July 29Punjabi People

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ/ਸੰਗਰੂਰ, 1 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੁਦ ਆਪਣਾ ਗਣਨਾ (ਐਨਿਊਮਰੇਸ਼ਨ) ਫਾਰਮ ਭਰ ਕੇ ਲੋਕਾਂ ਨੂੰ ਵੀ ਸਮੇਂ ਸਿਰ ਆਪਣੀ ਵੋਟ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰਨ ਦਾ ਸੱਦਾ ਦਿੱਤਾ।

ਗਣਨਾ ਫਾਰਮ ਭਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਇਸ ਮੁਹਿੰਮ ਤਹਿਤ ਲਗਭਗ 90 ਫ਼ੀਸਦੀ ਵੋਟਰਾਂ ਦੀ ਮੈਪਿੰਗ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜਦਕਿ ਬਾਕੀ ਕੰਮ ਵੀ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਚੋਣ ਅਮਲੇ ਦੀ ਮਿਹਨਤ ਦਾ ਨਤੀਜਾ ਹੈ, ਜੋ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ 25 ਜੂਨ ਤੋਂ 24 ਜੁਲਾਈ ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਬੀ.ਐਲ.ਓਜ਼ ਹਰ ਘਰ ਵਿੱਚ ਜਾ ਕੇ ਗਣਨਾ ਫਾਰਮ ਮੁਹੱਈਆ ਕਰਵਾ ਰਹੇ ਹਨ ਅਤੇ ਵੋਟਰਾਂ ਨੂੰ ਫਾਰਮ ਭਰਨ ਵਿੱਚ ਪੂਰੀ ਮਦਦ ਵੀ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪ੍ਰਕਿਰਿਆ ਲਈ ਵੋਟਰਾਂ ਤੋਂ ਕੋਈ ਵਾਧੂ ਦਸਤਾਵੇਜ਼ ਨਹੀਂ ਮੰਗੇ ਜਾ ਰਹੇ, ਸਗੋਂ ਸਿਰਫ਼ ਮੌਜੂਦਾ ਵੇਰਵਿਆਂ ਦੀ ਤਸਦੀਕ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਘਰ ‘ਤੇ ਤਾਲਾ ਲੱਗਾ ਹੋਵੇ ਜਾਂ ਪਰਿਵਾਰ ਮੌਜੂਦ ਨਾ ਹੋਵੇ ਤਾਂ ਬੀ.ਐਲ.ਓ. ਉੱਥੇ ਸੂਚਨਾ ਪਰਚੀ ਅਤੇ ਸਟਿੱਕਰ ਲਗਾਉਣਗੇ ਅਤੇ ਭਰਿਆ ਹੋਇਆ ਫਾਰਮ ਪ੍ਰਾਪਤ ਕਰਨ ਲਈ ਘੱਟੋ-ਘੱਟ ਤਿੰਨ ਵਾਰ ਉਸ ਘਰ ਦਾ ਦੌਰਾ ਕਰਨਗੇ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣਾ ਗਣਨਾ ਫਾਰਮ ਭਰ ਕੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਵੱਲੋਂ ਸਹੀ ਢੰਗ ਨਾਲ ਭਰਿਆ ਹੋਇਆ ਫਾਰਮ ਜਮ੍ਹਾਂ ਕਰਵਾਇਆ ਜਾਵੇਗਾ, ਉਨ੍ਹਾਂ ਦੇ ਨਾਂ ਹੀ ਵੋਟਰ ਸੂਚੀ ਦੇ ਖਰੜੇ ਵਿੱਚ ਸ਼ਾਮਲ ਕੀਤੇ ਜਾਣਗੇ। ਜੇਕਰ ਕੋਈ ਫਾਰਮ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਨਾਂ ਖਰੜਾ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੇ ਫਾਰਮ ਜਮ੍ਹਾਂ ਨਹੀਂ ਹੋਣਗੇ, ਉਨ੍ਹਾਂ ਬਾਰੇ ਗੁਆਂਢੀਆਂ ਤੋਂ ਜਾਣਕਾਰੀ ਇਕੱਠੀ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਅਜਿਹੇ ਮਾਮਲਿਆਂ ਨੂੰ ਗੈਰ-ਹਾਜ਼ਰ, ਕਿਸੇ ਹੋਰ ਥਾਂ ਸ਼ਿਫਟ ਹੋਏ, ਮ੍ਰਿਤਕ ਜਾਂ ਦੋਹਰੀ ਵੋਟ ਰੱਖਣ ਵਾਲੇ ਵੋਟਰਾਂ ਦੀਆਂ ਸ਼੍ਰੇਣੀਆਂ ਵਿੱਚ ਦਰਜ ਕੀਤਾ ਜਾਵੇਗਾ।

ਵੋਟਰ ਸੂਚੀਆਂ ਦੇ ਪ੍ਰਕਾਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਰੜਾ ਵੋਟਰ ਸੂਚੀ 3 ਅਗਸਤ 2026 ਨੂੰ ਜਾਰੀ ਕੀਤੀ ਜਾਵੇਗੀ। ਜੇਕਰ ਕੋਈ ਯੋਗ ਵੋਟਰ ਇਸ ਤੋਂ ਪਹਿਲਾਂ ਆਪਣਾ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾ ਸਕਦਾ ਤਾਂ ਉਹ 3 ਅਗਸਤ ਤੋਂ 2 ਸਤੰਬਰ ਤੱਕ ਡੈਕਲਾਰੇਸ਼ਨ ਫਾਰਮ ਦੇ ਨਾਲ ਫਾਰਮ-6 ਭਰ ਕੇ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਯੋਗ ਵੋਟਰ ਦੇ ਲੋਕਤੰਤਰੀ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਆਰ.-2026 ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲੀ ਅਤੇ ਯੋਗ ਵੋਟਰ ਦੀ ਵੋਟ ਕੱਟਣ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਵੀ ਪੱਧਰ ‘ਤੇ ਅਜਿਹੀ ਕੋਸ਼ਿਸ਼ ਹੋਈ ਤਾਂ ਸਰਕਾਰ ਯੋਗ ਕਾਰਵਾਈ ਯਕੀਨੀ ਬਣਾਏਗੀ।

ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਵੋਟ ਦੀ ਤਸਦੀਕ ਸਮੇਂ ਸਿਰ ਕਰਵਾਉਣ, ਤਾਂ ਜੋ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

Leave a Reply

Your email address will not be published. Required fields are marked *