Wednesday, July 29Punjabi People

ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ, ਮਾਨ ਸਰਕਾਰ ਨੇ ਆਪਣੀ ਆਖਰੀ ਚੋਣ ਗਰੰਟੀ ਕੀਤੀ ਪੂਰੀ: ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ, 1 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਰਾਜ ਪੱਧਰੀ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਾ ਵਰਚੂਅਲ ਲਾਈਵ ਸੰਬੋਧਨ ਮਾਲੇਰਕੋਟਲਾ ਦੇ ਸਾਗਰ ਮੈਰਿਜ ਪੈਲੇਸ ਵਿਖੇ ਵੱਡੇ ਪੱਧਰ ‘ਤੇ ਦਿਖਾਇਆ ਗਿਆ, ਜਿਸ ਵਿੱਚ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਬ ਅਲੀ ਰਾਜਾ, ਫਰਿਆਲ ਰਹਿਮਾਨ, ਏ.ਕੇ.ਵਾਈ. ਮੁਨਿਸ ਰਹਿਮਾਨ, ਵੱਖ-ਵੱਖ ਪੰਚਾਇਤੀ ਨੁਮਾਇੰਦੇ, ਕੌਂਸਲਰ, ਪਾਰਟੀ ਆਗੂ, ਮਹਿਲਾਵਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਰਹੇ। ਸਮਾਗਮ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਦੇ ਸੰਬੋਧਨ ਨੂੰ ਉਤਸ਼ਾਹ ਨਾਲ ਸੁਣਿਆ ਅਤੇ ਯੋਜਨਾ ਦਾ ਭਰਪੂਰ ਸਵਾਗਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਲਈ ਕੀਤੇ ਵਾਅਦਿਆਂ ਨੂੰ ਲਗਾਤਾਰ ਅਮਲ ਵਿੱਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾ ਸਿਰਫ਼ ਮਹਿਲਾਵਾਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰੇਗੀ, ਸਗੋਂ ਉਨ੍ਹਾਂ ਦੇ ਸਨਮਾਨ, ਸਵੈ-ਨਿਰਭਰਤਾ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਵੀ ਨਵੀਂ ਦਿਸ਼ਾ ਦੇਵੇਗੀ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਮਾਨ ਸਰਕਾਰ ਵੱਲੋਂ ਚੋਣਾਂ ਦੌਰਾਨ ਮਹਿਲਾਵਾਂ ਨਾਲ ਕੀਤਾ ਗਿਆ ਇੱਕ ਮਹੱਤਵਪੂਰਨ ਵਾਅਦਾ ਸੀ, ਜਿਸ ਨੂੰ ਹੁਣ ਹਕੀਕਤ ਦਾ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਆਰਥਿਕ ਮਦਦ ਦੇਣਾ ਨਹੀਂ, ਸਗੋਂ ਮਹਿਲਾਵਾਂ ਨੂੰ ਸਮਾਜਿਕ ਸੁਰੱਖਿਆ ਅਤੇ ਆਰਥਿਕ ਖੁਦਮੁਖਤਿਆਰੀ ਪ੍ਰਦਾਨ ਕਰਨਾ ਵੀ ਹੈ।

ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਰਕਮ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਜਮ੍ਹਾਂ ਹੋਵੇਗੀ, ਜਿਸ ਨਾਲ ਪੂਰੀ ਪਾਰਦਰਸ਼ਤਾ ਯਕੀਨੀ ਬਣੇਗੀ ਅਤੇ ਵਿਚੋਲਿਆਂ ਦੀ ਭੂਮਿਕਾ ਖਤਮ ਹੋ ਜਾਵੇਗੀ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਯੋਜਨਾ ਪੰਜਾਬ ਦੀਆਂ ਲਗਭਗ 97 ਫ਼ੀਸਦੀ ਮਹਿਲਾਵਾਂ ਨੂੰ ਆਪਣੇ ਦਾਇਰੇ ਵਿੱਚ ਲਿਆਉਂਦੀ ਹੈ, ਜਿਸ ਕਾਰਨ ਇਹ ਦੇਸ਼ ਦੀਆਂ ਸਭ ਤੋਂ ਵੱਡੀਆਂ ਅਤੇ ਵਿਆਪਕ ਮਹਿਲਾ ਭਲਾਈ ਯੋਜਨਾਵਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ।

ਮਾਲੇਰਕੋਟਲਾ ਜ਼ਿਲ੍ਹੇ ਵਿੱਚ ਯੋਜਨਾ ਨੂੰ ਮਿਲੇ ਹੁੰਗਾਰੇ ਬਾਰੇ ਦੱਸਦਿਆਂ ਵਿਧਾਇਕ ਨੇ ਕਿਹਾ ਕਿ ਹੁਣ ਤੱਕ 1,18,936 ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 26,034 ਮਹਿਲਾਵਾਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਮਹਿਲਾਵਾਂ ਇਸ ਯੋਜਨਾ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਨ ਅਤੇ ਸਰਕਾਰ ਦੀ ਇਸ ਪਹਿਲ ‘ਤੇ ਭਰੋਸਾ ਜਤਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਯੋਜਨਾ ਦਾ ਲਾਭ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਮਿਲੇਗਾ। ਹਾਲਾਂਕਿ ਆਮਦਨ ਕਰ ਅਦਾ ਕਰਨ ਵਾਲੀਆਂ, ਮੌਜੂਦਾ ਅਤੇ ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ, ਮੰਤਰੀਆਂ ਅਤੇ ਪੈਨਸ਼ਨਯੋਗ ਸਰਕਾਰੀ ਨੌਕਰੀ ਕਰ ਰਹੀਆਂ ਮਹਿਲਾਵਾਂ ਨੂੰ ਇਸ ਯੋਜਨਾ ਤੋਂ ਬਾਹਰ ਰੱਖਿਆ ਗਿਆ ਹੈ।

ਸਮਾਗਮ ਦੇ ਅੰਤ ਵਿੱਚ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਦੀਆਂ ਯੋਜਨਾਵਾਂ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਇਸੇ ਤਰ੍ਹਾਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਜਿਹੜੀਆਂ ਅਜੇ ਤੱਕ ਰਜਿਸਟਰ ਨਹੀਂ ਹੋਈਆਂ, ਉਹ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਯੋਜਨਾ ਦਾ ਲਾਭ ਲੈਣ।

ਇਸ ਮੌਕੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਕਈ ਚੁਣੇ ਹੋਏ ਨੁਮਾਇੰਦੇ, ਵੱਖ-ਵੱਖ ਬੋਰਡਾਂ ਅਤੇ ਕਮੇਟੀਆਂ ਦੇ ਅਹੁਦੇਦਾਰ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *