
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ 2026: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਹਥਿਆਰ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਨਸ਼ਾ ਛੁਡਾਊ ਕੇਂਦਰ ਦੇ ਸੰਚਾਲਕ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਰਹਿਣ ਵਾਲੇ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਗੁਲਬਾਗ ਸਿੰਘ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਚਲਾ ਰਿਹਾ ਸੀ।
ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮ.ਐਮ. ਗਲੌਕ ਪਿਸਤੌਲ, ਇੱਕ .30 ਬੋਰ ਤੁਰਕੀ ਨਿਰਮਿਤ ਤਿਸਾਸ ਪਿਸਤੌਲ, ਇੱਕ .30 ਬੋਰ ਵਿਸ਼ੇਸ਼ ਤੌਰ ‘ਤੇ ਸੋਧਿਆ ਗਿਆ ਪਿਸਤੌਲ ਅਤੇ ਚਾਰ ਹੋਰ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਦੇ ਨਾਲ ਹੀ 40 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ਾਂ ਵਿੱਚ ਬੈਠੇ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਸਰਹੱਦੀ ਰਸਤੇ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਨੂੰ ਜੋੜਨ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਹਥਿਆਰਾਂ ਦੀ ਸਪਲਾਈ ਲੜੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਮਿਲੀ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਪਹਿਲਾਂ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ ਸੀ। ਇਸ ਤੋਂ ਬਾਅਦ ਲਗਾਤਾਰ ਪੁੱਛਗਿੱਛ ਅਤੇ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ‘ਤੇ ਪੰਜ ਹੋਰ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ, ਜਿਸ ਨਾਲ ਕੁੱਲ ਬਰਾਮਦਗੀ ਸੱਤ ਪਿਸਤੌਲਾਂ ਤੱਕ ਪਹੁੰਚ ਗਈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁੱਖ ਮੁਲਜ਼ਮ ਸੁਰਜੀਤ ਸਿੰਘ ਉਰਫ਼ ਰਾਣਾ ਪਹਿਲਾਂ ਤੋਂ ਹੀ ਤਰਨਤਾਰਨ ਦੇ ਪੁਲਿਸ ਥਾਣਾ ਭਿੱਖੀਵਿੰਡ ਵਿੱਚ ਦਰਜ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਲੋੜੀਂਦਾ ਹੈ। ਇਸ ਤੋਂ ਇਹ ਸੰਕੇਤ ਮਿਲਦੇ ਹਨ ਕਿ ਉਹ ਪਹਿਲਾਂ ਤੋਂ ਹੀ ਸੰਗਠਿਤ ਅਪਰਾਧਿਕ ਗਤੀਵਿਧੀਆਂ ਨਾਲ ਜੁੜਿਆ ਹੋਇਆ ਸੀ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਅਤੇ ਹੋਰ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐਫ.ਆਈ.ਆਰ. ਨੰਬਰ 141, ਮਿਤੀ 24 ਜੂਨ 2026 ਤਹਿਤ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
