Wednesday, July 29Punjabi People

ਚਾਕ ਨਾਲ ‘ਚਿੱਟੇ’ ਨੂੰ ਚੁਣੌਤੀ: ਪੰਜਾਬ ਦੇ ਸਕੂਲ ਬਣੇ ਨਸ਼ਾ ਵਿਰੋਧੀ ਮੁਹਿੰਮ ਦਾ ਕੇਂਦਰ

ਚੰਡੀਗੜ੍ਹ, 2 ਜੁਲਾਈ 2026: ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਮਗਰੋਂ ਪੰਜਾਬ ਦੇ ਸਕੂਲਾਂ ਦੇ ਮੁੜ ਖੁੱਲ੍ਹਣ ਨਾਲ ਹੀ ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਮੈਦਾਨ ਵਿੱਚ ਉਤਰ ਆਏ ਹਨ।

ਹੁਣ ਨਸ਼ਿਆਂ ਖ਼ਿਲਾਫ਼ ਇਹ ਜੰਗ ਸਿਰਫ਼ ਪੁਲਿਸ ਥਾਣਿਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੱਕ ਸੀਮਤ ਨਹੀਂ ਰਹੀ, ਸਗੋਂ ਸਕੂਲਾਂ ਅਤੇ ਕਲਾਸਰੂਮਾਂ ਤੱਕ ਵੀ ਪਹੁੰਚ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਅਧਿਆਪਕਾਂ, ਜਾਗਰੂਕ ਸਕੂਲ ਮੁਖੀਆਂ ਅਤੇ ਸੁਰੱਖਿਅਤ ਸਕੂਲੀ ਮਾਹੌਲ ਰਾਹੀਂ ਵਿਦਿਆਰਥੀਆਂ ਲਈ ਇੱਕ ਮਜ਼ਬੂਤ ਸੁਰੱਖਿਆ ਕਵਚ ਤਿਆਰ ਕੀਤਾ ਜਾ ਰਿਹਾ ਹੈ। ਬੱਚਿਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਾਨਸਿਕ ਤਣਾਅ ਨਾਲ ਨਜਿੱਠਣ ਦੇ ਹੁਨਰ ਸਿਖਾਏ ਜਾ ਰਹੇ ਹਨ ਅਤੇ ਗੁਪਤ ਤੌਰ ’ਤੇ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ।

ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਉਨ੍ਹਾਂ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਸਿਖਲਾਈ ਦੇ ਰਹੀ ਹੈ, ਜੋ ਹਰ ਰੋਜ਼ ਕਿਸ਼ੋਰ ਉਮਰ ਦੇ ਵਿਦਿਆਰਥੀਆਂ ਨਾਲ ਸਿੱਧੇ ਸੰਪਰਕ ਵਿੱਚ ਰਹਿੰਦੇ ਹਨ। ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਦੇ ਮਾਹਿਰਾਂ ਦੇ ਸਹਿਯੋਗ ਨਾਲ ਨੌਂ ਜ਼ਿਲ੍ਹਿਆਂ, ਖ਼ਾਸ ਕਰਕੇ ਸਰਹੱਦੀ ਖੇਤਰਾਂ, ਦੇ 1,400 ਤੋਂ ਵੱਧ ਸਕੂਲ ਮੁਖੀਆਂ ਨੂੰ ਨਸ਼ਿਆਂ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ, ਹਮਦਰਦੀ ਨਾਲ ਦਖ਼ਲਅੰਦਾਜ਼ੀ ਕਰਨ ਅਤੇ ਮਾਨਸਿਕ ਸਿਹਤ ਨੂੰ ਜਨ ਸਿਹਤ ਦੇ ਨਜ਼ਰੀਏ ਨਾਲ ਸਮਝਣ ਬਾਰੇ ਸਿਖਲਾਈ ਦਿੱਤੀ ਗਈ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਜਮਾਤ 9 ਤੋਂ 12 ਤੱਕ ਦੇ 3,000 ਤੋਂ ਵੱਧ ਅਧਿਆਪਕਾਂ ਲਈ ਸਮਰੱਥਾ ਨਿਰਮਾਣ ਵਰਕਸ਼ਾਪਾਂ ਕਰਵਾਈਆਂ ਗਈਆਂ। ਇਨ੍ਹਾਂ ਵਰਕਸ਼ਾਪਾਂ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆਏ ਹਨ। ਸਿਖਲਾਈ ਤੋਂ ਬਾਅਦ 75 ਫ਼ੀਸਦੀ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲਾਂ ਵਿੱਚ ਸਿਹਤਮੰਦ ਮਾਹੌਲ ਸਿਰਜਣ ਦੀ ਪ੍ਰੇਰਣਾ ਮਿਲੀ, ਜਦਕਿ 85 ਫ਼ੀਸਦੀ ਨੇ ਮੰਨਿਆ ਕਿ ਕਿਸ਼ੋਰਾਂ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਮੁੱਖ ਕਾਰਨ ਤਣਾਅ, ਹਾਣੀਆਂ ਦਾ ਦਬਾਅ ਅਤੇ ਭਾਵਨਾਤਮਕ ਚੁਣੌਤੀਆਂ ਹਨ। ਹੁਣ ਇਸ ਪ੍ਰੋਗਰਾਮ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੱਕ ਵਿਸਤਾਰਿਆ ਜਾ ਰਿਹਾ ਹੈ।

ਸਰਕਾਰ ਸਕੂਲਾਂ ਵਿੱਚ ਕੇਵਲ ਜਾਗਰੂਕਤਾ ਤੱਕ ਹੀ ਸੀਮਤ ਨਹੀਂ ਹੈ, ਸਗੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਮਜ਼ਬੂਤ ਕਰਨ ਲਈ ਵੀ ਕਦਮ ਚੁੱਕ ਰਹੀ ਹੈ। ਇਸੇ ਤਹਿਤ ਸਰਕਾਰੀ ਸਕੂਲਾਂ ਵਿੱਚ ਜਮਾਤ 6 ਤੋਂ 12 ਤੱਕ ਦੇ ਵਿਦਿਆਰਥੀਆਂ ਲਈ ਮਾਈਂਡਫੁਲਨੈੱਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਹਰ ਰੋਜ਼ 30 ਮਿੰਟ ਦੇ ਇਸ ਸੈਸ਼ਨ ਵਿੱਚ ਸਾਹ ਲੈਣ ਦੀਆਂ ਕਸਰਤਾਂ, ਧਿਆਨ, ਸਕਾਰਾਤਮਕ ਸੋਚ ਅਤੇ ਸ਼ੁਕਰਗੁਜ਼ਾਰੀ ਵਰਗੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੀ ਇਕਾਗਰਤਾ, ਭਾਵਨਾਤਮਕ ਮਜ਼ਬੂਤੀ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਮੋਹਾਲੀ ਦੇ ਕਰੀਬ 210 ਸਰਕਾਰੀ ਸਕੂਲਾਂ ਵਿੱਚ ਪਾਇਲਟ ਆਧਾਰ ’ਤੇ ਚਲਾਏ ਗਏ ਇਸ ਪ੍ਰੋਗਰਾਮ ਦੇ ਨਤੀਜੇ ਵੀ ਹੌਸਲਾ ਅਫ਼ਜ਼ਾਈ ਕਰਨ ਵਾਲੇ ਰਹੇ ਹਨ। 83 ਫ਼ੀਸਦੀ ਵਿਦਿਆਰਥੀਆਂ ਨੇ ਦੱਸਿਆ ਕਿ ਹੁਣ ਉਹ ਮੁਸ਼ਕਲ ਹਾਲਾਤਾਂ ਨਾਲ ਪਹਿਲਾਂ ਨਾਲੋਂ ਵਧੇਰੇ ਆਤਮ-ਵਿਸ਼ਵਾਸ ਨਾਲ ਨਜਿੱਠਦੇ ਹਨ ਅਤੇ ਘੱਟ ਤਣਾਅ ਮਹਿਸੂਸ ਕਰਦੇ ਹਨ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਬਚਾਇਆ ਗਿਆ ਹਰ ਬੱਚਾ ਇੱਕ ਸੁਰੱਖਿਅਤ ਪਰਿਵਾਰ ਅਤੇ ਮਜ਼ਬੂਤ ਸਮਾਜ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਨਸ਼ਿਆਂ ਦੇ ਨੁਕਸਾਨਾਂ ਬਾਰੇ ਚੇਤਾਵਨੀ ਦੇਣਾ ਨਹੀਂ, ਸਗੋਂ ਬੱਚਿਆਂ ਨੂੰ ਸਹੀ ਫ਼ੈਸਲੇ ਲੈਣ ਲਈ ਲੋੜੀਂਦਾ ਗਿਆਨ, ਸਮਝ ਅਤੇ ਜੀਵਨ ਕੌਸ਼ਲ ਪ੍ਰਦਾਨ ਕਰਨਾ ਵੀ ਹੈ।

ਪੰਜਾਬ ਨੇ ਰੋਕਥਾਮ ਦੀ ਆਪਣੀ ਰਣਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਜਮਾਤ 9 ਤੋਂ 12 ਦੇ ਵਿਦਿਆਰਥੀਆਂ ਲਈ ਦੇਸ਼ ਦਾ ਪਹਿਲਾ ਸਬੂਤ-ਆਧਾਰਿਤ ਰਾਜ ਪੱਧਰੀ ਨਸ਼ਾ ਵਿਰੋਧੀ ਪਾਠਕ੍ਰਮ ਵੀ ਸ਼ੁਰੂ ਕੀਤਾ ਹੈ। ਪਿਛਲੇ ਸਾਲ ਅਗਸਤ ਵਿੱਚ ਸ਼ੁਰੂ ਹੋਏ ਇਸ ਪ੍ਰੋਗਰਾਮ ਤਹਿਤ 3,658 ਸਕੂਲਾਂ ਦੇ ਲਗਭਗ 8 ਲੱਖ ਵਿਦਿਆਰਥੀਆਂ ਨੂੰ 6,500 ਤੋਂ ਵੱਧ ਸਿਖਲਾਈ ਪ੍ਰਾਪਤ ਅਧਿਆਪਕ ਪੜ੍ਹਾ ਰਹੇ ਹਨ।

ਜੇ-ਪਾਲ ਸਾਊਥ ਏਸ਼ੀਆ ਅਤੇ ਵਿਹਾਰ ਵਿਗਿਆਨ ਦੇ ਮਾਹਿਰਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਇਸ ਪਾਠਕ੍ਰਮ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ, ਹਾਣੀਆਂ ਦੇ ਦਬਾਅ ਨਾਲ ਨਜਿੱਠਣ, ਸਹੀ ਫ਼ੈਸਲੇ ਲੈਣ ਅਤੇ ਨਸ਼ਿਆਂ ਨੂੰ ਦ੍ਰਿੜ੍ਹਤਾ ਨਾਲ ਨਾਂਹ ਕਹਿਣ ਦੇ ਵਿਹਾਰਕ ਹੁਨਰ ਸਿਖਾਏ ਜਾਂਦੇ ਹਨ।

ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ ਅਧਿਆਪਕਾ ਬਲਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਇਸ ਮੁਹਿੰਮ ਨੂੰ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚੇ ਕਲਾਸਰੂਮ ਅਤੇ ਸਕੂਲ ਪੱਧਰ ਦੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ, ਜਿਸ ਨਾਲ ਭਰੋਸਾ ਬਣਦਾ ਹੈ ਕਿ ਉਹ ਭਵਿੱਖ ਵਿੱਚ ਨਸ਼ਿਆਂ ਤੋਂ ਦੂਰ ਰਹਿਣਗੇ।

ਵਿਦਿਆਰਥੀਆਂ ਲਈ ਸੁਰੱਖਿਅਤ ਮਦਦ ਪ੍ਰਣਾਲੀ ਦੇ ਤੌਰ ’ਤੇ ਸਕੂਲਾਂ ਵਿੱਚ ਗੁਮਨਾਮ ਸ਼ਿਕਾਇਤ ਪੇਟੀਆਂ ਵੀ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਉਹ ਬਿਨਾਂ ਕਿਸੇ ਡਰ ਜਾਂ ਪਛਾਣ ਜ਼ਾਹਿਰ ਕੀਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਚਿੰਤਾ ਬਾਰੇ ਜਾਣਕਾਰੀ ਦੇ ਸਕਦੇ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਉਪਰਾਲੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਹਮੇਸ਼ਾ ਸਮਾਜਿਕ ਬਦਲਾਅ ਦੇ ਮਜ਼ਬੂਤ ਵਾਹਕ ਰਹੇ ਹਨ ਅਤੇ ਹੁਣ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਵੀ ਕੇਂਦਰੀ ਭੂਮਿਕਾ ਨਿਭਾ ਰਹੇ ਹਨ।

ਦੇਸ਼ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸਥਾਨ ਹਾਸਲ ਕਰਨ ਤੋਂ ਬਾਅਦ ਹੁਣ ਪੰਜਾਬ ਨਸ਼ਿਆਂ ਦੀ ਰੋਕਥਾਮ ਦੇ ਖੇਤਰ ਵਿੱਚ ਵੀ ਇੱਕ ਨਵਾਂ ਮਾਡਲ ਸਥਾਪਤ ਕਰ ਰਿਹਾ ਹੈ। ਇਹ ਪਹਿਲ ਦਰਸਾਉਂਦੀ ਹੈ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਕਾਨੂੰਨੀ ਕਾਰਵਾਈ ਨਾਲ ਹੀ ਨਹੀਂ, ਸਗੋਂ ਸਿੱਖਿਆ, ਜਾਗਰੂਕਤਾ, ਵਿਗਿਆਨਕ ਸੋਚ ਅਤੇ ਸਮੇਂ ਸਿਰ ਰੋਕਥਾਮ ਰਾਹੀਂ ਵੀ ਜਿੱਤੀ ਜਾ ਸਕਦੀ ਹੈ। ਅਧਿਆਪਕਾਂ, ਸਕੂਲ ਮੁਖੀਆਂ ਅਤੇ ਕਲਾਸਰੂਮਾਂ ਨੂੰ ਇਸ ਮੁਹਿੰਮ ਦਾ ਕੇਂਦਰ ਬਣਾਕੇ ਪੰਜਾਬ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਪਹਿਲਾਂ ਹੀ ਸੁਰੱਖਿਅਤ ਕਰਨ ਵੱਲ ਇੱਕ ਮਜ਼ਬੂਤ ਕਦਮ ਚੁੱਕ ਰਿਹਾ ਹੈ।

Leave a Reply

Your email address will not be published. Required fields are marked *