
ਕੋਟਕਪੂਰਾ, 6 ਜੁਲਾਈ 2026: ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਸਮਰਪਿਤ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕਰਵਾਏ ਗਏ ‘ਮੇਲਾ ਖੂਨਦਾਨੀਆਂ ਦਾ’ ਵਿਸ਼ਾਲ ਖੂਨਦਾਨ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਵਿਸ਼ਾਲ ਸਮਾਜ ਸੇਵੀ ਉਪਰਾਲੇ ਦੌਰਾਨ ਵੱਖ-ਵੱਖ ਸਰਕਾਰੀ ਅਤੇ ਨਿੱਜੀ ਬਲੱਡ ਬੈਂਕਾਂ ਦੀਆਂ ਟੀਮਾਂ ਨੇ ਮਿਲ ਕੇ 1,875 ਯੂਨਿਟ ਖੂਨ ਇਕੱਤਰ ਕੀਤਾ, ਜੋ ਲੋੜਵੰਦ ਮਰੀਜ਼ਾਂ ਲਈ ਇੱਕ ਅਹਿਮ ਯੋਗਦਾਨ ਮੰਨਿਆ ਜਾ ਰਿਹਾ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੂਨਦਾਨ ਨੂੰ ਸਭ ਤੋਂ ਉੱਚੀ ਮਨੁੱਖੀ ਸੇਵਾ ਕਰਾਰ ਦਿੰਦਿਆਂ ਕਿਹਾ ਕਿ ਇਹ ਅਜਿਹਾ ਦਾਨ ਹੈ, ਜੋ ਕਿਸੇ ਅਣਜਾਣ ਵਿਅਕਤੀ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ ‘ਤੇ ਖੂਨਦਾਨ ਕਰਨ ਦੀ ਆਦਤ ਬਣਾਉਣੀ ਚਾਹੀਦੀ ਹੈ, ਕਿਉਂਕਿ ਖੂਨ ਦਾ ਕੋਈ ਬਦਲ ਨਹੀਂ ਹੈ ਅਤੇ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਇਹੀ ਦਾਨ ਕਿਸੇ ਪਰਿਵਾਰ ਲਈ ਆਸ ਦੀ ਕਿਰਨ ਬਣਦਾ ਹੈ।
ਸਪੀਕਰ ਨੇ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਲੰਬੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ। ਇਸ ਮੌਕੇ ਉਨ੍ਹਾਂ ਕਲੱਬ ਦੀਆਂ ਸਮਾਜ ਭਲਾਈ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।
ਪੀ.ਬੀ.ਜੀ. ਵੈਲਫੇਅਰ ਕਲੱਬ ਦੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਖੂਨਦਾਨ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ, ਮਹਿਲਾਵਾਂ ਅਤੇ ਹੋਰ ਖੂਨਦਾਨੀਆਂ ਨੇ ਪੂਰੇ ਉਤਸ਼ਾਹ ਨਾਲ ਖੂਨਦਾਨ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਪ੍ਰਤੀ ਲੋਕਾਂ ਵਿੱਚ ਵਧ ਰਹੀ ਜਾਗਰੂਕਤਾ ਸਮਾਜ ਲਈ ਇੱਕ ਸਕਾਰਾਤਮਕ ਸੰਕੇਤ ਹੈ ਅਤੇ ਇਹ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਖੂਨਦਾਨੀਆਂ ਅਤੇ ਆਏ ਹੋਏ ਮਹਿਮਾਨਾਂ ਲਈ ਫਲ, ਪੌਸ਼ਟਿਕ ਨਾਸ਼ਤਾ, ਚਾਹ, ਦੁੱਧ, ਕੌਫੀ, ਛਬੀਲ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਸ ਸੇਵਾ ਕਾਰਜ ਵਿੱਚ ਨੇੜਲੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ, ਸ਼ਹਿਰ ਦੇ ਕੌਂਸਲਰਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਵੱਖ-ਵੱਖ ਸਭਾ-ਸੁਸਾਇਟੀਆਂ, ਕਲੱਬਾਂ, ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨੇ ਵੀ ਭਰਪੂਰ ਸਹਿਯੋਗ ਦਿੱਤਾ।
ਸਮਾਗਮ ਦੌਰਾਨ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸ਼ਖ਼ਸੀਅਤਾਂ ਅਤੇ ਖੂਨਦਾਨੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਚੇਅਰਮੈਨ ਬਲਜੀਤ ਸਿੰਘ ਖੀਵਾ, ਪ੍ਰੋਜੈਕਟ ਇੰਚਾਰਜ ਰਵੀ ਅਰੋੜਾ, ਸ਼ਹਿਬਾਜ਼ ਸਿੰਘ ਸੰਧੂ, ਅਨੂਪ੍ਰਤਾਪ ਸਿੰਘ ਬਰਾੜ, ਬਾਬਾ ਕੁਲਵੰਤ ਸਿੰਘ ਚਾਣਕੀਆ, ਮੇਜਰ ਅਮਿਤ ਸਰੀਨ, ਡਾ. ਰਵੀ ਬਾਂਸਲ, ਡਾ. ਮਨਜੀਤ ਸਿੰਘ ਢਿੱਲੋਂ, ਪ੍ਰਧਾਨ ਮਨਜੀਤ ਨੰਗਲ, ਓਮਕਾਰ ਗੋਇਲ, ਕੁਲਵਿੰਦਰ ਵਿਰਕ, ਵਿੱਕੀ ਬਾਲੀਵੁੱਡ, ਮਨਦੀਪ ਸਿੰਘ ਮੌਂਗਾ, ਸੁਮਿਤ ਸਿੰਘ ਬਰਾੜ ਸਮੇਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਪ੍ਰਸ਼ਾਸਨਿਕ ਖੇਤਰਾਂ ਨਾਲ ਸਬੰਧਤ ਪਤਵੰਤੇ ਵੀ ਹਾਜ਼ਰ ਸਨ।
