Wednesday, July 29Punjabi People

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਮਾਨ ਸਰਕਾਰ ਦੀ ਵਿਸ਼ੇਸ਼ ਪਹਿਲ, 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਚੰਡੀਗੜ੍ਹ, 7 ਜੁਲਾਈ 2026: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਨੂੰ ਸੂਬੇ ਦੇ ਹਰ ਪਿੰਡ ਤੱਕ ਪਹੁੰਚਾਉਣ ਲਈ ਮੋਬਾਈਲ ਐਲਈਡੀ ਵੈਨਾਂ ਰਾਹੀਂ ਦਸਤਾਵੇਜ਼ੀ ਫ਼ਿਲਮਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ—ਪਿਆਰ, ਭਗਤੀ, ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਦੱਸਿਆ ਕਿ ਡਿਜੀਟਲ ਤਕਨਾਲੋਜੀ ਨਾਲ ਲੈਸ ਮੋਬਾਈਲ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਕਰੀਬ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸ ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਦਰਸਾਇਆ ਗਿਆ ਹੈ।

ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੱਧਰ ‘ਤੇ ਮਨਾਉਣਾ ਹੈ, ਤਾਂ ਜੋ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਫ਼ਲਸਫ਼ੇ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਸ ਮਹਾਨ ਪੁਰਬ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਸ ਤਹਿਤ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ। ਇਸ ਤੋਂ ਇਲਾਵਾ ਪੰਜਾਬ ਦੇ ਸ਼ਰਧਾਲੂਆਂ ਲਈ ਤੀਰਥ ਯਾਤਰਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਰਾਹੀਂ ਉਹ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਦੇ ਦਰਸ਼ਨ ਕਰ ਸਕਣਗੇ।

ਵਿਦਿਅਕ ਸੰਸਥਾਵਾਂ ਵਿੱਚ ਹੋਣਗੇ ਵਿਸ਼ੇਸ਼ ਸੈਮੀਨਾਰ

ਸੈਰ-ਸਪਾਟਾ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਗੁਰੂ ਜੀ ਦੇ ਸਮਾਨਤਾ, ਸਦਭਾਵਨਾ ਅਤੇ ਨੈਤਿਕ ਜੀਵਨ ਦੇ ਸਿਧਾਂਤਾਂ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ।

ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ 6.5 ਲੱਖ ਬੂਟੇ

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਕੁਦਰਤ, ਮਨੁੱਖਤਾ ਅਤੇ ਸਾਂਝੀ ਭਲਾਈ ਦਾ ਸੰਦੇਸ਼ ਦਿੱਤਾ ਸੀ, ਇਸ ਲਈ ਵਾਤਾਵਰਣ ਦੀ ਰੱਖਿਆ ਲਈ ਇਹ ਮੁਹਿੰਮ ਇੱਕ ਮਹੱਤਵਪੂਰਨ ਕਦਮ ਹੋਵੇਗੀ।

ਸਾਲ ਭਰ ਚੱਲਣਗੇ ਵੱਖ-ਵੱਖ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਵਿੱਚ ਖੂਨਦਾਨ ਕੈਂਪ, ਮੈਰਾਥਨ ਦੌੜਾਂ, ਸਾਈਕਲ ਰੈਲੀਆਂ, ਕੀਰਤਨ ਸਮਾਗਮ ਅਤੇ ਹੋਰ ਸਮਾਜਿਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਸਮਾਗਮਾਂ ਦਾ ਮਕਸਦ ਸਿਰਫ਼ ਇੱਕ ਇਤਿਹਾਸਕ ਦਿਹਾੜੇ ਨੂੰ ਮਨਾਉਣਾ ਨਹੀਂ, ਸਗੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਮਨੁੱਖਤਾ, ਬਰਾਬਰੀ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ।

Leave a Reply

Your email address will not be published. Required fields are marked *