
ਚੰਡੀਗੜ੍ਹ/ਮੋਹਾਲੀ, 8 ਜੁਲਾਈ 2026: ਪੰਜਾਬ ਵਿੱਚ ਬਜ਼ੁਰਗ ਨਾਗਰਿਕਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਸੁਖਦ ਜੀਵਨ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਤਿਆਰ ਕੀਤਾ ਜਾ ਰਿਹਾ ਹੈ।
ਇਸ ਪ੍ਰੋਜੈਕਟ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੇ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਜੀਵਨ ਸਹੂਲਤਾਂ ਦੇਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਸਨਮਾਨ, ਸੁਰੱਖਿਆ ਅਤੇ ਦੇਖਭਾਲ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਪੂੰਜੀ ਹਨ, ਜਿਨ੍ਹਾਂ ਦਾ ਤਜਰਬਾ ਅਤੇ ਮਾਰਗਦਰਸ਼ਨ ਨਵੀਂ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ।
ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਿਰਫ਼ ਇੱਕ ਇਮਾਰਤ ਨਹੀਂ ਹੋਵੇਗੀ, ਸਗੋਂ ਅਜਿਹਾ ਸੁਰੱਖਿਅਤ ਘਰ ਹੋਵੇਗਾ ਜਿੱਥੇ ਬੇਸਹਾਰਾ ਜਾਂ ਇਕੱਲੇ ਰਹਿ ਰਹੇ ਬਜ਼ੁਰਗਾਂ ਨੂੰ ਰਹਿਣ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਨਾਲ ਸਨਮਾਨ ਅਤੇ ਪਰਿਵਾਰਕ ਮਾਹੌਲ ਪ੍ਰਦਾਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਬਜ਼ੁਰਗਾਂ ਨੂੰ ਇਕੱਲੇਪਨ ਅਤੇ ਅਸੁਰੱਖਿਆ ਦੀ ਭਾਵਨਾ ਤੋਂ ਦੂਰ ਰੱਖਣਾ ਹੈ। ਇਹ ਸੀਨੀਅਰ ਸਿਟੀਜ਼ਨ ਹੋਮ ਉਨ੍ਹਾਂ ਲਈ ਸਹਾਰੇ ਦਾ ਇੱਕ ਮਜ਼ਬੂਤ ਕੇਂਦਰ ਬਣੇਗਾ, ਜਿੱਥੇ ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ ਨੂੰ ਆਰਾਮ, ਸੁਰੱਖਿਆ ਅਤੇ ਮਾਣ-ਸਨਮਾਨ ਨਾਲ ਬਤੀਤ ਕਰ ਸਕਣਗੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਧਿਆਨ ਸਿਰਫ਼ ਬੁਨਿਆਦੀ ਢਾਂਚਾ ਤਿਆਰ ਕਰਨ ਤੱਕ ਸੀਮਿਤ ਨਹੀਂ ਹੈ, ਬਲਕਿ ਅਜਿਹੀਆਂ ਸਹੂਲਤਾਂ ਬਣਾਉਣਾ ਹੈ ਜਿੱਥੇ ਬਜ਼ੁਰਗਾਂ ਨੂੰ ਪਿਆਰ, ਦੇਖਭਾਲ ਅਤੇ ਆਪਣਾਪਣ ਮਹਿਸੂਸ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਪੰਜਾਬ ਦਾ ਕੋਈ ਵੀ ਬਜ਼ੁਰਗ ਜੀਵਨ ਦੇ ਆਖ਼ਰੀ ਪੜਾਅ ਵਿੱਚ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ।
