Wednesday, July 29Punjabi People

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 8 ਜੁਲਾਈ 2026: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵਿਭਾਗ ਦੇ 52 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਕਰਮਚਾਰੀਆਂ ਦੀ ਭਰਤੀ ਨਾਲ ਵਿਭਾਗ ਵਿੱਚ ਮਾਨਵ ਸ਼ਕਤੀ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਭਵਿੱਖ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਵੀ ਤੇਜ਼ੀ ਆਵੇਗੀ।

ਉਨ੍ਹਾਂ ਦੱਸਿਆ ਕਿ 52 ਉਮੀਦਵਾਰਾਂ ਦੀ ਇਹ ਭਰਤੀ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਵ-ਨਿਯੁਕਤ ਕਰਮਚਾਰੀਆਂ ਵਿੱਚ 3 ਜੂਨੀਅਰ ਨਕਸ਼ਾ ਨਵੀਸ, 9 ਕਲਰਕ, 31 ਸੇਵਾਦਾਰ, 1 ਸਫ਼ਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਹੈਲਪਰ ਟੈਕਨੀਸ਼ੀਅਨ ਸ਼ਾਮਲ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਸਿਰਫ਼ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਕਰਮਚਾਰੀ ਆਪਣੀ ਯੋਗਤਾ ਅਤੇ ਮਿਹਨਤ ਨਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਪਾਰਦਰਸ਼ੀ ਢੰਗ ਨਾਲ ਭਰਤੀ ਪ੍ਰਕਿਰਿਆ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੀ ਸਾਲ 2022 ਤੋਂ ਹੁਣ ਤੱਕ ਵੱਖ-ਵੱਖ ਸ਼੍ਰੇਣੀਆਂ ਵਿੱਚ ਕੁੱਲ 520 ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਅੱਜ ਕੀਤੀਆਂ 52 ਨਿਯੁਕਤੀਆਂ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਹੋਈਆਂ 468 ਨਿਯੁਕਤੀਆਂ ਵਿੱਚ 44 ਉਪ ਮੰਡਲ ਇੰਜੀਨੀਅਰ, 97 ਜੂਨੀਅਰ ਇੰਜੀਨੀਅਰ, 81 ਜੂਨੀਅਰ ਨਕਸ਼ਾ ਨਵੀਸ, 41 ਕਲਰਕ, 27 ਸਟੈਨੋਟਾਈਪਿਸਟ, 25 ਜੂਨੀਅਰ ਟੈਕਨੀਸ਼ੀਅਨ, 76 ਹੈਲਪਰ ਟੈਕਨੀਕਲ, 71 ਸੇਵਾਦਾਰ, 1 ਚੌਕੀਦਾਰ ਅਤੇ 5 ਸਫ਼ਾਈ ਸੇਵਕ ਸ਼ਾਮਲ ਹਨ। ਇਹ ਸਾਰੇ ਕਰਮਚਾਰੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਕਰਮਚਾਰੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕ ਸੇਵਾ ਅਤੇ ਵਿਭਾਗ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।

Leave a Reply

Your email address will not be published. Required fields are marked *