Wednesday, July 29Punjabi People

ਆਧੁਨਿਕ ਆਂਗਣਵਾੜੀ ਕੇਂਦਰਾਂ ਨਾਲ ਬਚਪਨ ਦੀ ਸਿੱਖਿਆ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਮਿਲੇਗਾ ਨਵਾਂ ਹੁਲਾਰਾ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਜੁਲਾਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਬੱਚਿਆਂ ਨੂੰ ਮਿਆਰੀ ਸ਼ੁਰੂਆਤੀ ਸਿੱਖਿਆ, ਬਿਹਤਰ ਪੋਸ਼ਣ ਅਤੇ ਸੁਰੱਖਿਅਤ ਸਿੱਖਣ ਦਾ ਮਾਹੌਲ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਰਾਜ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਟੀਚਾ ਹਰ ਬੱਚੇ ਤੱਕ ਉੱਚ ਗੁਣਵੱਤਾ ਵਾਲੀ ਬਚਪਨ ਦੀ ਦੇਖਭਾਲ ਅਤੇ ਖੇਡ-ਅਧਾਰਿਤ ਸਿੱਖਿਆ ਪਹੁੰਚਾਉਣਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੁੱਲ 1,024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। ਇਨ੍ਹਾਂ ਵਿੱਚੋਂ 892 ਕੇਂਦਰਾਂ ਦੀ ਉਸਾਰੀ ਪੂਰੀ ਹੋ ਚੁੱਕੀ ਹੈ, ਜਦਕਿ ਬਾਕੀ 132 ਕੇਂਦਰ ਨਿਰਮਾਣ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਬੱਚੇ ਨੂੰ, ਚਾਹੇ ਉਹ ਕਿਸੇ ਵੀ ਸਮਾਜਿਕ ਜਾਂ ਆਰਥਿਕ ਪਿਛੋਕੜ ਨਾਲ ਸਬੰਧਤ ਹੋਵੇ, ਇੱਕ ਸੁਰੱਖਿਅਤ, ਆਧੁਨਿਕ ਅਤੇ ਬਾਲ-ਅਨੁਕੂਲ ਵਾਤਾਵਰਣ ਵਿੱਚ ਸਿੱਖਣ ਅਤੇ ਵਿਕਾਸ ਕਰਨ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਇਹ ਆਂਗਣਵਾੜੀ ਕੇਂਦਰ ਬੱਚਿਆਂ ਨੂੰ ਅਜਿਹਾ ਸਿੱਖਣ ਦਾ ਮਾਹੌਲ ਪ੍ਰਦਾਨ ਕਰਨਗੇ ਜੋ ਕਈ ਪੱਖੋਂ ਉੱਚ ਪੱਧਰੀ ਪ੍ਰਾਈਵੇਟ ਸਕੂਲਾਂ ਦੇ ਮਾਪਦੰਡਾਂ ਨਾਲ ਮੇਲ ਖਾਂਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਚਪਨ ਦੀ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਆਰਥਿਕ ਤੰਗੀ ਜਾਂ ਸਮਾਜਿਕ ਪਿਛੋਕੜ ਕਾਰਨ ਮਿਆਰੀ ਸ਼ੁਰੂਆਤੀ ਸਿੱਖਿਆ ਤੋਂ ਵਾਂਝਾ ਨਾ ਰਹੇ। ਇਸ ਲਈ ਲੋੜੀਂਦੇ ਵਿੱਤੀ ਸਰੋਤ ਉਪਲਬਧ ਕਰਵਾਉਣ ਵਿੱਚ ਵੀ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸੁਰੱਖਿਅਤ, ਸਾਫ਼-ਸੁਥਰਾ ਅਤੇ ਰਚਨਾਤਮਕ ਮਾਹੌਲ ਬਹੁਤ ਜ਼ਰੂਰੀ ਹੈ। ਇਨ੍ਹਾਂ ਨਵੇਂ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਖੇਡ-ਅਧਾਰਿਤ ਸਿੱਖਣ, ਰਚਨਾਤਮਕ ਗਤੀਵਿਧੀਆਂ ਅਤੇ ਸਮੁੱਚੇ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਉਹ ਆਪਣੀ ਪੂਰੀ ਸਮਰੱਥਾ ਨਾਲ ਅੱਗੇ ਵਧ ਸਕਣ।

ਉਨ੍ਹਾਂ ਕਿਹਾ ਕਿ ਇਹ ਆਂਗਣਵਾੜੀ ਕੇਂਦਰ ਸਿਰਫ਼ ਨਵੀਆਂ ਇਮਾਰਤਾਂ ਨਹੀਂ, ਸਗੋਂ ਹਜ਼ਾਰਾਂ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੇ ਵਿਕਾਸ ਕੇਂਦਰ ਹਨ। ਖ਼ਾਸ ਕਰਕੇ ਪੇਂਡੂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਲਈ ਇਹ ਕੇਂਦਰ ਮਿਆਰੀ ਸਿੱਖਿਆ ਅਤੇ ਬਿਹਤਰ ਪੋਸ਼ਣ ਦੀ ਨਵੀਂ ਉਮੀਦ ਬਣਨਗੇ।

ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਕੇਂਦਰ ਕੁਪੋਸ਼ਣ ਦੀ ਸਮੱਸਿਆ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਉਨ੍ਹਾਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇੱਥੇ ਬੱਚਿਆਂ ਨੂੰ ਪੌਸ਼ਟਿਕ ਆਹਾਰ, ਸਿਹਤ ਸਬੰਧੀ ਸੇਵਾਵਾਂ ਅਤੇ ਸ਼ੁਰੂਆਤੀ ਸਿੱਖਿਆ ਇੱਕੋ ਥਾਂ ‘ਤੇ ਉਪਲਬਧ ਹੋਵੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਤਿਆਰ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਲ-ਅਨੁਕੂਲ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ। ਮਿਸ਼ਨ ਸੱਖਮ ਤਹਿਤ ਹਰ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਦੀ ਰਕਮ ਨਿਰਧਾਰਤ ਕੀਤੀ ਗਈ ਹੈ, ਜਿਸ ਨਾਲ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਵਿਵਸਥਾ, ਆਧੁਨਿਕ ਸੈਨੇਟੇਸ਼ਨ ਸਹੂਲਤਾਂ, ਉਚਿਤ ਬੈਠਣ ਦੀ ਵਿਵਸਥਾ ਅਤੇ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਆਧੁਨਿਕ ਸਿੱਖਣ ਵਾਲਾ ਮਾਹੌਲ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਲੰਬੇ ਸਮੇਂ ਦਾ ਟੀਚਾ ਹਰ ਬੱਚੇ ਨੂੰ ਬਚਪਨ ਤੋਂ ਹੀ ਮਜ਼ਬੂਤ ਨੀਂਹ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਸਿੱਖਿਆ, ਸਿਹਤ ਅਤੇ ਵਿਅਕਤੀਗਤ ਵਿਕਾਸ ਦੇ ਹਰ ਖੇਤਰ ਵਿੱਚ ਅੱਗੇ ਵਧ ਸਕੇ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦੇ ਭਵਿੱਖ ਨੂੰ ਹੋਰ ਮਜ਼ਬੂਤ ਬਣਾ ਸਕੇ।

Leave a Reply

Your email address will not be published. Required fields are marked *