Saturday, September 12Punjabi People

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਦੀ ਵੱਲੋਂ ਸੋਲੀ ਪਿੰਡ ਵਾਸੀਆਂ ਨੂੰ ਜਨਤਕ ਮੀਟਿੰਗ ਦੌਰਾਨ ਵੱਡੀ ਸੌਗਾਤ

ਹੁਸ਼ਿਆਰਪੁਰ, 9 ਜੁਲਾਈ 2026: ਸੋਲੀ ਪਿੰਡ ਵਿੱਚ ਕਰਵਾਈ ਗਈ ਜਨਤਕ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌਦੀ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ।

ਉਨ੍ਹਾਂ ਕਿਹਾ ਕਿ ਜਨਤਕ ਮੀਟਿੰਗਾਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਆਪਣੇ ਖੇਤਰ ਵਿੱਚ ਜਾ ਕੇ ਸੁਣਨਾ ਅਤੇ ਉਨ੍ਹਾਂ ਦਾ ਜਲਦ ਹੱਲ ਯਕੀਨੀ ਬਣਾਉਣਾ ਹੈ, ਤਾਂ ਜੋ ਆਮ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।

ਇਸ ਮੌਕੇ ਡਿਪਟੀ ਸਪੀਕਰ ਨੇ ਸੋਲੀ ਪਿੰਡ ਦੇ ਵਿਕਾਸ ਲਈ ਇੱਕ ਵੱਡਾ ਐਲਾਨ ਕਰਦਿਆਂ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਰਕਮ ਨਾਲ ਪਿੰਡ ਦੀਆਂ ਖਰਾਬ ਹੋ ਚੁੱਕੀਆਂ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।

ਸ. ਰੌਦੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਹਲਕੇ ਦੇ ਹਰ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਡਿਪਟੀ ਸਪੀਕਰ ਨੇ ਕਿਹਾ ਕਿ ਸੜਕਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਕਾਸ ਪਿੰਡਾਂ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕੇ ਦੇ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਲੋਕ ਹਿੱਤ ਨਾਲ ਜੁੜੇ ਹੋਰ ਪ੍ਰਾਜੈਕਟ ਲਿਆਂਦੇ ਜਾਣਗੇ।

ਇਸ ਮੌਕੇ ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਦੀ ਦਾ ਨਿੱਘਾ ਸਵਾਗਤ ਕੀਤਾ ਅਤੇ ਸੜਕਾਂ ਲਈ 60 ਲੱਖ ਰੁਪਏ ਦੀ ਗ੍ਰਾਂਟ ਦੇ ਐਲਾਨ ਲਈ ਧੰਨਵਾਦ ਕੀਤਾ। ਲੋਕਾਂ ਨੇ ਕਿਹਾ ਕਿ ਇਸ ਵਿਕਾਸ ਕਾਰਜ ਨਾਲ ਪਿੰਡ ਦੀ ਲੰਬੇ ਸਮੇਂ ਤੋਂ ਚੱਲ ਰਹੀ ਸੜਕਾਂ ਸਬੰਧੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਜਨਤਕ ਮੀਟਿੰਗ ਦੌਰਾਨ ਪਿੰਡ ਦੇ ਹੋਰ ਵਿਕਾਸ ਕਾਰਜਾਂ, ਲੋਕਾਂ ਦੀਆਂ ਜ਼ਰੂਰਤਾਂ ਅਤੇ ਭਵਿੱਖੀ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਸਪੀਕਰ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਜਲਦ ਹੱਲ ਕਰਨ ਲਈ ਯਤਨ ਕੀਤੇ ਜਾਣਗੇ।

Leave a Reply

Your email address will not be published. Required fields are marked *