
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਸੂਬੇ ਦੀਆਂ ਲਗਭਗ 33 ਲੱਖ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।
ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਪਹਿਲੀ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਦੀ ਰਕਮ ਜਾਰੀ ਕੀਤੀ ਗਈ ਹੈ। ਅਨੁਸੂਚਿਤ ਜਾਤੀ (SC) ਵਰਗ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕੁੱਲ ₹4,500, ਜਦਕਿ ਹੋਰ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ₹1,000 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕੁੱਲ ₹3,000 ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਸਰਕਾਰ ਵੱਲੋਂ ਇਹ ਰਕਮ ਉਨ੍ਹਾਂ ਮਹਿਲਾਵਾਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 25 ਜੂਨ 2026 ਤੱਕ ਪੂਰੀ ਹੋ ਚੁੱਕੀ ਸੀ। ਇਸ ਦੌਰਾਨ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੇ ਪੰਜਾਬ ਵਿੱਚ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਆਪਣਾ ਨਾਮ ਦਰਜ ਕਰਵਾ ਚੁੱਕੀਆਂ ਹਨ। ਨਵੀਆਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਮਹਿਲਾਵਾਂ ਨੂੰ ਅਗਲੀਆਂ ਕਿਸ਼ਤਾਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ।
ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਦੀ ਸਫ਼ਲ ਅਦਾਇਗੀ ਇਹ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਮਹਿਲਾਵਾਂ ਤੱਕ ਪਾਰਦਰਸ਼ੀ ਢੰਗ ਨਾਲ ਸਿੱਧੀ ਵਿੱਤੀ ਮਦਦ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ, ਸਨਮਾਨ ਅਤੇ ਆਤਮਨਿਰਭਰਤਾ ਪ੍ਰਦਾਨ ਕਰਨਾ ਹੈ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ।
ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਮਿਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਹੂਲਤਾਂ ’ਤੇ ਕੋਈ ਅਸਰ ਨਹੀਂ ਪਾਏਗੀ। ਜਿਹੜੀਆਂ ਮਹਿਲਾਵਾਂ ਪਹਿਲਾਂ ਹੀ ਵਿਧਵਾ ਪੈਨਸ਼ਨ, ਦਿਵਿਆਂਗ ਪੈਨਸ਼ਨ ਜਾਂ ਬੁਢਾਪਾ ਪੈਨਸ਼ਨ ਲੈ ਰਹੀਆਂ ਹਨ, ਉਨ੍ਹਾਂ ਨੂੰ ਇਹ ਸਾਰੇ ਲਾਭ ਪਹਿਲਾਂ ਦੀ ਤਰ੍ਹਾਂ ਮਿਲਦੇ ਰਹਿਣਗੇ। ਇਹ ਯੋਜਨਾ ਉਨ੍ਹਾਂ ਲਈ ਵਾਧੂ ਆਰਥਿਕ ਸਹਾਰਾ ਬਣੇਗੀ।
ਯੋਜਨਾ ਦੀ ਪਹਿਲੀ ਕਿਸ਼ਤ ਮਿਲਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਮਹਿਲਾਵਾਂ ਨੇ ਇਸਨੂੰ ਆਪਣੇ ਜੀਵਨ ਦਾ ਮਹੱਤਵਪੂਰਨ ਪਲ ਦੱਸਿਆ। ਕਈ ਲਾਭਪਾਤਰੀਆਂ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੇ ਆਪਣੇ ਬੈਂਕ ਖਾਤਿਆਂ ਵਿੱਚ ਸਿੱਧੀ ਰਕਮ ਪਹੁੰਚੀ ਹੈ, ਜਿਸ ਨਾਲ ਉਨ੍ਹਾਂ ਵਿੱਚ ਆਤਮਵਿਸ਼ਵਾਸ ਅਤੇ ਆਰਥਿਕ ਖੁਦਮੁਖਤਿਆਰੀ ਦੀ ਭਾਵਨਾ ਵਧੀ ਹੈ।
ਗੁਰਦਾਸਪੁਰ ਜ਼ਿਲ੍ਹੇ ਦੇ ਮੁਸਤਾਬਾ ਜੱਟਾ ਪਿੰਡ ਦੀ ਵਸਨੀਕ ਕੁਲਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਖਾਤੇ ਵਿੱਚ ₹4,500 ਦੀ ਰਕਮ ਆਉਣਾ ਉਨ੍ਹਾਂ ਲਈ ਬਹੁਤ ਖੁਸ਼ੀ ਅਤੇ ਮਾਣ ਦਾ ਪਲ ਸੀ। ਉਨ੍ਹਾਂ ਦੱਸਿਆ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ ਅਤੇ ਆਤਮਨਿਰਭਰਤਾ ਵੱਲ ਇੱਕ ਵੱਡਾ ਕਦਮ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਸਮਾਜ ਵਿੱਚ ਧੀਆਂ ਪ੍ਰਤੀ ਸੋਚ ਵਿੱਚ ਬਦਲਾਅ ਆ ਰਿਹਾ ਹੈ ਅਤੇ ਪਰਿਵਾਰਾਂ ਵਿੱਚ ਮਹਿਲਾਵਾਂ ਦੀ ਭੂਮਿਕਾ ਹੋਰ ਮਜ਼ਬੂਤ ਹੋ ਰਹੀ ਹੈ।
ਘੁੰਮਣਕਲਾਂ ਪਿੰਡ ਦੀ ਹਰਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯੋਜਨਾ ਦੀ ਜਾਣਕਾਰੀ ਜਾਗਰੂਕਤਾ ਕੈਂਪ ਰਾਹੀਂ ਮਿਲੀ। ਉਨ੍ਹਾਂ ਕਿਹਾ ਕਿ ਮਿਲੀ ਰਕਮ ਨਾਲ ਉਹ ਆਪਣੀਆਂ ਜ਼ਰੂਰਤਾਂ ਪੂਰੀ ਕਰਨ ਦੇ ਨਾਲ-ਨਾਲ ਘਰੇਲੂ ਖਰਚਿਆਂ ਵਿੱਚ ਵੀ ਯੋਗਦਾਨ ਪਾ ਸਕਣਗੀਆਂ।
ਸੰਗਰੂਰ ਜ਼ਿਲ੍ਹੇ ਦੇ ਧੂਰੀ ਦੀ ਵਿਧਵਾ ਕਿਰਨ ਨੇ ਕਿਹਾ ਕਿ ਇਹ ਆਰਥਿਕ ਮਦਦ ਉਨ੍ਹਾਂ ਲਈ ਮੁਸ਼ਕਲ ਸਮੇਂ ਵਿੱਚ ਵੱਡਾ ਸਹਾਰਾ ਬਣੇਗੀ। ਉਨ੍ਹਾਂ ਦੱਸਿਆ ਕਿ ਘਰ ਵਿੱਚ ਕਮਾਈ ਦਾ ਸਾਧਨ ਸੀਮਤ ਹੋਣ ਕਾਰਨ ਇਹ ਰਕਮ ਉਨ੍ਹਾਂ ਦੀਆਂ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।
ਇਸੇ ਤਰ੍ਹਾਂ ਗੁਰਦਾਸਪੁਰ ਦੀ ਦਿਹਾੜੀਦਾਰ ਮਜ਼ਦੂਰ ਰੀਤਾ ਨੇ ਕਿਹਾ ਕਿ ਆਂਗਣਵਾੜੀ ਕੇਂਦਰ ਦੀ ਮਦਦ ਨਾਲ ਉਨ੍ਹਾਂ ਨੇ ਯੋਜਨਾ ਲਈ ਅਰਜ਼ੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮਿਲੀ ਰਕਮ ਨਾਲ ਪਰਿਵਾਰ ਦੀਆਂ ਆਰਥਿਕ ਚਿੰਤਾਵਾਂ ਘੱਟ ਹੋਈਆਂ ਹਨ ਅਤੇ ਉਹ ਆਪਣੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਪੂਰਾ ਕਰ ਸਕਣਗੀਆਂ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਮਹਿਲਾਵਾਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮਨਿਰਭਰਤਾ ਵੱਲ ਅੱਗੇ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ।
