Wednesday, July 29Punjabi People

ਪੰਜਾਬ ਦੀ ਧਰਤੀ ਤੇ ਪਾਣੀ ਦੀ ਸੰਭਾਲ ਲਈ ਆਪ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

ਦਿੜ੍ਹਬਾ, 12 ਜੁਲਾਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਸੂਲਰ ਦੇ ਵਸਨੀਕਾਂ ਨੂੰ ਇੱਕ ਮਹੱਤਵਪੂਰਨ ਵਿਕਾਸੀ ਸੌਗਾਤ ਦਿੰਦਿਆਂ ਇਤਿਹਾਸਕ ਘਰਾਟਾਂ ਦੇ ਨਵੀਨੀਕਰਨ ਅਤੇ ਨਵੇਂ ਆਧੁਨਿਕ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਭਗ 60 ਲੱਖ ਰੁਪਏ ਦੀ ਲਾਗਤ ਨਾਲ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਇਤਿਹਾਸਕ ਵਿਰਾਸਤ ਦੀ ਸੰਭਾਲ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਘਰਾਟ ਪੰਜਾਬ ਦੀ ਅਮੀਰ ਵਿਰਾਸਤ ਅਤੇ ਪੇਂਡੂ ਸੱਭਿਆਚਾਰ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਇਨ੍ਹਾਂ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਸੀ ਅਤੇ ਇਹ ਆਪਣੀ ਹੋਂਦ ਗੁਆਉਣ ਦੇ ਕਿਨਾਰੇ ਪਹੁੰਚ ਗਏ ਸਨ। ਉਨ੍ਹਾਂ ਦੱਸਿਆ ਕਿ ਸੰਭਵਤੌਰ ‘ਤੇ ਪੂਰੇ ਪੰਜਾਬ ਵਿੱਚ ਸੂਲਰ ਦੇ ਇਹ ਘਰਾਟ ਹੀ ਇਕੱਲੇ ਅਜਿਹੇ ਇਤਿਹਾਸਕ ਘਰਾਟ ਹਨ ਜੋ ਅੱਜ ਵੀ ਆਪਣੀ ਮੌਜੂਦਗੀ ਦਰਜ ਕਰਵਾ ਰਹੇ ਹਨ। ਇਸ ਲਈ ਇਨ੍ਹਾਂ ਦੀ ਸੰਭਾਲ ਅਤੇ ਨਵੀਨੀਕਰਨ ਸਮੇਂ ਦੀ ਮੁੱਖ ਲੋੜ ਸੀ।

ਵਿੱਤ ਮੰਤਰੀ ਨੇ ਦੱਸਿਆ ਕਿ ਇਸ ਵਿਕਾਸ ਪ੍ਰੋਜੈਕਟ ਤਹਿਤ ਘਰਾਟਾਂ ਅਤੇ ਰਵਾਇਤੀ ਚੱਕੀਆਂ ਦੀ ਮੁਰੰਮਤ ਕਰਕੇ ਉਨ੍ਹਾਂ ਨੂੰ ਮੁੜ ਜੀਵੰਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੂਰੇ ਇਲਾਕੇ ਨੂੰ ਸੁੰਦਰ ਅਤੇ ਆਕਰਸ਼ਕ ਬਣਾਉਣ ਲਈ ਵਿਆਪਕ ਸੁੰਦਰਤਾ ਕੰਮ ਕੀਤੇ ਗਏ ਹਨ। ਸਥਾਨਕ ਲੋਕਾਂ, ਬੱਚਿਆਂ ਅਤੇ ਨੌਜਵਾਨਾਂ ਲਈ ਇੱਕ ਆਧੁਨਿਕ ਪਾਰਕ ਤਿਆਰ ਕੀਤਾ ਗਿਆ ਹੈ, ਜਿੱਥੇ ਲੋਕ ਸੈਰ-ਸਪਾਟਾ ਕਰਨ ਦੇ ਨਾਲ-ਨਾਲ ਸਿਹਤਮੰਦ ਗਤੀਵਿਧੀਆਂ ਦਾ ਵੀ ਲਾਭ ਲੈ ਸਕਣਗੇ।

ਉਨ੍ਹਾਂ ਦੱਸਿਆ ਕਿ ਨਹਿਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੀ ਨਵੇਂ ਕਮਰਿਆਂ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਵਿਭਾਗੀ ਕੰਮਕਾਜ ਹੋਰ ਸੁਚਾਰੂ ਢੰਗ ਨਾਲ ਚੱਲ ਸਕੇਗਾ। ਇਸ ਤੋਂ ਇਲਾਵਾ ਸੂਏ ਦੀ ਕੰਕਰੀਟ ਨਾਲ ਲਾਈਨਿੰਗ ਕੀਤੀ ਗਈ ਹੈ ਤਾਂ ਜੋ ਭਵਿੱਖ ਵਿੱਚ ਸੂਆ ਟੁੱਟਣ ਦੀ ਸਮੱਸਿਆ ਤੋਂ ਬਚਿਆ ਜਾ ਸਕੇ ਅਤੇ ਨਹਿਰੀ ਪਾਣੀ ਦੀ ਸਪਲਾਈ ਨਿਰਵਿਘਨ ਜਾਰੀ ਰਹੇ। ਇਸ ਨਾਲ ਪਾਣੀ ਦੀ ਬਰਬਾਦੀ ਵੀ ਘਟੇਗੀ ਅਤੇ ਸਿੰਚਾਈ ਪ੍ਰਣਾਲੀ ਹੋਰ ਮਜ਼ਬੂਤ ਬਣੇਗੀ।

ਸ. ਚੀਮਾ ਨੇ ਕਿਹਾ ਕਿ ਇਸ ਵਿਕਾਸ ਪ੍ਰੋਜੈਕਟ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਥਾਨਕ ਗ੍ਰਾਮ ਪੰਚਾਇਤ ਅਤੇ ਸਰਪੰਚਾਂ ਨੂੰ ਸੌਂਪੀ ਗਈ ਹੈ, ਜੋ ਨਹਿਰੀ ਵਿਭਾਗ ਦੇ ਸਹਿਯੋਗ ਨਾਲ ਇਸ ਵਿਰਾਸਤੀ ਸਥਾਨ ਦੀ ਨਿਰੰਤਰ ਦੇਖਭਾਲ ਕਰਨਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਇਤਿਹਾਸਕ ਧਰੋਹਰ ਨਾਲ ਜੁੜੀਆਂ ਰਹਿਣ।

ਨਹਿਰੀ ਪਾਣੀ ਦੀ ਸਪਲਾਈ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਰਾਜ ਨੂੰ ਅਲਾਟ ਕੀਤੇ ਗਏ ਨਹਿਰੀ ਪਾਣੀ ਤੋਂ ਵੀ 10 ਫ਼ੀਸਦੀ ਵੱਧ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਈ ਪਿੰਡਾਂ ਵਿੱਚੋਂ ਕਿਸਾਨਾਂ ਦੀਆਂ ਖੁਸ਼ੀ ਭਰੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ, ਕਿਉਂਕਿ ਉਨ੍ਹਾਂ ਨੂੰ ਸਮੇਂ ਸਿਰ ਭਰਪੂਰ ਨਹਿਰੀ ਪਾਣੀ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨਾਲ ਟਿਊਬਵੈੱਲਾਂ ‘ਤੇ ਨਿਰਭਰਤਾ ਘਟੇਗੀ, ਜਿਸ ਨਾਲ ਪੰਜਾਬ ਦਾ ਤੇਜ਼ੀ ਨਾਲ ਹੇਠਾਂ ਜਾ ਰਿਹਾ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧਰਤੀ ਅਤੇ ਪਾਣੀ ਵਰਗੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਦੂਰਅੰਦੇਸ਼ੀ ਸੋਚ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਇਸ ਦਿਸ਼ਾ ਵਿੱਚ ਚੁੱਕੇ ਜਾ ਰਹੇ ਇਤਿਹਾਸਕ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

ਇਸ ਮੌਕੇ ਇੰਪਰੂਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਓਐਸਡੀ ਤਪਿੰਦਰ ਸਿੰਘ ਸੋਹੀ, ਮਾਰਕੀਟ ਕਮੇਟੀ ਸੂਲਰ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਟਰੇਡ ਵਿੰਗ ਦੇ ਹਲਕਾ ਇੰਚਾਰਜ ਅਜੈ ਬਾਂਸਲ, ਪਿੰਡ ਦੇ ਸਰਪੰਚ, ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਸੂਲਰ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *