Wednesday, July 29Punjabi People

ਮੂਨਕ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ, ਮੰਤਰੀ ਗੋਇਲ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਮੂਨਕ/ਸੰਗਰੂਰ, 12 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਸਰਕਾਰ ਦਰਮਿਆਨ ਸਿੱਧਾ ਸੰਵਾਦ ਸਥਾਪਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਗਰ ਪੰਚਾਇਤ ਮੂਨਕ ਦੇ ਦਫ਼ਤਰ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵ ਧਿਆਨ ਨਾਲ ਸੁਣੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਕੈਬਨਿਟ ਮੰਤਰੀ ਦੇ ਸਾਹਮਣੇ ਰੱਖੀਆਂ। ਮੰਤਰੀ ਗੋਇਲ ਨੇ ਹਰੇਕ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਬਾਕੀ ਰਹਿੰਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਆਸਾਨੀ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਆਪਣੇ ਛੋਟੇ-ਛੋਟੇ ਕੰਮਾਂ ਲਈ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਜਾਂ ਖੱਜਲ-ਖੁਆਰ ਹੋਣ ਦੀ ਲੋੜ ਨਹੀਂ ਪੈਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਜਵਾਬਦੇਹ, ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਹਰੇਕ ਸ਼ਿਕਾਇਤ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਯੋਗ ਮਾਮਲਿਆਂ ਦਾ ਨਿਰਧਾਰਤ ਸਮੇਂ ਅੰਦਰ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨਾਲ ਧੱਕੇਸ਼ਾਹੀ ਜਾਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੰਤਰੀ ਗੋਇਲ ਨੇ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮ ਦਾ ਮੁੱਖ ਮੰਤਵ ਸਰਕਾਰ ਅਤੇ ਲੋਕਾਂ ਵਿਚਕਾਰ ਦੂਰੀਆਂ ਘਟਾਉਣਾ, ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਸਮਝਣਾ ਅਤੇ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖੁਦ ਲੋਕਾਂ ਤੱਕ ਪਹੁੰਚ ਰਹੀ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਸਿੰਚਾਈ ਅਤੇ ਹੋਰ ਖੇਤਰਾਂ ਵਿੱਚ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ, ਮੁਫ਼ਤ ਬਿਜਲੀ, ਕਿਸਾਨਾਂ ਲਈ ਨਹਿਰੀ ਪਾਣੀ ਦੀ ਉਪਲਬਧਤਾ ਅਤੇ ਲੋਕ ਭਲਾਈ ਨਾਲ ਜੁੜੀਆਂ ਹੋਰ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਬਦਲਾਅ ਦੀ ਚਰਚਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਨੀਤੀਆਂ ਦੇ ਆਧਾਰ ’ਤੇ ਲੋਕਾਂ ਵਿੱਚ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕੰਮ ਜਾਰੀ ਰੱਖੇਗੀ।

ਇਸ ਦੌਰਾਨ ਲੋਕਾਂ ਨੇ ਵੀ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸ਼ੀਸ਼ਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਪਾਸ ਮਲਾਣਾ, ਨਗਰ ਪੰਚਾਇਤ ਮੂਨਕ ਮੰਡੀ ਦੇ ਪ੍ਰਧਾਨ ਜੋਨੀ ਅਰੋੜਾ, ਬਲਾਕ ਪ੍ਰਧਾਨ ਸਤੀਸ਼ ਕੁਮਾਰ, ਬਲਾਕ ਪ੍ਰਧਾਨ ਜਗਸੀਰ ਮਲਾਣਾ, ਰਣਧੀਰ ਸਿੰਘ ਕੋਆਰਡੀਨੇਟਰ ਐਸਸੀ ਵਿੰਗ ਹਲਕਾ ਲਹਿਰਾ, ਕੌਂਸਲਰ ਨਛੱਤਰ ਰਾਓ, ਕੌਂਸਲਰ ਬਲਵੀਰ ਸੈਣੀ, ਕੌਂਸਲਰ ਗੁਰਵਿੰਦਰ ਸਿੰਘ ਬੱਬੂ, ਗੁਰਸੇਵਕ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਲਹਿਰਾ, ਮਿੰਟੂ ਸੈਣੀ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

Leave a Reply

Your email address will not be published. Required fields are marked *