Wednesday, July 29Punjabi People

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਅੰਮ੍ਰਿਤਸਰ, 13 ਜੁਲਾਈ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀਆਂ ਡੂੰਘੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਦੇ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਗੁਰੂ ਘਰ ਦੇ ਦਰਸ਼ਨਾਂ ਤੋਂ ਵਾਂਝੇ ਹਨ।

ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿੱਚ ਐਡਵੋਕੇਟ ਧਾਮੀ ਨੇ ਲਿਖਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਅੰਤਿਮ ਸਮਾਂ ਬਿਤਾਇਆ ਅਤੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ, ਵੰਡ ਛਕਣ ਅਤੇ ਸਰਬੱਤ ਦੇ ਭਲੇ ਦਾ ਵਿਸ਼ਵਵਿਆਪੀ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਥਾਨ ਸਿੱਖ ਇਤਿਹਾਸ ਅਤੇ ਆਧਿਆਤਮਿਕ ਵਿਰਾਸਤ ਦਾ ਅਹਿਮ ਕੇਂਦਰ ਹੈ।

ਐਡਵੋਕੇਟ ਧਾਮੀ ਨੇ ਯਾਦ ਦਿਵਾਇਆ ਕਿ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਨਾਲ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਰਦਾਸ ਪੂਰੀ ਹੋਈ ਸੀ। ਇਸ ਨਾਲ ਭਾਰਤ ਅਤੇ ਪਾਕਿਸਤਾਨ ਵਿਚਕਾਰ ਧਾਰਮਿਕ ਯਾਤਰਾ ਲਈ ਇੱਕ ਨਵਾਂ ਰਾਹ ਖੁੱਲ੍ਹਿਆ ਅਤੇ ਹਜ਼ਾਰਾਂ ਸ਼ਰਧਾਲੂਆਂ ਨੂੰ ਬਿਨਾਂ ਵੀਜ਼ੇ ਦੇ ਗੁਰੂ ਘਰ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।

ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਬੰਦ ਹੋਣ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਨਿਰਾਸ਼ਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ਼ ਇੱਕ ਯਾਤਰਾ ਮਾਰਗ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀ ਆਸਥਾ ਅਤੇ ਧਾਰਮਿਕ ਅਧਿਕਾਰਾਂ ਨਾਲ ਜੁੜਿਆ ਵਿਸ਼ਾ ਹੈ।

ਐੱਸਜੀਪੀਸੀ ਪ੍ਰਧਾਨ ਨੇ ਆਪਣੇ ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਕਿ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੋਈ ਨਵੀਂ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਕਈ ਵਾਰ ਮਤੇ ਪਾਸ ਕਰਕੇ ਕੇਂਦਰ ਸਰਕਾਰ ਤੱਕ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਯਾਦ ਪੱਤਰ ਭੇਜ ਕੇ ਲਾਂਘਾ ਮੁੜ ਸ਼ੁਰੂ ਕਰਨ ਲਈ ਜਲਦ ਕਾਰਵਾਈ ਦੀ ਮੰਗ ਕੀਤੀ ਜਾ ਚੁੱਕੀ ਹੈ।

ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਮੰਤਰਾਲਿਆਂ ਨੂੰ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਕਰਤਾਰਪੁਰ ਸਾਹਿਬ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹਿਆ ਜਾ ਸਕੇ ਅਤੇ ਸ਼ਰਧਾਲੂ ਦੁਬਾਰਾ ਗੁਰੂ ਘਰ ਦੇ ਦਰਸ਼ਨ ਕਰ ਸਕਣ।

ਆਪਣੇ ਪੱਤਰ ਦੇ ਅੰਤ ਵਿੱਚ ਐਡਵੋਕੇਟ ਧਾਮੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਤੇ ਧਾਰਮਿਕ ਮੰਗ ਨੂੰ ਸੰਵੇਦਨਸ਼ੀਲਤਾ ਨਾਲ ਵਿਚਾਰੇਗੀ ਅਤੇ ਜਲਦੀ ਹੀ ਲਾਂਘਾ ਮੁੜ ਸ਼ੁਰੂ ਕਰਨ ਲਈ ਸਕਾਰਾਤਮਕ ਫ਼ੈਸਲਾ ਲਵੇਗੀ।

Leave a Reply

Your email address will not be published. Required fields are marked *