
ਕੋਟਕਪੂਰਾ, 13 ਜੁਲਾਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਸੀਵਰੇਜ ਪ੍ਰਣਾਲੀ, ਸੜਕਾਂ ਦੇ ਨਵੀਨੀਕਰਨ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਸਮੀਖਿਆ ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਥਾਰਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਵਿਭਾਗ, ਨਗਰ ਕੌਂਸਲ ਕੋਟਕਪੂਰਾ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਕੌਂਸਲਰ ਵੀ ਮੌਜੂਦ ਰਹੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਲਿਆਂ ਅਤੇ ਸੀਵਰੇਜ ਲਾਈਨਾਂ ਦੀ ਸਫ਼ਾਈ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਜੁੜੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਕੰਮ ਅਜੇ ਅਧੂਰੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਜਲਦੀ ਪੂਰਾ ਕੀਤਾ ਜਾਵੇ, ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਜਲ ਭਰਾਅ ਜਾਂ ਸੀਵਰੇਜ ਨਾਲ ਸੰਬੰਧਿਤ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਮੇਂ ਸਿਰ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਕੋਟਕਪੂਰਾ ਵਿੱਚ ਕਿਸੇ ਵੀ ਵਿਕਾਸ ਕਾਰਜ ਨੂੰ ਬਿਨਾਂ ਵਜ੍ਹਾ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਸ਼ਹਿਰ ਦੇ ਸੁੰਦਰੀਕਰਨ ਨਾਲ ਸਬੰਧਤ ਮਹੱਤਵਪੂਰਨ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਗਈ। ਖ਼ਾਸ ਤੌਰ ‘ਤੇ ਬੱਤੀਆਂ ਵਾਲੇ ਚੌਂਕ ਤੋਂ ਜੈਤੋ ਰੋਡ ਤੱਕ ਬਿਊਟੀਫਿਕੇਸ਼ਨ ਪ੍ਰੋਜੈਕਟ ਅਤੇ ਬੱਤੀਆਂ ਵਾਲੇ ਚੌਂਕ ਤੋਂ ਤਿੰਨ ਕੋਨੀ ਤੱਕ ਸੜਕ ਦੇ ਨਵੀਨੀਕਰਨ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ। ਸਪੀਕਰ ਨੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਸ. ਸੰਧਵਾਂ ਨੇ ਇਹ ਵੀ ਦੱਸਿਆ ਕਿ ਵਾਰਡ ਨੰਬਰ 13 ਅਤੇ ਵਾਰਡ ਨੰਬਰ 21 ਦੇ ਵਸਨੀਕਾਂ ਵੱਲੋਂ ਉਠਾਈਆਂ ਗਈਆਂ ਸੀਵਰੇਜ ਅਤੇ ਗਲੀਆਂ ਨਾਲ ਸਬੰਧਤ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਅਤੇ ਜਲਦੀ ਹੀ ਇਨ੍ਹਾਂ ਇਲਾਕਿਆਂ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ।
ਸਪੀਕਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ ਕਿ ਕੋਟਕਪੂਰਾ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਪੂਰੇ ਹੋਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣ।
ਮੀਟਿੰਗ ਵਿੱਚ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਗੈਰੀ ਵੜਿੰਗ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਐਸ.ਡੀ.ਓ. ਭੋਲਾ ਸਿੰਘ, ਜੂਨੀਅਰ ਇੰਜੀਨੀਅਰ ਪਰਵੇਸ਼ ਬਾਬੂ, ਨੈਸ਼ਨਲ ਹਾਈਵੇ ਅਥਾਰਟੀ ਦੇ ਐਸ.ਡੀ.ਓ. ਸਰਬਜੀਤ ਸਿੰਘ, ਕਾਰਜਸਾਧਕ ਅਫ਼ਸਰ ਅਮ੍ਰਿਤ ਲਾਲ, ਜੂਨੀਅਰ ਇੰਜੀਨੀਅਰ ਜਗਜੀਤ ਸਿੰਘ, ਅਮਨਦੀਪ ਸ਼ਰਮਾ, ਨਿਤਿਨ ਮਲਿਕ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
