Wednesday, July 29Punjabi People

650ਵੀਂ ਜਯੰਤੀ ‘ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ: ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ 80 ਕਰੋੜ ਰੁਪਏ ਦੇ ਸਮਾਗਮ

ਚੰਡੀਗੜ੍ਹ, 14 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ 650ਵੀਂ ਜਯੰਤੀ ਨੂੰ ਇਤਿਹਾਸਕ ਅਤੇ ਯਾਦਗਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਵਿਸ਼ਾਲ ਸਮਾਗਮਾਂ ਦੀ ਰੂਪ-ਰੇਖਾ ਜਾਰੀ ਕੀਤੀ ਗਈ ਹੈ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਮਾਣ ਦੇ ਸੰਦੇਸ਼ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਧਾਰਮਿਕ, ਸੱਭਿਆਚਾਰਕ, ਵਿਦਿਅਕ ਅਤੇ ਵਾਤਾਵਰਣ ਨਾਲ ਜੁੜੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਮਾਗਮਾਂ ਲਈ 80 ਕਰੋੜ ਰੁਪਏ ਪਹਿਲਾਂ ਹੀ ਰਾਖਵੇਂ ਰੱਖੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋੜ ਪੈਣ ‘ਤੇ ਹੋਰ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ ਹੈ ਤਾਂ ਜੋ ਸਾਰੇ ਸਮਾਗਮ ਸ਼ਰਧਾ ਅਤੇ ਸ਼ਾਨ ਨਾਲ ਕਰਵਾਏ ਜਾ ਸਕਣ।

ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਧਾਰਮਿਕ ਨਹੀਂ ਸਗੋਂ ਸਮਾਜਿਕ ਜਾਗਰੂਕਤਾ ਅਤੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਵੀ ਮਹੱਤਵਪੂਰਨ ਯਤਨ ਹਨ। ਇਸ ਮਕਸਦ ਲਈ ਸੂਬੇ ਭਰ ਵਿੱਚ ਆਧੁਨਿਕ ਤਕਨਾਲੋਜੀ, ਸੱਭਿਆਚਾਰਕ ਗਤੀਵਿਧੀਆਂ ਅਤੇ ਲੋਕ ਭਾਗੀਦਾਰੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।

ਸੌਂਦ ਨੇ ਦੱਸਿਆ ਕਿ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ‘ਤੇ ਆਧਾਰਿਤ 30 ਮਿੰਟ ਦੀਆਂ ਡਾਕੂਮੈਂਟਰੀ ਫ਼ਿਲਮਾਂ ਦਿਖਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਕੂਲਾਂ ਵਿੱਚ ਲੇਖ, ਭਾਸ਼ਣ, ਪੇਂਟਿੰਗ ਅਤੇ ਕੁਇਜ਼ ਵਰਗੇ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਜੁਲਾਈ ਤੋਂ ਨਵੰਬਰ ਤੱਕ ਪੰਜਾਬ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਵਿਰਾਸਤ ‘ਤੇ ਆਧਾਰਿਤ ਸੈਮੀਨਾਰ ਅਤੇ ਵਰਕਸ਼ਾਪਾਂ ਹੋਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਕਰਵਾਏ ਜਾਣਗੇ।

ਸਰਕਾਰ ਵੱਲੋਂ ਅਗਸਤ ਤੋਂ ਨਵੰਬਰ ਤੱਕ ਹਰ ਵਿਧਾਨ ਸਭਾ ਹਲਕੇ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਦਰਸਾਉਂਦੇ ਡਰੋਨ ਸ਼ੋਅ ਵੀ ਆਯੋਜਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਸੂਬੇ ਵਿੱਚ 650 ਗੁਰੂ ਰਵਿਦਾਸ ਬਾਗ਼ ਸਥਾਪਤ ਕੀਤੇ ਜਾਣਗੇ ਅਤੇ 6.50 ਲੱਖ ਰੁੱਖ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਅਗਸਤ ਮਹੀਨੇ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ‘ਰਨ ਫਾਰ ਇਕੁਐਲਿਟੀ’ ਮੈਰਾਥਨ ਕਰਵਾਈ ਜਾਵੇਗੀ, ਜਦਕਿ ਸਤੰਬਰ ਵਿੱਚ ਸਾਈਕਲ ਰੈਲੀਆਂ ਰਾਹੀਂ ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਇਆ ਜਾਵੇਗਾ। ਅਕਤੂਬਰ ਮਹੀਨੇ ਦੌਰਾਨ ਸੂਬੇ ਭਰ ਵਿੱਚ 6.50 ਲੱਖ ਯਾਦਗਾਰੀ ਝੰਡੇ ਵੀ ਵੰਡੇ ਜਾਣਗੇ।

ਧਾਰਮਿਕ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਧਾਰਮਿਕ ਜਲੂਸ ਰਵਾਨਾ ਹੋਣਗੇ, ਜੋ 5 ਤੋਂ 8 ਅਕਤੂਬਰ ਦਰਮਿਆਨ ਖੁਰਾਲਗੜ੍ਹ ਪਹੁੰਚਣਗੇ। ਇਸ ਉਪਰੰਤ 9 ਤੋਂ 11 ਅਕਤੂਬਰ ਤੱਕ ਖੁਰਾਲਗੜ੍ਹ ਵਿਖੇ ਤਿੰਨ ਦਿਨਾਂ ਰਾਜ ਪੱਧਰੀ ਮਹਾਂ ਸਮਾਗਮ ਹੋਵੇਗਾ।

9 ਅਕਤੂਬਰ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਵਿਸ਼ਾਲ ਪ੍ਰਦਰਸ਼ਨੀ, ਕਥਾ-ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਵਿਦਵਾਨਾਂ ਦੀ ਕਾਨਫਰੰਸ ਆਯੋਜਿਤ ਕੀਤੀ ਜਾਵੇਗੀ।

10 ਅਕਤੂਬਰ ਨੂੰ ਕਥਾ-ਕੀਰਤਨ ਦੇ ਨਾਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਵਿਸ਼ੇਸ਼ ਕਾਨਫਰੰਸ, 3D ਪ੍ਰੋਜੈਕਸ਼ਨ ਸ਼ੋਅ ਅਤੇ ਮੀਨਾਰ-ਏ-ਬੇਗਮਪੁਰਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾਵੇਗਾ।

11 ਅਕਤੂਬਰ ਨੂੰ ਸਮਾਪਤੀ ਸਮਾਰੋਹ ਦੌਰਾਨ ਕਥਾ-ਕੀਰਤਨ, ਬੇਗਮਪੁਰਾ ਸਮਾਗਮ, 3D ਪ੍ਰੋਜੈਕਸ਼ਨ ਅਤੇ ਵਿਸ਼ਾਲ ਡਰੋਨ ਸ਼ੋਅ ਨਾਲ ਤਿੰਨ ਦਿਨਾਂ ਸਮਾਗਮਾਂ ਦਾ ਸਮਾਪਨ ਕੀਤਾ ਜਾਵੇਗਾ।

ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਗੁਰੂ ਰਵਿਦਾਸ ਜੀ ਦੇ ਸਮਾਨਤਾ, ਸਮਾਜਿਕ ਨਿਆਂ, ਭਾਈਚਾਰੇ ਅਤੇ ਮਨੁੱਖੀ ਮਾਣ ਦੇ ਸੰਦੇਸ਼ ਨੂੰ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਵਿਸ਼ਵ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ, ਉਤਸ਼ਾਹ ਅਤੇ ਲੋਕ ਭਾਗੀਦਾਰੀ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਨਵੀਂ ਪੀੜ੍ਹੀ ਵੀ ਗੁਰੂ ਸਾਹਿਬ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਸਕੇ।

Leave a Reply

Your email address will not be published. Required fields are marked *