
ਚੰਡੀਗੜ੍ਹ, 15 ਜੁਲਾਈ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਦੇ ਮਾਨਸਾ ਖੁਰਦ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ ₹8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਮਾਨਸਾ ਖੁਰਦ ਦੇ ਵਾਰਡ ਨੰਬਰ-2 ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦੀ ਗਈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਦੇ ਨਾਂ ‘ਤੇ 4 ਕਨਾਲ ਜ਼ਮੀਨ ਖਰੀਦੀ ਸੀ, ਜਿਸ ਨੂੰ ਬਾਅਦ ਵਿੱਚ ਆਪਸੀ ਸਹਿਮਤੀ ਨਾਲ ਕਿਸੇ ਹੋਰ ਵਿਅਕਤੀ ਦੇ ਨਾਂ ਤਬਦੀਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਇਸ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਦੇ ਬਦਲੇ ਪਟਵਾਰੀ ਨੇ ₹25,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਵੀ ਰਿਕਾਰਡ ਕਰਕੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਦੀ ਟੀਮ ਨੇ ਯੋਜਨਾਬੱਧ ਢੰਗ ਨਾਲ ਟਰੈਪ ਲਗਾਇਆ। ਕਾਰਵਾਈ ਦੌਰਾਨ ਪਟਵਾਰੀ ਹਿਤੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ₹8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਵਿਜੀਲੈਂਸ ਬਿਊਰੋ ਨੇ ਦੋਸ਼ੀ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਬਠਿੰਡਾ ਵਿੱਚ ਮਾਮਲਾ ਦਰਜ ਕਰ ਲਿਆ ਹੈ।
ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਰਿਸ਼ਵਤਖੋਰੀ ਨਾਲ ਜੁੜੇ ਇਸ ਮਾਮਲੇ ਵਿੱਚ ਹੋਰ ਕੋਈ ਵਿਅਕਤੀ ਜਾਂ ਤੱਥ ਸਾਹਮਣੇ ਆਉਂਦੇ ਹਨ ਜਾਂ ਨਹੀਂ।
