Wednesday, July 29Punjabi People

ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮਾਨ ਸਰਕਾਰ ਦੀ ਰਫ਼ਤਾਰ ਤੇਜ਼, ਹਰਪਾਲ ਚੀਮਾ ਨੇ 5 ਯੂਨੀਅਨਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 15 ਜੁਲਾਈ 2026: ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਸੇਵਾ ਸਬੰਧੀ ਮਸਲਿਆਂ ਦੇ ਹੱਲ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਕੜੀ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ ਪ੍ਰਮੁੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਮਲੇ ਦੀਆਂ ਜਾਇਜ਼ ਮੰਗਾਂ ਅਤੇ ਹੱਕੀ ਮੁੱਦਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਿਨ੍ਹਾਂ ਮੰਗਾਂ ‘ਤੇ ਪਹਿਲਾਂ ਹੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਉਨ੍ਹਾਂ ਨੂੰ ਜਲਦੀ ਅੰਤਿਮ ਰੂਪ ਦਿੱਤਾ ਜਾਵੇਗਾ, ਜਦਕਿ ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਦਾ ਵੀ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਰਮਚਾਰੀਆਂ ਨਾਲ ਸਬੰਧਤ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸੇ ਵੀ ਜਾਇਜ਼ ਮਾਮਲੇ ਨੂੰ ਬਿਨਾਂ ਲੋੜੀਂਦੀ ਦੇਰੀ ਦੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਸੰਵਾਦ ਰਾਹੀਂ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਕਰਮਚਾਰੀਆਂ ਦੀ ਭਲਾਈ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਮੀਟਿੰਗਾਂ ਦੌਰਾਨ ਵੱਖ-ਵੱਖ ਯੂਨੀਅਨਾਂ ਨੇ ਆਪਣੇ-ਆਪਣੇ ਮੰਗ ਪੱਤਰ ਪੇਸ਼ ਕਰਦਿਆਂ ਸੇਵਾ ਸ਼ਰਤਾਂ, ਤਨਖਾਹਾਂ, ਤਰੱਕੀਆਂ, ਨਿਯਮਤ ਕਰਨ ਅਤੇ ਭਲਾਈ ਨਾਲ ਸਬੰਧਤ ਮੁੱਦਿਆਂ ਨੂੰ ਉਠਾਇਆ।

ਸਪੈਸ਼ਲ ਕਾਡਰ ਟੀਚਰਜ਼ ਫਰੰਟ ਨੇ ਤਨਖਾਹ ਸਕੇਲਾਂ ਨੂੰ ਲਾਗੂ ਕਰਨ ਅਤੇ ਸੇਵਾ ਨਿਯਮਾਂ ਵਿੱਚ ਲੋੜੀਂਦੇ ਸੁਧਾਰਾਂ ਦੀ ਮੰਗ ਕੀਤੀ।

ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਨੇ ਮਿਡ-ਡੇਅ ਮੀਲ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨ ਦੇ ਦਾਇਰੇ ਵਿੱਚ ਲਿਆਉਣ ਅਤੇ ਉਨ੍ਹਾਂ ਨੂੰ ਬਿਹਤਰ ਸੇਵਾ ਸਹੂਲਤਾਂ ਦੇਣ ਦੀ ਮੰਗ ਉਠਾਈ।

ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਨੇ ਤਨਖਾਹਾਂ ਵਿੱਚ ਸੁਧਾਰ, ਤਰੱਕੀਆਂ ਅਤੇ ਸੇਵਾ ਸ਼ਰਤਾਂ ਨਾਲ ਸਬੰਧਤ ਮਸਲਿਆਂ ਨੂੰ ਸਰਕਾਰ ਸਾਹਮਣੇ ਰੱਖਿਆ।

ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਨੇ ਵੋਕੇਸ਼ਨਲ ਅਧਿਆਪਕਾਂ ਨੂੰ ਨਿੱਜੀ ਕੰਪਨੀਆਂ ਰਾਹੀਂ ਰੱਖਣ ਦੀ ਪ੍ਰਣਾਲੀ ਖਤਮ ਕਰਕੇ ਸਿੱਧੇ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਦੁਹਰਾਈ।

ਇਸੇ ਤਰ੍ਹਾਂ ਕੰਪਿਊਟਰ ਟੀਚਰਜ਼ ਯੂਨੀਅਨ ਨੇ ਤੁਰੰਤ ਵਿੱਤੀ ਰਾਹਤ, ਸੇਵਾ ਸੁਰੱਖਿਆ ਅਤੇ ਲੰਬੇ ਸਮੇਂ ਦੀ ਭਲਾਈ ਨਾਲ ਜੁੜੀਆਂ ਮੰਗਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ।

ਮੀਟਿੰਗਾਂ ਵਿੱਚ ਸਪੈਸ਼ਲ ਕਾਡਰ ਟੀਚਰਜ਼ ਫਰੰਟ ਵੱਲੋਂ ਅਨੁਭਵ ਗੁਪਤਾ, ਗੁਰਦੀਪ ਸਿੰਘ ਅਤੇ ਅਨਿਲ ਕੁਮਾਰ, ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਵੱਲੋਂ ਸਿਮਰਜੀਤ ਕੌਰ, ਸੁਰੇਸ਼ ਰਾਣੀ, ਜੈਲ ਕੌਰ ਅਤੇ ਜੰਗਬਹਾਦਰ ਕੌਰ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵੱਲੋਂ ਮਨਮੋਹਨ ਸਿੰਘ, ਦੀਪਕ ਕੁਮਾਰ ਅਤੇ ਸ਼ੁਭਕਰਨ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ, ਰਣਜੀਤ ਸਿੰਘ ਅਤੇ ਗੁਰਜੀਤ ਸਿੰਘ ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਹਰਜੀਤ ਸਿੰਘ ਅਤੇ ਨਰਦੀਪ ਸ਼ਰਮਾ ਨੇ ਆਪਣੇ-ਆਪਣੇ ਸੰਗਠਨਾਂ ਦੀਆਂ ਮੰਗਾਂ ਅਤੇ ਸੁਝਾਅ ਵਿਸਥਾਰ ਨਾਲ ਪੇਸ਼ ਕੀਤੇ।

ਵਿੱਤ ਮੰਤਰੀ ਨੇ ਸਾਰੀਆਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕਰਮਚਾਰੀਆਂ ਨਾਲ ਲਗਾਤਾਰ ਸੰਵਾਦ ਜਾਰੀ ਰੱਖੇਗੀ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਸਿੱਖਿਆ ਅਮਲੇ ਦੇ ਹੱਕਾਂ ਅਤੇ ਭਲਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

Leave a Reply

Your email address will not be published. Required fields are marked *