
ਚੰਡੀਗੜ੍ਹ, 15 ਜੁਲਾਈ 2026: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿੱਚ ਮੁਸ਼ਕਲ ਹਾਲਾਤਾਂ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰਾਲੇ ਕੋਲ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਭਾਰਤੀ ਦੂਤਾਵਾਸ ਰਾਹੀਂ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਵਤਨ ਵਾਪਸ ਲਿਆਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਸੰਧੂ ਨੇ ਦੱਸਿਆ ਕਿ ਇਹ ਚਾਰੇ ਨੌਜਵਾਨ ਟੂਰਿਸਟ ਵੀਜ਼ੇ ‘ਤੇ ਇਥੋਪੀਆ ਪਹੁੰਚੇ ਸਨ। ਦੋਸ਼ ਹੈ ਕਿ ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਕੁਝ ਵਿਅਕਤੀਆਂ ਨੇ ਹੋਟਲ ਤੱਕ ਛੱਡਣ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਇੱਕ ਹੋਰ ਥਾਂ ‘ਤੇ ਲਿਜਾ ਕੇ ਕਥਿਤ ਤੌਰ ‘ਤੇ ਅਗਵਾ ਕੀਤਾ ਗਿਆ, ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਤੇਜ਼ਧਾਰ ਹਥਿਆਰਾਂ ਨਾਲ ਹਮਲੇ ਕੀਤੇ ਗਏ ਅਤੇ ਉਨ੍ਹਾਂ ਕੋਲੋਂ ਨਕਦੀ ਤੇ ਹੋਰ ਕੀਮਤੀ ਸਮਾਨ ਵੀ ਖੋਹ ਲਿਆ ਗਿਆ। ਸੰਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਹੁੰਚੀਆਂ ਤਸਵੀਰਾਂ ਅਤੇ ਵੀਡੀਓਜ਼ ਵਿੱਚ ਨੌਜਵਾਨਾਂ ਦੇ ਸਰੀਰ ‘ਤੇ ਗੰਭੀਰ ਸੱਟਾਂ ਸਪੱਸ਼ਟ ਨਜ਼ਰ ਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਗਵਾਕਾਰਾਂ ਦੇ ਚੁੰਗਲ ਵਿੱਚੋਂ ਨਿਕਲਣ ਤੋਂ ਬਾਅਦ ਇਥੋਪੀਆ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇਨ੍ਹਾਂ ਨੌਜਵਾਨਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਦੀ ਚਿੰਤਾ ਹੋਰ ਵੱਧ ਗਈ ਹੈ। ਪੰਜਾਬ ਅਤੇ ਹਰਿਆਣਾ ਵਿੱਚ ਰਹਿ ਰਹੇ ਪਰਿਵਾਰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਮਾਨਸਿਕ ਤਣਾਅ ਵਿੱਚ ਹਨ।
ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਸੰਧੂ ਨੇ ਕਪੂਰਥਲਾ ਦੇ ਫਗਵਾੜਾ ਨਿਵਾਸੀ ਗੌਰਵ, ਗੁਰਦਾਸਪੁਰ ਦੇ ਕਲਾਨੌਰ ਨੇੜਲੇ ਪਿੰਡ ਰਹੀਮਾਬਾਦ ਦੇ ਮਨਜੀਤ ਸਿੰਘ, ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਸੁਖਵਿੰਦਰ ਸਿੰਘ ਕਕਰਾਲਾ ਅਤੇ ਸੁਰਜੀਤ ਸਿੰਘ ਚੀਕਾ ਦੀ ਸੁਰੱਖਿਅਤ ਵਾਪਸੀ ਲਈ ਤੁਰੰਤ ਕੂਟਨੀਤਿਕ ਦਖ਼ਲ ਦੀ ਮੰਗ ਕੀਤੀ ਹੈ।
ਰਾਜ ਸਭਾ ਮੈਂਬਰ ਨੇ ਕਿਹਾ ਕਿ ਉਹ ਖੁਦ ਇਸ ਪੂਰੇ ਮਾਮਲੇ ‘ਤੇ ਨਜ਼ਦੀਕੀ ਨਿਗਰਾਨੀ ਰੱਖ ਰਹੇ ਹਨ ਅਤੇ ਵਿਦੇਸ਼ ਮੰਤਰਾਲੇ, ਇਥੋਪੀਆ ਸਥਿਤ ਭਾਰਤੀ ਦੂਤਾਵਾਸ ਅਤੇ ਹੋਰ ਸਬੰਧਤ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਨੂੰ ਭਰੋਸਾ ਹੈ ਕਿ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਜਲਦੀ ਕਾਰਵਾਈ ਕਰੇਗੀ ਅਤੇ ਚਾਰੇ ਨੌਜਵਾਨਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾਵੇਗਾ।
ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਸੰਕਟ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਅਤੇ ਸੰਵੇਦਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲਿਆਂ ਵਿੱਚ ਸਰਕਾਰ ਦੇ ਸਹਿਯੋਗ ਨਾਲ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਵਿੱਚ ਸਫ਼ਲਤਾ ਮਿਲ ਚੁੱਕੀ ਹੈ।
ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਪੂਰੀ ਜਾਂਚ-ਪੜਤਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਣਜਾਣੇ ਏਜੰਟਾਂ ਜਾਂ ਸ਼ੱਕੀ ਵਿਅਕਤੀਆਂ ਦੇ ਝਾਂਸੇ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਸਿਰਫ਼ ਕਾਨੂੰਨੀ ਅਤੇ ਸੁਰੱਖਿਅਤ ਤਰੀਕੇ ਨਾਲ ਹੀ ਵਿਦੇਸ਼ ਯਾਤਰਾ ਕਰਨੀ ਚਾਹੀਦੀ ਹੈ।
ਸੰਧੂ ਨੇ ਇਹ ਵੀ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਪੰਜਾਬ ਦੇ ਨੌਜਵਾਨ ਇੰਨੇ ਵੱਡੇ ਜੋਖਮ ਉਠਾ ਕੇ ਵਿਦੇਸ਼ਾਂ ਦਾ ਰੁਖ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬ ਵਿੱਚ ਹੀ ਰੋਜ਼ਗਾਰ, ਹੁਨਰ ਵਿਕਾਸ ਅਤੇ ਬਿਹਤਰ ਮੌਕਿਆਂ ਦਾ ਵਿਸਥਾਰ ਕੀਤਾ ਜਾਵੇ, ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਨਹਿਰੇ ਭਵਿੱਖ ਲਈ ਖਤਰਨਾਕ ਰਾਹਾਂ ਦੀ ਚੋਣ ਨਾ ਕਰਨੀ ਪਵੇ। ਸਰਕਾਰ, ਸਮਾਜ ਅਤੇ ਉਦਯੋਗ ਜਗਤ ਨੂੰ ਮਿਲ ਕੇ ਅਜਿਹਾ ਮਾਹੌਲ ਤਿਆਰ ਕਰਨਾ ਹੋਵੇਗਾ, ਜਿੱਥੇ ਨੌਜਵਾਨ ਆਪਣੇ ਹੀ ਸੂਬੇ ਵਿੱਚ ਸੁਰੱਖਿਅਤ ਅਤੇ ਬਿਹਤਰ ਭਵਿੱਖ ਬਣਾ ਸਕਣ।
