
ਚੰਡੀਗੜ੍ਹ, 17 ਜੁਲਾਈ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦੇ ਐਲਾਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਸਿਰਫ਼ ਇੱਕ ਸਿਆਸੀ ਡਰਾਮਾ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਪਰ ਹੁਣ ਮਿਤੀ ਨੇੜੇ ਹੋਣ ਦੇ ਬਾਵਜੂਦ ਨਾ ਤਾਂ ਕਿਸੇ ਤਰ੍ਹਾਂ ਦੀਆਂ ਤਿਆਰੀਆਂ ਦਿਖਾਈ ਦੇ ਰਹੀਆਂ ਹਨ ਅਤੇ ਨਾ ਹੀ ਕੋਈ ਵਿਸਥਾਰਤ ਪ੍ਰੋਗਰਾਮ ਜਨਤਕ ਕੀਤਾ ਗਿਆ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਕਿਸੇ ਵੀ ਇਤਿਹਾਸਕ ਜਾਂ ਧਾਰਮਿਕ ਅੰਦੋਲਨ ਲਈ ਡੂੰਘੀ ਜ਼ਮੀਨੀ ਤਿਆਰੀ, ਲੋਕਾਂ ਦੀ ਭਾਗੀਦਾਰੀ ਅਤੇ ਸਪੱਸ਼ਟ ਰਣਨੀਤੀ ਦੀ ਲੋੜ ਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵੱਲੋਂ ਕੀਤਾ ਗਿਆ ਐਲਾਨ ਸਿਰਫ਼ ਸਿਆਸੀ ਸੁਰਖੀਆਂ ਬਟੋਰਣ ਲਈ ਸੀ ਅਤੇ ਹੁਣ ਇਹ ਚੁੱਪਚਾਪ ਠੰਢੇ ਬਸਤੇ ਵਿੱਚ ਪੈਂਦਾ ਨਜ਼ਰ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਲੀਆ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੀ ਇਸ ਮੋਰਚੇ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਖੁਦ ਆਪਣੇ ਐਲਾਨ ਨੂੰ ਲੈ ਕੇ ਗੰਭੀਰ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਮੋਰਚਾ ਕਦੇ ਵੀ ਲੋਕਾਂ ਦੀ ਲੜਾਈ ਨਹੀਂ ਸੀ, ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਖ਼ਿਲਾਫ਼ ਸਿਆਸੀ ਮਾਹੌਲ ਬਣਾਉਣ ਦੀ ਕੋਸ਼ਿਸ਼ ਸੀ।
ਬਲਤੇਜ ਪੰਨੂ ਨੇ ਅਕਾਲੀ ਦਲ ਦੇ ਪਿਛਲੇ ਕਾਰਜਕਾਲਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ 2007 ਤੋਂ 2017 ਤੱਕ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ ਅਤੇ ਗੈਂਗਸਟਰਵਾਦ ਵਧਿਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਸਾਲਾਂ ਤੋਂ ਵੱਡੇ-ਵੱਡੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।
2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਪੰਨੂ ਨੇ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਵਾਪਰੀਆਂ। ਉਨ੍ਹਾਂ ਦਾਅਵਾ ਕੀਤਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੰਗਤ ‘ਤੇ ਪੁਲਿਸ ਕਾਰਵਾਈ ਵੀ ਉਸੇ ਸਰਕਾਰ ਦੌਰਾਨ ਹੋਈ ਅਤੇ ਬਾਅਦ ਵਿੱਚ ਸਬੂਤਾਂ ਨਾਲ ਛੇੜਛਾੜ ਦੇ ਦੋਸ਼ ਵੀ ਸਾਹਮਣੇ ਆਏ।
ਉਨ੍ਹਾਂ ਇਹ ਵੀ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਅਕਾਲੀ ਦਲ ਦੇ ਕਈ ਆਗੂਆਂ ਨੇ ਜ਼ਮਾਨਤ ਹਾਸਲ ਕੀਤੀ ਅਤੇ ਕੁਝ ਅਦਾਲਤੀ ਟਿੱਪਣੀਆਂ ਵਿੱਚ ਵੀ ਉਸ ਸਮੇਂ ਦੀ ਸਰਕਾਰ ਦੀ ਭੂਮਿਕਾ ‘ਤੇ ਸਵਾਲ ਉਠਾਏ ਗਏ।
ਬਲਤੇਜ ਪੰਨੂ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਨਾਲ ਜੁੜੇ ਮਾਮਲਿਆਂ ਦਾ ਵੀ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਇਨਸਾਫ਼ ਦੀ ਮੰਗ ਕਰਨ ਵਾਲਿਆਂ ‘ਤੇ ਕੇਸ ਦਰਜ ਕੀਤੇ ਗਏ ਅਤੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਲਈ ਗੰਭੀਰ ਹੈ ਤਾਂ ਉਹ ਲੋਕਾਂ ਸਾਹਮਣੇ ਆਪਣਾ ਪੂਰਾ ਪ੍ਰੋਗਰਾਮ, ਰਣਨੀਤੀ ਅਤੇ ਅੰਦੋਲਨ ਦੀ ਅਗਵਾਈ ਕਰਨ ਵਾਲੇ ਆਗੂਆਂ ਦੇ ਨਾਮ ਜਨਤਕ ਕਰੇ। ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਐਲਾਨਾਂ ਅਤੇ ਭਾਵਨਾਤਮਕ ਨਾਅਰਿਆਂ ਨਾਲ ਪ੍ਰਭਾਵਿਤ ਨਹੀਂ ਹੋਣਗੇ ਅਤੇ ਉਹ ਸਿਆਸੀ ਹਕੀਕਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ।
