
ਚੰਡੀਗੜ੍ਹ, 18 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 16 ਦਿਨਾਂ ਦਾ ਵਿਸ਼ੇਸ਼ ‘ਆਪਰੇਸ਼ਨ ਪ੍ਰਹਾਰ-3.0’ ਸਫਲਤਾਪੂਰਵਕ ਸੰਪੰਨ ਕੀਤਾ ਗਿਆ। ਇਸ ਖੁਫੀਆ ਜਾਣਕਾਰੀ ਅਧਾਰਿਤ ਸੂਬਾ ਪੱਧਰੀ ਕਾਰਵਾਈ ਦੌਰਾਨ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੱਤਾ ਗਿਆ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸੂਬੇ ਵਿੱਚ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਦੇ ਗੱਠਜੋੜ ਨੂੰ ਤੋੜਨਾ, ਲੋਕਾਂ ਦਾ ਪੁਲਿਸ ‘ਤੇ ਭਰੋਸਾ ਹੋਰ ਮਜ਼ਬੂਤ ਕਰਨਾ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣਾ ਸੀ। ਉਨ੍ਹਾਂ ਕਿਹਾ ਕਿ ਆਪਰੇਸ਼ਨ ਨੂੰ ਪੂਰੀ ਯੋਜਨਾਬੱਧ ਰਣਨੀਤੀ ਨਾਲ ਚਲਾਇਆ ਗਿਆ, ਜਿਸ ਤਹਿਤ ਹਰ ਰੋਜ਼ ਇੱਕ ਪੁਲਿਸ ਰੇਂਜ ਜਾਂ ਕਮਿਸ਼ਨਰੇਟ ਵਿੱਚ ਵਿਸ਼ੇਸ਼ ਕਾਰਵਾਈ ਕੀਤੀ ਗਈ।
ਡੀਜੀਪੀ ਨੇ ਦੱਸਿਆ ਕਿ 10,401 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 5,448 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ 958 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ, 1,520 ਵਿਅਕਤੀਆਂ ਖ਼ਿਲਾਫ਼ ਰੋਕਥਾਮ ਕਾਰਵਾਈ ਕੀਤੀ ਗਈ ਅਤੇ 262 ਵਾਹਨ ਜ਼ਬਤ ਕੀਤੇ ਗਏ।
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ ਸੀ, ਸਗੋਂ ਇਸ ਦਾ ਉਦੇਸ਼ ਗੈਂਗਸਟਰ-ਡਰੱਗ ਗੱਠਜੋੜ ਨੂੰ ਤੋੜਨਾ, ਭਗੌੜੇ ਅਤੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨਾ, ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨਾ, ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਨਾ ਅਤੇ ਅੰਤਰ-ਜ਼ਿਲ੍ਹਾ ਪੁਲਿਸ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣਾ ਵੀ ਸੀ।
3,949 ਗ੍ਰਿਫ਼ਤਾਰੀਆਂ, 42 ਗੈਂਗਸਟਰ ਕਾਬੂ
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ-3.0 ਦੌਰਾਨ ਕੁੱਲ 3,949 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚ 42 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ, 1,201 ਨਸ਼ਾ ਤਸਕਰ, 119 ਭਗੌੜੇ ਅਪਰਾਧੀ ਅਤੇ 2,587 ਲੋੜੀਂਦੇ ਮੁਲਜ਼ਮ ਸ਼ਾਮਲ ਹਨ। ਇਸ ਤੋਂ ਇਲਾਵਾ 1,520 ਵਿਅਕਤੀਆਂ ਖ਼ਿਲਾਫ਼ ਰੋਕਥਾਮ ਕਾਰਵਾਈ ਵੀ ਕੀਤੀ ਗਈ।
ਵੱਡੀ ਮਾਤਰਾ ਵਿੱਚ ਨਸ਼ੇ, ਹਥਿਆਰ ਅਤੇ ਡਰੱਗ ਮਨੀ ਬਰਾਮਦ
ਪ੍ਰਵੀਨ ਸਿਨਹਾ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੇ 12 ਗੈਰ-ਕਾਨੂੰਨੀ ਹਥਿਆਰ, 10.47 ਕਿਲੋਗ੍ਰਾਮ ਹੈਰੋਇਨ, 1.50 ਕਿਲੋਗ੍ਰਾਮ ਅਫ਼ੀਮ, 30 ਕਿਲੋਗ੍ਰਾਮ ਗਾਂਜਾ, 259 ਕਿਲੋਗ੍ਰਾਮ ਭੁੱਕੀ, 21,746 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 646.25 ਲੀਟਰ ਲਾਹਣ, 1,243.5 ਲੀਟਰ ਨਾਜਾਇਜ਼ ਸ਼ਰਾਬ ਅਤੇ 4.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਤੋਂ ਇਲਾਵਾ ਚੋਰੀਸ਼ੁਦਾ ਵਾਹਨ, ਮੋਬਾਈਲ ਫ਼ੋਨ, ਗੋਲਾ-ਬਾਰੂਦ ਅਤੇ ਹੋਰ ਅਪਰਾਧਿਕ ਸਮੱਗਰੀ ਵੀ ਕਬਜ਼ੇ ਵਿੱਚ ਲਈ ਗਈ।
ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਜਬਰਨ ਵਸੂਲੀ, ਵਾਹਨ ਚੋਰੀ, ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ, ਫਾਰਮਾਸਿਊਟੀਕਲ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਕਈ ਅਪਰਾਧਿਕ ਮਾਡਿਊਲਾਂ ਦਾ ਵੀ ਪਰਦਾਫ਼ਾਸ਼ ਕੀਤਾ ਗਿਆ।
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਜਾਰੀ ਰਹੇਗੀ: ਡੀਜੀਪੀ
ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ‘ਗੈਂਗਸਟਰਾਂ ‘ਤੇ ਵਾਰ’ ਪੰਜਾਬ ਪੁਲਿਸ ਦੀ ਇੱਕ ਨਿਰੰਤਰ ਮੁਹਿੰਮ ਹੈ ਅਤੇ ਇਹ ਉਸ ਵੇਲੇ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਖੁਫੀਆ ਜਾਣਕਾਰੀ ਅਧਾਰਿਤ ਪੁਲਿਸਿੰਗ ਅਤੇ ਸਾਂਝੀ ਕਾਰਵਾਈ ਰਾਹੀਂ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰਹੇਗਾ।
ਲੋਕਾਂ ਨੂੰ ਐਂਟੀ-ਗੈਂਗਸਟਰ ਹੈਲਪਲਾਈਨ ‘ਤੇ ਜਾਣਕਾਰੀ ਦੇਣ ਦੀ ਅਪੀਲ
ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਸਾਂਝੀ ਕਰਨ। ਪੁਲਿਸ ਨੇ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੇ ਹਰ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੀਆਂ ਪੁਲਿਸ ਯੂਨਿਟਾਂ ਦੀ ਸ਼ਲਾਘਾ
ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਾ ਖੰਨਾ, ਬਠਿੰਡਾ, ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ ਅਤੇ ਮਾਨਸਾ ਦੀਆਂ ਪੁਲਿਸ ਯੂਨਿਟਾਂ ਦੀ ਗ੍ਰਿਫ਼ਤਾਰੀਆਂ ਦੇ ਮਾਮਲੇ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਵਿਸ਼ੇਸ਼ ਸ਼ਲਾਘਾ ਕੀਤੀ। ਇਸੇ ਤਰ੍ਹਾਂ ਹੁਸ਼ਿਆਰਪੁਰ, ਅੰਮ੍ਰਿਤਸਰ, ਕਮਿਸ਼ਨਰੇਟ ਜਲੰਧਰ, ਤਰਨ ਤਾਰਨ ਅਤੇ ਮੋਗਾ ਦੀਆਂ ਟੀਮਾਂ ਨੂੰ ਐਨਡੀਪੀਐਸ ਐਕਟ ਤਹਿਤ ਵੱਡੀਆਂ ਬਰਾਮਦਗੀਆਂ ਲਈ ਵੀ ਸਰਾਹਿਆ ਗਿਆ।
ਉਨ੍ਹਾਂ ਕਿਹਾ ਕਿ ਭਾਵੇਂ ਕੁਝ ਯੂਨਿਟਾਂ ਨੇ ਇਸ ਪੜਾਅ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਬਾਕੀ ਜ਼ਿਲ੍ਹੇ ਵੀ ਆਉਣ ਵਾਲੇ ਪੜਾਵਾਂ ਵਿੱਚ ਹੋਰ ਵਧੀਆ ਨਤੀਜੇ ਦੇਣਗੇ। ਉਨ੍ਹਾਂ ਕਿਹਾ ਕਿ ਹਰ ਪੁਲਿਸ ਯੂਨਿਟ ਦਾ ਸਾਂਝਾ ਟੀਚਾ ਪੰਜਾਬ ਨੂੰ ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ।
