
ਚੰਡੀਗੜ੍ਹ, 20 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ-ਟੌਲਰੈਂਸ ਨੀਤੀ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਵਿੱਚ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 1.5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਲੁਧਿਆਣਾ ਦੇ ਫੋਕਲ ਪੁਆਇੰਟ ਅਧੀਨ ਪਿੰਡ ਜਮਾਲਪੁਰ ਅਵਾਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਦੋਸ਼ੀ ਸੀਵਰਮੈਨ ਨੇ ਉਸਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਦੀ ਨੌਕਰੀ ਦਿਵਾਉਣ ਦੇ ਬਦਲੇ 1.5 ਲੱਖ ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਦੀ ਵੀਡੀਓ ਵੀ ਰਿਕਾਰਡ ਕੀਤੀ ਹੋਈ ਸੀ। ਇਸ ਤੋਂ ਇਲਾਵਾ, ਦੋਸ਼ੀ ਬਹਾਦਰ ਸਿੰਘ ਨੇ ਸ਼ਿਕਾਇਤਕਰਤਾ ਤੋਂ ਲਗਭਗ ਢਾਈ ਸਾਲ ਤੱਕ ਸੀਵਰੇਜ ਦੀ ਸਫਾਈ ਦਾ ਕੰਮ ਕਰਵਾਇਆ ਪਰ ਇਸ ਅਰਸੇ ਦੌਰਾਨ ਉਸਨੂੰ ਕਿਸੇ ਤਰ੍ਹਾਂ ਦੀ ਕੋਈ ਤਨਖਾਹ ਨਹੀਂ ਦਿੱਤੀ ਗਈ।
ਬੁਲਾਰੇ ਨੇ ਕਿਹਾ ਕਿ ਜਾਂਚ ਦੌਰਾਨ ਜੇਕਰ ਨਗਰ ਨਿਗਮ ਲੁਧਿਆਣਾ ਦੇ ਕਿਸੇ ਹੋਰ ਅਧਿਕਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਤਫਤੀਸ਼ ਦੌਰਾਨ ਲਗਾਏ ਗਏ ਦੋਸ਼ ਪ੍ਰਥਮ ਦ੍ਰਿਸ਼ਟਿਆ ਸਹੀ ਪਾਏ ਗਏ ਹਨ। ਇਸ ਸਬੰਧ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।