Wednesday, July 29Punjabi People

ਐਸ.ਆਈ.ਆਰ.-2026: ਬਲਾਚੌਰ ਨੇ ਘਰ-ਘਰ ਗਣਨਾ ਪੜਾਅ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ, ਸੀ.ਈ.ਓ.

ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਮੁਹਿੰਮ ਤਹਿਤ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਪਾਰਦਰਸ਼ੀ ਬਣਾਉਣ ਲਈ ਜਾਰੀ ਪ੍ਰਕਿਰਿਆ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਚੌਰ ਵਿਧਾਨ ਸਭਾ ਹਲਕੇ ਨੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਹਲਕੇ ਨੇ ਘਰ-ਘਰ ਗਣਨਾ ਪੜਾਅ ਤਹਿਤ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਪੂਰੀ ਕਰਕੇ ਸੂਬੇ ਲਈ ਇੱਕ ਮਿਸਾਲ ਕਾਇਮ ਕੀਤੀ ਹੈ।

ਇਸ ਸ਼ਾਨਦਾਰ ਪ੍ਰਾਪਤੀ ‘ਤੇ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹੇ ਦੇ ਸਮੂਹ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਟੀਮ ਵਰਕ ਦੀ ਭਰਪੂਰ ਸ਼ਲਾਘਾ ਕੀਤੀ।

ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ, ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ.) ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਵੱਲੋਂ ਮਿਸ਼ਨ-ਮੋਡ ਵਿੱਚ ਕੀਤੇ ਗਏ ਸੁਚੱਜੇ ਅਤੇ ਸਮੇਂਬੱਧ ਯਤਨਾਂ ਸਦਕਾ ਇਹ ਉਪਲਬਧੀ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰਸ਼ਾਸਕੀ ਸਫ਼ਲਤਾ ਨਹੀਂ, ਸਗੋਂ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ।

ਉਨ੍ਹਾਂ ਕਿਹਾ ਕਿ ਬਲਾਚੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਧਾਨ ਸਭਾ ਹਲਕਿਆਂ ਲਈ ਪ੍ਰੇਰਣਾਦਾਇਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਬਾਕੀ ਜ਼ਿਲ੍ਹੇ ਵੀ ਨਿਰਧਾਰਤ ਸਮਾਂ-ਸੀਮਾ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰਕੇ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।

ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਕੋਲ ਜਮ੍ਹਾਂ ਨਹੀਂ ਕਰਵਾਏ, ਉਹ ਬਿਨਾਂ ਕਿਸੇ ਦੇਰੀ ਦੇ ਇਹ ਕਾਰਵਾਈ ਪੂਰੀ ਕਰਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਗਣਨਾ ਫਾਰਮ ਜਮ੍ਹਾਂ ਕਰਵਾਉਣ ਨਾਲ ਵੋਟਰਾਂ ਦੇ ਨਾਮ ਵੋਟਰ ਸੂਚੀ ਦੇ ਖਰੜੇ ਵਿੱਚ ਸਹੀ ਢੰਗ ਨਾਲ ਦਰਜ ਹੋ ਸਕਣਗੇ ਅਤੇ ਉਹ ਆਪਣੇ ਲੋਕਤੰਤਰੀ ਅਧਿਕਾਰ ਦਾ ਸੁਚਾਰੂ ਢੰਗ ਨਾਲ ਇਸਤੇਮਾਲ ਕਰ ਸਕਣਗੇ।

ਉਨ੍ਹਾਂ ਦੁਹਰਾਇਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਵੱਧ ਤੋਂ ਵੱਧ ਸਹੀ, ਅਪਡੇਟ ਅਤੇ ਪਾਰਦਰਸ਼ੀ ਬਣਾਉਣਾ ਹੈ, ਜਿਸ ਵਿੱਚ ਹਰ ਯੋਗ ਵੋਟਰ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਪੰਜਾਬ ਦਾ ਚੋਣ ਵਿਭਾਗ ਇਸ ਮੁਹਿੰਮ ਨੂੰ ਸਮੇਂ ਸਿਰ ਅਤੇ ਸਫ਼ਲਤਾਪੂਰਵਕ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

Leave a Reply

Your email address will not be published. Required fields are marked *