
ਚੰਡੀਗੜ੍ਹ, 20 ਜੁਲਾਈ 2026: ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.-2026) ਤਹਿਤ ਚੱਲ ਰਹੀ ਵੋਟਰ ਸੂਚੀ ਅਪਡੇਟ ਮੁਹਿੰਮ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰ ਲਿਆ ਹੈ।
ਇਸ ਮਹੱਤਵਪੂਰਨ ਉਪਲਬਧੀ ‘ਤੇ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਦੋਵੇਂ ਵਿਧਾਨ ਸਭਾ ਹਲਕਿਆਂ ਦੇ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਚੋਣ ਅਧਿਕਾਰੀਆਂ ਅਤੇ ਫ਼ੀਲਡ ਸਟਾਫ਼ ਦੀ ਮਿਹਨਤ, ਸਮਰਪਣ ਅਤੇ ਮਿਸ਼ਨ ਮੋਡ ਵਿੱਚ ਕੀਤੇ ਗਏ ਕੰਮ ਦਾ ਨਤੀਜਾ ਹੈ।
ਅਨਿੰਦਿਤਾ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀਈਓਜ਼), ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਈਆਰਓਜ਼), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਏਈਆਰਓਜ਼) ਅਤੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨੇ ਆਪਸੀ ਤਾਲਮੇਲ ਨਾਲ ਘਰ-ਘਰ ਗਣਨਾ ਪੜਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ, ਜਿਸ ਕਾਰਨ ਦੋਵੇਂ ਹਲਕੇ ਸਮੇਂ ਤੋਂ ਪਹਿਲਾਂ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰਨ ਵਿੱਚ ਸਫ਼ਲ ਰਹੇ।
ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਹੋਰ ਜ਼ਿਲ੍ਹੇ ਵੀ ਇਸੇ ਰਫ਼ਤਾਰ ਨਾਲ ਕੰਮ ਕਰਦੇ ਹੋਏ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲੈਣਗੇ, ਜਿਸ ਨਾਲ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਚੋਣ ਅਫ਼ਸਰ ਨੇ ਇਸ ਮੌਕੇ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਕੋਲ ਜਮ੍ਹਾਂ ਨਹੀਂ ਕਰਵਾਏ, ਉਹ ਬਿਨਾਂ ਦੇਰੀ ਕੀਤੇ ਇਹ ਪ੍ਰਕਿਰਿਆ ਪੂਰੀ ਕਰਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫਾਰਮ ਜਮ੍ਹਾਂ ਕਰਵਾਉਣ ਨਾਲ ਡਰਾਫਟ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਹੋਣਾ ਯਕੀਨੀ ਬਣੇਗਾ ਅਤੇ ਭਵਿੱਖ ਵਿੱਚ ਵੋਟ ਦੇ ਅਧਿਕਾਰ ਦੀ ਵਰਤੋਂ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਚੋਣ ਕਮਿਸ਼ਨ ਦਾ ਉਦੇਸ਼ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਨਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਸਟੀਕ ਅਤੇ ਭਰੋਸੇਯੋਗ ਬਣਾਉਣਾ ਹੈ। ਇਸ ਲਈ ਚੱਲ ਰਹੀ ਵਿਸ਼ੇਸ਼ ਤੀਬਰ ਸੋਧ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।
