Wednesday, July 29Punjabi People

15 ਅਗਸਤ ਤੱਕ ਆਧਾਰ ਨਾਲ ਬੈਂਕ ਖਾਤਾ ਲਿੰਕ ਕਰਵਾਉਣ SC ਵਿਦਿਆਰਥੀ, ਨਹੀਂ ਤਾਂ ਰੁਕ ਸਕਦੀ ਹੈ ਪੋਸਟ-ਮੈਟ੍ਰਿਕ ਸਕਾਲਰਸ਼ਿਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜੁਲਾਈ 2026: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਲਾਭ ਲੈ ਰਹੇ ਸਾਰੇ ਅਨੁਸੂਚਿਤ ਜਾਤੀ (ਐੱਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਨੂੰ ਆਧਾਰ ਨਾਲ ਲਿੰਕ (Aadhaar Seeding) ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਨਾਲ ਹੀ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਡਾਇਰੈਕਟ ਬੈਨਿਫਿਟ ਟਰਾਂਸਫਰ (DBT) ਰਾਹੀਂ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਸਕੇਗੀ।

ਆਧਾਰ ਨਾਲ ਲਿੰਕ ਖਾਤੇ ਵਿੱਚ ਹੀ ਆਵੇਗੀ ਸਕਾਲਰਸ਼ਿਪ ਦੀ ਰਕਮ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਰੀ ਵਿੱਤੀ ਸਹਾਇਤਾ ਸਿਰਫ਼ ਆਧਾਰ ਨਾਲ ਲਿੰਕ ਕੀਤੇ ਚਾਲੂ ਬੈਂਕ ਖਾਤਿਆਂ ਵਿੱਚ ਹੀ ਡੀਬੀਟੀ ਪ੍ਰਣਾਲੀ ਰਾਹੀਂ ਭੇਜੀ ਜਾਂਦੀ ਹੈ। ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਅਜੇ ਤੱਕ ਆਧਾਰ ਨਾਲ ਸੀਡ ਨਹੀਂ ਹੋਏ, ਉਹ ਯੋਗ ਹੋਣ ਦੇ ਬਾਵਜੂਦ ਵੀ ਵਜ਼ੀਫ਼ੇ ਦੀ ਰਕਮ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਸਕਦੇ ਹਨ।

2022-23 ਤੋਂ 2025-26 ਤੱਕ ਦੇ ਬਕਾਇਆ ਕੇਸਾਂ ਦੀਆਂ ਸੂਚੀਆਂ ਜਾਰੀ

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸਾਲ 2022-23 ਤੋਂ 2025-26 ਤੱਕ ਦੇ ਉਹਨਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੇ ਵਜ਼ੀਫ਼ੇ ਦੀ ਅਦਾਇਗੀ ਸਿਰਫ਼ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਨਾ ਹੋਣ ਕਾਰਨ ਰੁਕੀ ਹੋਈ ਹੈ।

ਇਹ ਸੂਚੀਆਂ ਡਾ. ਭੀਮ ਰਾਓ ਅੰਬੇਡਕਰ ਸਕਾਲਰਸ਼ਿਪ ਪੋਰਟਲ ਅਤੇ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਸੂਚੀ ਵਿੱਚ ਚੈੱਕ ਕਰਨ, ਆਪਣੇ ਬੈਂਕ ਖਾਤੇ ਦੀ ਸਥਿਤੀ ਦੀ ਪੁਸ਼ਟੀ ਕਰਨ ਅਤੇ ਜੇ ਲੋੜ ਹੋਵੇ ਤਾਂ ਤੁਰੰਤ ਆਪਣੇ ਬੈਂਕ ਨਾਲ ਸੰਪਰਕ ਕਰਕੇ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣ, ਤਾਂ ਜੋ ਬਕਾਇਆ ਸਕਾਲਰਸ਼ਿਪ ਦੀ ਰਕਮ ਬਿਨਾਂ ਕਿਸੇ ਹੋਰ ਦੇਰੀ ਦੇ ਜਾਰੀ ਕੀਤੀ ਜਾ ਸਕੇ।

ਸਿੱਖਿਆ ਸਮਾਜਿਕ ਸਸ਼ਕਤੀਕਰਨ ਦੀ ਮਜ਼ਬੂਤ ਨੀਂਹ

ਡਾ. ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਸਮਾਜਿਕ ਸਸ਼ਕਤੀਕਰਨ ਅਤੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਸਭ ਤੋਂ ਵੱਡੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ਼ ਦਫ਼ਤਰੀ ਜਾਂ ਤਕਨੀਕੀ ਕਮੀ ਕਾਰਨ ਆਪਣੇ ਵਜ਼ੀਫ਼ੇ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਹਰ ਇੱਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਇੱਕ ਵਿਦਿਆਰਥੀ ਦੇ ਭਵਿੱਖ ਵਿੱਚ ਕੀਤਾ ਗਿਆ ਨਿਵੇਸ਼ ਹੈ, ਜੋ ਉਸ ਨੂੰ ਉੱਚ ਸਿੱਖਿਆ ਹਾਸਲ ਕਰਨ, ਆਤਮ-ਨਿਰਭਰ ਬਣਨ ਅਤੇ ਸਮਾਜ ਵਿੱਚ ਸਨਮਾਨ ਨਾਲ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਦਾ ਹੈ।

ਆਖਰੀ ਮਿਤੀ ਦੀ ਉਡੀਕ ਨਾ ਕਰੋ: ਮੰਤਰੀ

ਮੰਤਰੀ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ 15 ਅਗਸਤ ਦੀ ਆਖਰੀ ਮਿਤੀ ਦੀ ਉਡੀਕ ਕਰਨ ਦੀ ਬਜਾਏ ਜਿੰਨੀ ਜਲਦੀ ਹੋ ਸਕੇ ਆਧਾਰ ਸੀਡਿੰਗ ਦੀ ਪ੍ਰਕਿਰਿਆ ਪੂਰੀ ਕਰ ਲੈਣ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਵਿਦਿਆਰਥੀ ਨਿਰਧਾਰਤ ਸਮੇਂ ਅੰਦਰ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਉਣਗੇ, ਉਨ੍ਹਾਂ ਦੇ ਵਜ਼ੀਫ਼ੇ ਦੀ ਰਕਮ ਜਾਰੀ ਹੋਣ ਵਿੱਚ ਦੇਰੀ ਹੋ ਸਕਦੀ ਹੈ ਜਾਂ ਭੁਗਤਾਨ ਰੁਕ ਸਕਦਾ ਹੈ। ਅਜਿਹੀ ਸਥਿਤੀ ਲਈ ਸੰਬੰਧਤ ਵਿਦਿਆਰਥੀ ਖ਼ੁਦ ਜ਼ਿੰਮੇਵਾਰ ਹੋਣਗੇ, ਕਿਉਂਕਿ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਹੀ ਡੀਬੀਟੀ ਰਾਹੀਂ ਭੁਗਤਾਨ ਸੰਭਵ ਹੈ।

ਪਾਰਦਰਸ਼ੀ ਅਤੇ ਸਮੇਂ ਸਿਰ ਵਜ਼ੀਫ਼ਾ ਦੇਣ ਲਈ ਸਰਕਾਰ ਵਚਨਬੱਧ

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਤੱਕ ਪਾਰਦਰਸ਼ੀ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਸਕਾਲਰਸ਼ਿਪ ਦੀ ਰਕਮ ਪਹੁੰਚਾਉਣਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੇ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਦੀ ਪ੍ਰਕਿਰਿਆ ਪੂਰੀ ਕਰਕੇ ਸਰਕਾਰੀ ਸਕਾਲਰਸ਼ਿਪ ਯੋਜਨਾ ਦਾ ਪੂਰਾ ਲਾਭ ਪ੍ਰਾਪਤ ਕਰਨ।

Leave a Reply

Your email address will not be published. Required fields are marked *