Wednesday, July 29Punjabi People

ਪੰਜਾਬ ਦੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸਮੀਖਿਆ, ਮਾਨਸੂਨ ਸੀਜ਼ਨ ਲਈ ਜਾਰੀ ਕੀਤੀਆਂ ਹਦਾਇਤਾਂ

ਚੰਡੀਗੜ੍ਹ, 22 ਜੁਲਾਈ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਦਿਆਂ ਸੂਬੇ ਭਰ ਵਿੱਚ ਚੱਲ ਰਹੇ ਸੜਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਆਧੁਨਿਕ, ਸੁਰੱਖਿਅਤ ਅਤੇ ਬਿਹਤਰ ਸੜਕੀ ਆਵਾਜਾਈ ਨੈੱਟਵਰਕ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਮੇਂ ਸੂਬੇ ਵਿੱਚ ਕਰੀਬ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਦੇ ਵੱਡੇ ਪੱਧਰ ‘ਤੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਰਾਜ ਮਾਰਗਾਂ, ਮੁੱਖ ਸੜਕਾਂ ਅਤੇ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਹਲਕਾ ਅਤੇ ਮੰਡਲ-ਵਾਰ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।

ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਕਿਸੇ ਵੀ ਪ੍ਰੋਜੈਕਟ ਵਿੱਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਸੂਨ ਦੇ ਮੌਸਮ ਦੌਰਾਨ ਸੜਕਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ ਅਤੇ ਜਿੱਥੇ ਵੀ ਮੀਂਹ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੋਵੇ, ਉੱਥੇ ਤੁਰੰਤ ਕਾਰਵਾਈ ਕਰਕੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਮਾਨਸੂਨ ਦੌਰਾਨ ਜਿੱਥੇ ਲੁੱਕ (ਬਿਟੂਮਿਨ) ਦੇ ਕੰਮ ਸੰਭਵ ਨਹੀਂ ਹਨ, ਉੱਥੇ ਡਬਲਿਊ.ਬੀ.ਐਮ. (Water Bound Macadam) ਸੜਕਾਂ ਦੀ ਰੋਲਿੰਗ ਕਰਕੇ ਉਨ੍ਹਾਂ ਨੂੰ ਮੀਂਹ ਖ਼ਤਮ ਹੋਣ ਉਪਰੰਤ ਬਿਟੂਮਿਨ ਕੰਮ ਲਈ ਤਿਆਰ ਰੱਖਿਆ ਜਾਵੇ, ਤਾਂ ਜੋ ਮੌਸਮ ਅਨੁਕੂਲ ਹੁੰਦਿਆਂ ਹੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ।

ਉਨ੍ਹਾਂ ਸਾਰੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਪ੍ਰੋਜੈਕਟ ਦੀ ਰੋਜ਼ਾਨਾ ਅਧਾਰ ‘ਤੇ ਨਿਗਰਾਨੀ ਕੀਤੀ ਜਾਵੇ ਅਤੇ ਪ੍ਰਗਤੀ ਰਿਪੋਰਟਾਂ ਦਾ ਨਿਯਮਤ ਮੁਲਾਂਕਣ ਕੀਤਾ ਜਾਵੇ, ਤਾਂ ਜੋ ਕੋਈ ਵੀ ਕੰਮ ਨਿਰਧਾਰਤ ਸਮੇਂ ਤੋਂ ਪਿੱਛੇ ਨਾ ਰਹਿ ਜਾਵੇ।

ਸੜਕਾਂ ਦੀ ਗੁਣਵੱਤਾ (ਕੁਆਲਿਟੀ ਕੰਟਰੋਲ) ਨੂੰ ਸਰਵੋਚ ਤਰਜੀਹ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਟੈਕਸ ਦੇ ਹਰ ਪੈਸੇ ਦੀ ਸਹੀ ਵਰਤੋਂ ਲਈ ਵਚਨਬੱਧ ਹੈ। ਇਸ ਲਈ ਸਾਰੇ ਨਿਰਮਾਣ ਕਾਰਜ ਉੱਚ ਮਿਆਰਾਂ ਅਨੁਸਾਰ ਕਰਵਾਏ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਘਟੀਆ ਸਮੱਗਰੀ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਰ ਪੱਧਰ ‘ਤੇ ਲਗਾਤਾਰ ਜਾਂਚ ਅਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ।

ਕੈਬਨਿਟ ਮੰਤਰੀ ਨੇ ਸੜਕ ਸੁਰੱਖਿਆ ਸਬੰਧੀ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਪ੍ਰੋਜੈਕਟਾਂ ‘ਤੇ ਲੋੜੀਂਦੇ ਸਾਈਨ ਬੋਰਡ, ਲੇਨ ਮਾਰਕਿੰਗ, ਚੇਤਾਵਨੀ ਚਿੰਨ੍ਹ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਦੀ ਸਹੂਲਤ ਮਿਲ ਸਕੇ।

ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੰਡਾਂ ਨਾਲ ਸਬੰਧਤ ਬਕਾਇਆ ਮੰਗਾਂ ਨੂੰ ਤੁਰੰਤ ਦਰਜ ਕਰਕੇ ਅਦਾਇਗੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਵਿੱਤੀ ਕਾਰਨਾਂ ਕਰਕੇ ਕਿਸੇ ਵੀ ਵਿਕਾਸ ਪ੍ਰੋਜੈਕਟ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ।

ਅੰਤ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਉਹ ਜਲਦ ਹੀ ਦੁਬਾਰਾ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ ਅਤੇ ਜਿੱਥੇ ਵੀ ਲੋੜ ਪਈ, ਉੱਥੇ ਮੌਕੇ ‘ਤੇ ਜਾ ਕੇ ਵੀ ਹਾਲਾਤ ਦਾ ਜਾਇਜ਼ਾ ਲਿਆ ਜਾਵੇਗਾ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਮੇਂ ਸਿਰ ਬਿਹਤਰ ਸੜਕੀ ਬੁਨਿਆਦੀ ਢਾਂਚੇ ਦਾ ਲਾਭ ਮਿਲ ਸਕੇ।

ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਹਰਗੁਣਜੀਤ ਕੌਰ, ਸੰਯੁਕਤ ਸਕੱਤਰ ਅਮਰਬੀਰ ਸਿੱਧੂ, ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਅਰਸ਼ਦੀਪ ਸਿੰਘ, ਸਮੇਤ ਵੱਖ-ਵੱਖ ਮੰਡਲਾਂ ਦੇ ਸੁਪਰੀਟੈਂਡਿੰਗ ਅਤੇ ਕਾਰਜਕਾਰੀ ਇੰਜੀਨੀਅਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *