
ਚੰਡੀਗੜ੍ਹ, 20 ਜਨਵਰੀ 2026: ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਧੀਨ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ 369 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ 49 ਐਫਆਈਆਰ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਹੁਣ ਤੱਕ ਗ੍ਰਿਫ਼ਤਾਰ ਹੋਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 45,403 ਤੱਕ ਪਹੁੰਚ ਗਈ ਹੈ।
ਇਨ੍ਹਾਂ ਛਾਪਿਆਂ ਦੌਰਾਨ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਕਬਜ਼ੇ ਵਿੱਚੋਂ 1.3 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 18 ਕਿਲੋਗ੍ਰਾਮ ਭੁੱਕੀ, 130 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, ਨਾਲ ਹੀ 2,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਇਸ ਆਪ੍ਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਦੇਖ-ਰੇਖ ਹੇਠ 1,000 ਤੋਂ ਵੱਧ ਪੁਲਿਸ ਕਰਮਚਾਰੀਆਂ ‘ਤੇ ਆਧਾਰਿਤ 120 ਤੋਂ ਜ਼ਿਆਦਾ ਟੀਮਾਂ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ 369 ਥਾਵਾਂ ‘ਤੇ ਛਾਪੇ ਮਾਰੇ। ਦਿਨ ਭਰ ਚੱਲੀ ਇਸ ਕਾਰਵਾਈ ਦੌਰਾਨ 368 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਗਈ।
ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ—ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ)—ਲਾਗੂ ਕੀਤੀ ਗਈ ਹੈ। ਇਸ ਰਣਨੀਤੀ ਦੇ ਤਹਿਤ ਅੱਜ ਦੀ ਕਾਰਵਾਈ ਦੌਰਾਨ 37 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਲੈਣ ਵਾਸਤੇ ਪ੍ਰੇਰਿਤ ਕੀਤਾ ਗਿਆ ਹੈ।
