Wednesday, July 29Punjabi People

ਮਹਿੰਦਰ ਭਗਤ ਨੇ ਲੁਧਿਆਣਾ ਬਾਗਬਾਨੀ ਵਿਕਾਸ ਕੇਂਦਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 23 ਜੁਲਾਈ 2026: ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਲੁਧਿਆਣਾ ਵਿਖੇ ਨਿਰਮਾਣ ਅਧੀਨ ਬਾਗਬਾਨੀ ਵਿਕਾਸ ਕੇਂਦਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ, ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ, ਗੁਣਵੱਤਾ ਵਾਲੀ ਖੇਤੀ ਸਮੱਗਰੀ ਅਤੇ ਮਾਹਿਰਾਂ ਦੀ ਤਕਨੀਕੀ ਸਲਾਹ ਉਪਲਬਧ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਮਹਿੰਦਰ ਭਗਤ ਨੇ ਦੱਸਿਆ ਕਿ ਲੁਧਿਆਣਾ ਵਿੱਚ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਲਈ ਇੱਕ ਮਹੱਤਵਪੂਰਨ ਸੰਸਥਾ ਸਾਬਤ ਹੋਵੇਗਾ। ਇਹ ਕੇਂਦਰ ਉੱਚ ਗੁਣਵੱਤਾ ਵਾਲੀ ਪੌਧ ਸਮੱਗਰੀ ਦੀ ਉਪਲਬਧਤਾ, ਆਧੁਨਿਕ ਬਾਗਬਾਨੀ ਤਕਨੀਕਾਂ ਦੀ ਸਿਖਲਾਈ, ਨਵੀਆਂ ਖੇਤੀ ਵਿਧੀਆਂ ਬਾਰੇ ਜਾਣਕਾਰੀ ਅਤੇ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਦੇ ਕਿਸਾਨਾਂ ਨੂੰ ਬਾਗਬਾਨੀ ਖੇਤਰ ਨਾਲ ਜੁੜੀਆਂ ਨਵੀਂਆਂ ਸੰਭਾਵਨਾਵਾਂ ਨਾਲ ਜੋੜੇਗਾ ਅਤੇ ਪੰਜਾਬ ਵਿੱਚ ਫਲਾਂ, ਸਬਜ਼ੀਆਂ ਅਤੇ ਹੋਰ ਬਾਗਬਾਨੀ ਫਸਲਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਨਾਲ ਕਿਸਾਨਾਂ ਨੂੰ ਵਧੇਰੇ ਲਾਭਕਾਰੀ ਖੇਤੀ ਵੱਲ ਪ੍ਰੇਰਨਾ ਮਿਲੇਗੀ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਦੇ ਟੀਚੇ ਨੂੰ ਵੀ ਬਲ ਮਿਲੇਗਾ।

ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਮੁਆਇਨਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਕੰਮ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਨਿਰਮਾਣ ਵਿੱਚ ਵਰਤੀ ਜਾ ਰਹੀ ਸਮੱਗਰੀ ਅਤੇ ਤਕਨੀਕੀ ਮਾਪਦੰਡਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਸਭ ਤੋਂ ਵੱਧ ਤਰਜੀਹੀ ਹਨ ਅਤੇ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮਹਿੰਦਰ ਭਗਤ ਨੇ ਕਿਹਾ ਕਿ ਬਾਗਬਾਨੀ ਵਿਕਾਸ ਕੇਂਦਰ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਮਹੱਤਵਪੂਰਨ ਪ੍ਰੋਜੈਕਟ ਹੈ, ਜੋ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜ ਕੇ ਸੂਬੇ ਵਿੱਚ ਟਿਕਾਊ ਅਤੇ ਲਾਭਕਾਰੀ ਖੇਤੀ ਨੂੰ ਉਤਸ਼ਾਹਿਤ ਕਰੇਗਾ।

Leave a Reply

Your email address will not be published. Required fields are marked *