Wednesday, July 29Punjabi People

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਦਾ ਖੁਦ ਨੋਟਿਸ ਲੈਂਦਿਆਂ ਸੂਓ ਮੋਟੋ ਕਾਰਵਾਈ ਸ਼ੁਰੂ

ਚੰਡੀਗੜ੍ਹ, 23 ਜੁਲਾਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਲੋਕਾਂ ਨਾਲ ਸਬੰਧਤ ਤਿੰਨ ਵੱਖ-ਵੱਖ ਮਾਮਲਿਆਂ ਦਾ ਖੁਦ ਨੋਟਿਸ ਲੈਂਦਿਆਂ (ਸੂਓ ਮੋਟੋ) ਕਾਰਵਾਈ ਸ਼ੁਰੂ ਕੀਤੀ ਹੈ। ਕਮਿਸ਼ਨ ਨੇ ਇਨ੍ਹਾਂ ਮਾਮਲਿਆਂ ਸਬੰਧੀ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟਾਂ ਤਲਬ ਕੀਤੀਆਂ ਹਨ।

ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਖ਼ਬਰਾਂ ਦੇ ਆਧਾਰ ’ਤੇ ਕਮਿਸ਼ਨ ਨੇ ਤਿੰਨ ਮਾਮਲਿਆਂ ਦਾ ਨੋਟਿਸ ਲਿਆ ਹੈ, ਤਾਂ ਜੋ ਮਾਮਲਿਆਂ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾ ਸਕੇ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਨੂੰ ਸੂਓ ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਕਥਿਤ ਲਾਠੀਚਾਰਜ ਦੇ ਮਾਮਲੇ ਸਬੰਧੀ ਤੱਥਾਂ ਦੀ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਅਤੇ ਕੀਤੀ ਗਈ ਕਾਰਵਾਈ ਦਾ ਵੇਰਵਾ ਪੇਸ਼ ਕਰਨ ਲਈ ਕਿਹਾ ਹੈ।

ਦੂਜੇ ਮਾਮਲੇ ਵਿੱਚ ਕਮਿਸ਼ਨ ਨੇ ਐਸ.ਐਸ.ਪੀ. ਜਲੰਧਰ ਤੋਂ ਹਲਕਾ ਫਿਲੌਰ ਨਾਲ ਸਬੰਧਤ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਲੜਕੀ ਅਨੂ ਦੇ ਕਤਲ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਜਾਂਚ ਦੀ ਸਥਿਤੀ ਅਤੇ ਹੁਣ ਤੱਕ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਮੰਗੀ ਹੈ।

ਇਸੇ ਤਰ੍ਹਾਂ ਤੀਜੇ ਮਾਮਲੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਨਾਲ ਜੁੜੇ ਮਾਮਲੇ ਸਬੰਧੀ ਰਿਪੋਰਟ ਮੰਗੀ ਗਈ ਹੈ। ਕਮਿਸ਼ਨ ਨੇ ਇਸ ਮਾਮਲੇ ਦੇ ਤੱਥਾਂ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਕਾਰਵਾਈ ਦਾ ਪੂਰਾ ਵੇਰਵਾ ਦੇਣ ਲਈ ਕਿਹਾ ਹੈ।

ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ ਸਬੰਧਤ ਅਧਿਕਾਰੀਆਂ ਨੂੰ 28 ਜੁਲਾਈ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਮੁੱਖ ਜ਼ਿੰਮੇਵਾਰੀ ਹੈ, ਜਿਸ ਤਹਿਤ ਹਰ ਸ਼ਿਕਾਇਤ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *