
ਚੰਡੀਗੜ੍ਹ, 24 ਜੁਲਾਈ 2026: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੰਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਇੱਕ ਸਮਾਜਿਕ ਸਿੱਖਿਆ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਅਧਿਆਪਕ ਖ਼ਿਲਾਫ਼ ਗਲਤ ਵਿਵਹਾਰ ਅਤੇ ਧਮਕੀਆਂ ਦੇਣ ਸਬੰਧੀ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਸਕੂਲ ਸਿੱਖਿਆ ਵਿਭਾਗ ਵੱਲੋਂ ਦੱਸਿਆ ਗਿਆ ਕਿ ਇਹ ਫ਼ੈਸਲਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਜਾਂਚ ਰਿਪੋਰਟ ਦੇ ਅਧਾਰ ‘ਤੇ ਲਿਆ ਗਿਆ ਹੈ। ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਹੈ ਤਾਂ ਜੋ ਜਾਂਚ ਨਿਰਪੱਖ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧ ਸਕੇ।
ਸ਼ਿਕਾਇਤ ਮੁਤਾਬਕ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਸੰਬੰਧਿਤ ਅਧਿਆਪਕ ਨੇ ਉਨ੍ਹਾਂ ਨਾਲ ਅਣਉਚਿਤ ਵਿਵਹਾਰ ਕੀਤਾ ਅਤੇ ਗਲਤ ਢੰਗ ਨਾਲ ਛੂਹਿਆ। ਵਿਦਿਆਰਥਣਾਂ ਦਾ ਇਹ ਵੀ ਦੋਸ਼ ਹੈ ਕਿ ਅਧਿਆਪਕ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਨ੍ਹਾਂ ਨੂੰ ਇਮਤਿਹਾਨਾਂ ਵਿੱਚ ਫੇਲ੍ਹ ਕਰ ਦਿੱਤਾ ਜਾਵੇਗਾ।
ਇਸ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਬਿਲਕੁਲ ਸਪੱਸ਼ਟ ਹੈ ਕਿ ਸਰਕਾਰੀ ਸਕੂਲਾਂ ਵਿੱਚ ਹਰ ਵਿਦਿਆਰਥੀ ਨੂੰ ਸੁਰੱਖਿਅਤ, ਸਨਮਾਨਯੋਗ ਅਤੇ ਭੈਅ-ਮੁਕਤ ਮਾਹੌਲ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕਿਸੇ ਵੀ ਹਾਲਤ ਵਿੱਚ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਨਾਲ ਦੁਰਵਿਵਹਾਰ ਕਰਨ ਜਾਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਕਰਮਚਾਰੀ ਜਾਂ ਅਧਿਆਪਕ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਸਮਾਂਬੱਧ ਅਤੇ ਨਿਰਪੱਖ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸੰਬੰਧਿਤ ਅਧਿਆਪਕ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ, ਸਨਮਾਨਜਨਕ ਅਤੇ ਭਰੋਸੇਮੰਦ ਸਿੱਖਿਆ ਮਾਹੌਲ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੀ ਹਰ ਸ਼ਿਕਾਇਤ ਨੂੰ ਸਭ ਤੋਂ ਉੱਚੀ ਤਰਜੀਹ ਨਾਲ ਲਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਾ ਕੀਤੀ ਜਾਵੇ।
ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੁਅੱਤਲੀ ਦੌਰਾਨ ਸੰਬੰਧਿਤ ਅਧਿਆਪਕ ਨੂੰ ਸੇਵਾ ਨਿਯਮਾਂ ਦੇ ਤਹਿਤ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ, ਜਦਕਿ ਉਸ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਦਾ ਦਫ਼ਤਰ ਰਹੇਗਾ। ਜਾਂਚ ਪੂਰੀ ਹੋਣ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
