Wednesday, July 29Punjabi People

ਪੰਜਾਬ ਰਾਜ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਖ਼ਮੀ ਸਫ਼ਾਈ ਸੇਵਕਾਂ ਦਾ ਹਾਲ-ਚਾਲ ਜਾਣਿਆ

ਬਰਨਾਲਾ, 26 ਜੁਲਾਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕਰਕੇ ਪਿਛਲੇ ਦਿਨੀਂ ਹੋਏ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਸੇਵਕਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਕਰੀਬ ਦਰਜਨ ਭਰ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਹਰੇਕ ਜ਼ਖ਼ਮੀ ਦੀ ਵਿਸਥਾਰਪੂਰਵਕ ਮੈਡੀਕਲ ਰਿਪੋਰਟ ਹਾਸਲ ਕੀਤੀ।

ਇਸ ਮੌਕੇ ਚੇਅਰਮੈਨ ਗੜ੍ਹੀ ਨੇ ਜ਼ਖ਼ਮੀ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਉਨ੍ਹਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਪੱਧਰ ‘ਤੇ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਦੀ ਬਹੁਤ ਮਹੱਤਵਪੂਰਨ ਸੇਵਾ ਨਿਭਾਉਂਦੇ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਜ਼ਬਰ-ਜ਼ੁਲਮ ਜਾਂ ਅਣਮਨੁੱਖੀ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਇਆ ਲਾਠੀਚਾਰਜ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ 22 ਜੁਲਾਈ ਨੂੰ ਵਾਪਰੀ ਸੀ ਅਤੇ ਮੀਡੀਆ ਵਿੱਚ ਸਾਹਮਣੇ ਆਈਆਂ ਰਿਪੋਰਟਾਂ ਦੇ ਆਧਾਰ ‘ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ 23 ਜੁਲਾਈ ਨੂੰ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 24 ਜੁਲਾਈ ਨੂੰ ਸਬੰਧਤ ਡੀਐਸਪੀ ਨੂੰ ਮੁਅੱਤਲ ਵੀ ਕੀਤਾ ਗਿਆ।

ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ 28 ਜੁਲਾਈ ਨੂੰ ਬਰਨਾਲਾ ਪੁਲਿਸ ਤੋਂ ਇਸ ਮਾਮਲੇ ਸਬੰਧੀ ਵਿਸਥਾਰਤ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਸਫ਼ਾਈ ਸੇਵਕ ਯੂਨੀਅਨ ਨੂੰ ਵੀ ਆਪਣੇ ਬਿਆਨ ਅਤੇ ਤੱਥ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਹਰ ਪੱਖ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਪੀੜਤ ਕਰਮਚਾਰੀਆਂ ਨੂੰ ਪੂਰਾ ਇਨਸਾਫ਼ ਮਿਲੇ।

ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਬਹੁਤ ਹੀ ਔਖੀਆਂ ਹਾਲਤਾਂ ਵਿੱਚ ਆਪਣੀ ਡਿਊਟੀ ਨਿਭਾਉਂਦੇ ਹਨ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਮਿਹਨਤੀ ਕਰਮਚਾਰੀਆਂ ਨਾਲ ਹਿੰਸਾ ਅਤੇ ਦੁਰਵਿਵਹਾਰ ਕਿਸੇ ਵੀ ਸੂਰਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਸਫ਼ਾਈ ਸੇਵਕਾਂ ਦੀਆਂ ਮੈਡੀਕਲ ਰਿਪੋਰਟਾਂ ਦਾ ਵੀ ਜਾਇਜ਼ਾ ਲਿਆ ਗਿਆ ਹੈ ਅਤੇ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਉਨ੍ਹਾਂ ਦੀ ਸਿਹਤ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ ਹੈ, ਤਾਂ ਜੋ ਜਾਂਚ ਦੌਰਾਨ ਕੋਈ ਵੀ ਮਹੱਤਵਪੂਰਨ ਤੱਥ ਨਜ਼ਰਅੰਦਾਜ਼ ਨਾ ਰਹੇ।

ਸ੍ਰੀ ਗੜ੍ਹੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਫ਼ਾਈ ਸੇਵਕਾਂ ‘ਤੇ ਜਬਰ-ਜ਼ੁਲਮ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਕਮਿਸ਼ਨ ਕਾਨੂੰਨ ਅਨੁਸਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਵੇਗਾ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗਾ।

ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜ਼ਖ਼ਮੀ ਸਫ਼ਾਈ ਸੇਵਕਾਂ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਉਨ੍ਹਾਂ ਨੂੰ ਇਲਾਜ ਲਈ ਇੱਕ ਵੀ ਪੈਸਾ ਖਰਚ ਨਹੀਂ ਕਰਨਾ ਪਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਦਾਖ਼ਲ ਹਰ ਮਰੀਜ਼ ਨੂੰ ਬਿਨਾਂ ਕਿਸੇ ਰੁਕਾਵਟ ਦੇ ਉੱਚ ਪੱਧਰੀ ਮੁਫ਼ਤ ਇਲਾਜ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਇਸ ਤੋਂ ਪਹਿਲਾਂ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਰੁਪਿੰਦਰ ਸਿੰਘ ਸੀਤਲ ਦੀ ਰਿਹਾਇਸ਼ ‘ਤੇ ਕਮਿਸ਼ਨ ਦੇ ਮੈਂਬਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਵੀ ਕੀਤੀ। ਇਸ ਮੀਟਿੰਗ ਵਿੱਚ ਕਮਿਸ਼ਨ ਮੈਂਬਰ ਸ੍ਰੀ ਰੁਪਿੰਦਰ ਸਿੰਘ ਸੀਤਲ, ਸ੍ਰੀ ਗੁਲਜ਼ਾਰ ਸਿੰਘ ਅਤੇ ਸ੍ਰੀ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹਰ ਪੀੜਤ ਵਿਅਕਤੀ ਨੂੰ ਸਮੇਂ ਸਿਰ ਅਤੇ ਨਿਰਪੱਖ ਇਨਸਾਫ਼ ਦਿਵਾਉਣਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਉੱਤੇ ਹੋਣ ਵਾਲੇ ਜ਼ੁਲਮ ਜਾਂ ਭੇਦਭਾਵ ਦੇ ਕਿਸੇ ਵੀ ਮਾਮਲੇ ਨੂੰ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਸੁਣਿਆ ਅਤੇ ਨਿਪਟਾਇਆ ਜਾਵੇ।

ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਵਿੱਚ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਗੁਲਸ਼ਨ ਕੁਮਾਰ ਸਮੇਤ ਯੂਨੀਅਨ ਦੇ ਹੋਰ ਨੁਮਾਇੰਦੇ ਵੀ ਮੌਜੂਦ ਰਹੇ, ਜਿਨ੍ਹਾਂ ਨੇ ਚੇਅਰਮੈਨ ਨਾਲ ਮਾਮਲੇ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਪੀੜਤ ਕਰਮਚਾਰੀਆਂ ਨੂੰ ਜਲਦੀ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।

Leave a Reply

Your email address will not be published. Required fields are marked *