
ਚੰਡੀਗੜ੍ਹ, 29 ਜੁਲਾਈ 2026: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਦੀਆਂ ਸੱਤ ਅਤੇ ਬਿਜਲੀ ਵਿਭਾਗ ਦੀਆਂ ਦੋ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ।
ਬੈਠਕਾਂ ਦੌਰਾਨ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੇਵਾਵਾਂ ਨਾਲ ਜੁੜੇ ਮਾਮਲਿਆਂ ਦੀ ਸਮੀਖਿਆ ਅਧਿਕਾਰੀਆਂ ਦੀ ਕਮੇਟੀ ਅਤੇ ਵਿੱਤੀ ਮੰਗਾਂ ਦੀ ਸਮੀਖਿਆ ਵਿੱਤ ਕਮੇਟੀ ਰਾਹੀਂ ਤੇਜ਼ੀ ਨਾਲ ਕੀਤੀ ਜਾਵੇ, ਤਾਂ ਜੋ ਜਲਦ ਤੋਂ ਜਲਦ ਅਮਲਯੋਗ ਅਤੇ ਠੋਸ ਪ੍ਰਸਤਾਵ ਸਰਕਾਰ ਅੱਗੇ ਪੇਸ਼ ਕੀਤੇ ਜਾ ਸਕਣ।
3704 ਅਧਿਆਪਕ ਯੂਨੀਅਨ ਦੀਆਂ ਮੰਗਾਂ ‘ਤੇ ਗੰਭੀਰ ਚਰਚਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਹੋਈਆਂ ਬੈਠਕਾਂ ਦੌਰਾਨ 3704 ਅਧਿਆਪਕ ਯੂਨੀਅਨ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਹਰਪਾਲ ਸਿੰਘ ਚੀਮਾ ਨੇ 9 ਜੁਲਾਈ ਨੂੰ ਗਠਿਤ ਉੱਚ ਪੱਧਰੀ ਕਮੇਟੀ—ਜਿਸ ਵਿੱਚ ਵਿੱਤ, ਪ੍ਰਸੋਨਲ, ਸਕੂਲ ਸਿੱਖਿਆ ਵਿਭਾਗ, ਐਡਵੋਕੇਟ ਜਨਰਲ ਦਫ਼ਤਰ ਅਤੇ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਹਨ—ਨੂੰ ਆਪਣੀਆਂ ਸਿਫ਼ਾਰਸ਼ਾਂ ਜਲਦੀ ਤਿਆਰ ਕਰਕੇ ਸਰਕਾਰ ਨੂੰ ਸੌਂਪਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਕਾਨੂੰਨੀ ਅਤੇ ਵਿੱਤੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਥਾਈ ਹੱਲ ਲੱਭਣਾ ਹੈ।
ਈਟੀਟੀ ਟੈਟ ਪਾਸ ਅਧਿਆਪਕਾਂ ਦੇ ਵਿੱਤੀ ਮਸਲਿਆਂ ‘ਤੇ ਵੀ ਹੋਵੇਗੀ ਕਾਰਵਾਈ
ਈ.ਟੀ.ਟੀ. ਟੈਟ ਪਾਸ ਟੀਚਰਜ਼ ਐਸੋਸੀਏਸ਼ਨ ਵੱਲੋਂ ਉਠਾਏ ਗਏ ਵਿੱਤੀ ਮੁੱਦਿਆਂ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਵਿੱਤ ਮੰਤਰੀ ਨੇ ਵਿੱਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਨਾਲ ਤੁਰੰਤ ਸਾਂਝੀ ਬੈਠਕ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਾਰੀਆਂ ਜਾਇਜ਼ ਮੰਗਾਂ ਲਈ ਵਿਹਾਰਕ ਅਤੇ ਲਾਗੂ ਕੀਤੇ ਜਾ ਸਕਣ ਵਾਲੇ ਹੱਲ ਤਿਆਰ ਕੀਤੇ ਜਾ ਸਕਣ।
ਫਿਜ਼ੀਕਲ ਐਜੂਕੇਸ਼ਨ ਅਤੇ ਮੁੜ ਬਹਾਲ ਕੱਚੇ ਅਧਿਆਪਕਾਂ ਦੇ ਮਸਲੇ ਵੀ ਵਿਚਾਰੇ
ਵਿੱਤ ਮੰਤਰੀ ਨੇ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਯੂਨੀਅਨ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵੱਖ-ਵੱਖ ਬੈਠਕਾਂ ਕੀਤੀਆਂ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਸਬੰਧੀ ਪ੍ਰਸ਼ਾਸਕੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਲੰਬਿਤ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ।
ਆਰਟ ਐਂਡ ਕ੍ਰਾਫਟ ਅਧਿਆਪਕਾਂ ਦੀ ਭਰਤੀ ‘ਤੇ ਸਰਕਾਰ ਸਰਗਰਮ
ਆਰਟ ਅਤੇ ਕ੍ਰਾਫਟ ਅਧਿਆਪਕਾਂ ਦੀਆਂ 250 ਅਸਾਮੀਆਂ ਦੀ ਭਰਤੀ ਸਬੰਧੀ ਉਠੇ ਮੁੱਦੇ ‘ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਪ੍ਰਭਾਵਸ਼ਾਲੀ ਹੱਲ ਕੱਢਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਵੱਖ-ਵੱਖ ਆਰਟ ਐਂਡ ਕ੍ਰਾਫਟ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਇੱਕ ਸਾਂਝਾ ਮੰਗ ਪੱਤਰ ਸਰਕਾਰ ਨੂੰ ਸੌਂਪਣ, ਤਾਂ ਜੋ ਫ਼ੈਸਲਾ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣ ਸਕੇ।
ਪਾਵਰਕੌਮ ਅਤੇ ਟ੍ਰਾਂਸਕੋ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਦਿੱਤਾ ਭਰੋਸਾ
ਬਾਅਦ ਵਿੱਚ ਪਾਵਰਕੌਮ ਅਤੇ ਟ੍ਰਾਂਸਕੋ ਦੇ ਕੰਟਰੈਕਟ ਵਰਕਰਾਂ ਦੀ ਕੋਆਰਡੀਨੇਸ਼ਨ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਨੂੰ ਸਿੱਧੇ ਵਿਭਾਗੀ ਠੇਕਿਆਂ ਅਧੀਨ ਲਿਆਉਣ ਲਈ ਸਰਕਾਰ ਪਹਿਲਾਂ ਹੀ ਕੰਮ ਕਰ ਰਹੀ ਹੈ ਅਤੇ ਇਸ ਨਾਲ ਉਨ੍ਹਾਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।
ਇਸ ਤੋਂ ਇਲਾਵਾ ਪਾਵਰਕੌਮ ਆਊਟਸੋਰਸ ਸਪਾਟ ਬਿਲਿੰਗ ਮੀਟਰ ਰੀਡਰ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐੱਸਪੀਸੀਐੱਲ) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਕੇ ਲੋੜੀਂਦੀ ਪ੍ਰਸ਼ਾਸਕੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇ।
ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਰੱਖੇ ਆਪਣੇ ਮਸਲੇ
ਇਨ੍ਹਾਂ ਬੈਠਕਾਂ ਵਿੱਚ ਸਿੱਖਿਆ ਅਤੇ ਬਿਜਲੀ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਆਪਣੇ-ਆਪਣੇ ਮੁੱਦੇ ਅਤੇ ਮੰਗਾਂ ਸਰਕਾਰ ਸਾਹਮਣੇ ਰੱਖੀਆਂ। ਵਿੱਤ ਮੰਤਰੀ ਨੇ ਸਾਰੀਆਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਸੰਵਾਦ ਰਾਹੀਂ ਹਰ ਜਾਇਜ਼ ਮੰਗ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਮਾਮਲੇ ਨੂੰ ਬੇਲੋੜੇ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਪ੍ਰਸ਼ਾਸਕੀ ਸੁਧਾਰਾਂ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਵਿਭਾਗਾਂ ਨੂੰ ਸਮੇਂਬੱਧ ਢੰਗ ਨਾਲ ਮਸਲਿਆਂ ਦੇ ਹੱਲ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।
