
ਚੰਡੀਗੜ੍ਹ, 30 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਅਤੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦੇ ਅਮਲੇ ਦੀ ਉਪਲਬਧਤਾ ਨਾਲ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਯੋਗ ਸਟਾਫ਼ ਦੀ ਨਿਯੁਕਤੀ ਨਾਲ ਬਾਗ਼ਬਾਨੀ ਨਾਲ ਜੁੜੇ ਕਿਸਾਨਾਂ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਤਕਨੀਕੀ ਸਲਾਹ, ਸਰਕਾਰੀ ਸਕੀਮਾਂ ਦਾ ਲਾਭ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਆਸਾਨ ਹੋਵੇਗਾ।
ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਬਣੇ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੇਵਾਵਾਂ ਮਿਲ ਸਕਣ।
ਸਮੀਖਿਆ ਮੀਟਿੰਗ ਦੌਰਾਨ ਸਕੱਤਰ ਬਾਗ਼ਬਾਨੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਸ੍ਰੀ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਗਰਾਮਾਂ, ਕਿਸਾਨ ਭਲਾਈ ਯੋਜਨਾਵਾਂ, ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਹੋਰ ਮਹੱਤਵਪੂਰਨ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਾਗ਼ਬਾਨੀ ਖੇਤਰ ਦੀਆਂ ਬੇਅੰਤ ਸੰਭਾਵਨਾਵਾਂ ਹਨ ਅਤੇ ਸਰਕਾਰ ਇਸ ਖੇਤਰ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਬਾਗ਼ਬਾਨੀ ਨਾਲ ਜੋੜਨ ਲਈ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਯੋਗ ਕਿਸਾਨ ਤੱਕ ਪਹੁੰਚਾਉਣ ਲਈ ਪਿੰਡ ਪੱਧਰ ਤੱਕ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਲਈ ਵਿਭਾਗ ਨੂੰ ਹੋਰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਕਿਸਾਨ-ਪੱਖੀ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ।
