
ਅੰਮ੍ਰਿਤਸਰ/ਗੁਰਦਾਸਪੁਰ 21 ਜਨਵਰੀ 2026: ਪੰਜਾਬ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਨੈਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਵੱਖ-ਵੱਖ ਥਾਵਾਂ ’ਤੇ ਕੀਤੀਆਂ ਗਈਆਂ ਕਾਰਵਾਈਆਂ ਦੌਰਾਨ ਪੁਲਿਸ ਨੇ ਤਸਕਰੀ ਵਿੱਚ ਸ਼ਾਮਿਲ ਕਈ ਮੁਲਜ਼ਮਾਂ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿੱਚ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।
ਇਸੇ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਿਤ ਤਸਕਰਾਂ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਕਾਰਵਾਈ ਦੌਰਾਨ ਦੋ ਕਾਰਕੁਨ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬਰਾਮਦ ਹਥਿਆਰਾਂ ਵਿੱਚ 2 ਗਲੌਕ 9 ਐਮਐਮ ਅਤੇ 4 .30 ਬੋਰ ਪਿਸਤੌਲ ਸ਼ਾਮਲ ਹਨ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਆ ਰਹੇ ਹਥਿਆਰ ਸਰਹੱਦੀ ਇਲਾਕਿਆਂ ’ਚ ਰਿਸੀਵ ਕਰਦੇ ਸਨ ਅਤੇ ਬਾਅਦ ਵਿੱਚ ਇਹ ਹਥਿਆਰ ਪੰਜਾਬ ਦੇ ਗੈਂਗਸਟਰਾਂ ਤੱਕ ਪਹੁੰਚਾਏ ਜਾਂਦੇ ਸਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਆਪਰੇਸ਼ਨ ਸੀਆਈਏ ਸਟਾਫ ਵੱਲੋਂ ਇੰਟੈਲੀਜੈਂਸ ਬੇਸਡ ਜਾਣਕਾਰੀ ਦੇ ਆਧਾਰ ’ਤੇ ਅੰਜਾਮ ਦਿੱਤਾ ਗਿਆ। ਪਹਿਲਾਂ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਪਿੰਡ ਰੱਤੋਕੇ (ਖੇਮਕਰਨ) ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 4 ਪਿਸਤੌਲ ਬਰਾਮਦ ਹੋਏ। ਇਸ ਤੋਂ ਬਾਅਦ ਸੁਰਜੀਤ ਸਿੰਘ ਉਰਫ਼ ਚੇਲਾ, ਵਾਸੀ ਭਿੱਖੀਵਿੰਡ (ਜ਼ਿਲ੍ਹਾ ਤਰਨਤਾਰਨ) ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 2 ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਧੁਨਿਕ ਅਤੇ ਘਾਤਕ ਹਥਿਆਰ ਗੈਂਗਸਟਰ ਕ੍ਰਾਈਮ ਨੂੰ ਵਧਾਵਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਕਾਰਵਾਈ ਨਾਲ ਨਾ ਸਿਰਫ਼ ਹਥਿਆਰਾਂ ਦੀ ਸਪਲਾਈ ਚੇਨ ਟੁੱਟੀ ਹੈ, ਸਗੋਂ ਆਰਗਨਾਈਜ਼ਡ ਕ੍ਰਾਈਮ ਨੈਟਵਰਕ ਨੂੰ ਵੀ ਵੱਡਾ ਝਟਕਾ ਲੱਗਿਆ ਹੈ। ਮਾਮਲੇ ਸਬੰਧੀ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ ਅਸਲਾ ਐਕਟ ਤਹਿਤ ਐਫਆਈਆਰ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਤਸਕਰੀ ਨਾਲ ਜੁੜੇ ਵਿੱਤੀ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਗੁਰਦਾਸਪੁਰ ਵਿੱਚ ਵੀ ਵੱਡੀ ਕਾਰਵਾਈ
ਇਸੇ ਤਰ੍ਹਾਂ ਗੁਰਦਾਸਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਸੰਗਰੂਰ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨੂੰ ਪੰਜ PX5-30 ਬੋਰ ਵਿਦੇਸ਼ੀ ਪਿਸਤੌਲ ਅਤੇ ਸੱਤ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਹਥਿਆਰ ਪਾਕਿਸਤਾਨ ਤੋਂ ਸਰਹੱਦ ਪਾਰ ਰਾਹੀਂ ਭੇਜੇ ਗਏ ਸਨ।
ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਇੱਕ ਸਾਲ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ ਅਤੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਲਈ ਹਥਿਆਰਾਂ ਦੀ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਉਸ ਨੂੰ ਕਾਬੂ ਕਰ ਲਿਆ ਅਤੇ ਹੋਰ ਜਾਂਚ ਜਾਰੀ ਹੈ।
ਡੋਮੀਨੋਜ਼ ਪੀਜ਼ਾ ਰੈਸਟੋਰੈਂਟ ਗੋਲੀਕਾਂਡ ਦਾ ਪਰਦਾਫ਼ਾਸ਼
ਗੁਰਦਾਸਪੁਰ ਪੁਲਿਸ ਨੇ ਜੇਲ੍ਹ ਰੋਡ ’ਤੇ ਸਥਿਤ ਡੋਮੀਨੋਜ਼ ਪੀਜ਼ਾ ਰੈਸਟੋਰੈਂਟ ਵਿੱਚ ਗੋਲੀਬਾਰੀ ਕਰਨ ਵਾਲੇ ਦੋ ਨੌਜਵਾਨਾਂ ਨਿਖਿਲ ਠਾਕੁਰ ਅਤੇ ਅਭਿਸ਼ੇਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਅਪਰਾਧ ਵਿੱਚ ਵਰਤਿਆ ਮੋਟਰਸਾਈਕਲ ਅਤੇ 520 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਿਕ ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨੇ ਇਹ ਵਾਰਦਾਤ ਕਿਸ ਦੇ ਨਿਰਦੇਸ਼ਾਂ ’ਤੇ ਅੰਜਾਮ ਦਿੱਤੀ।
