
ਅੰਮ੍ਰਿਤਸਰ, 01 ਅਗਸਤ 2026: ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਦੌਰਾਨ ਇੱਕ ਕਥਿਤ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ਰਾਹੀਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਤਸਕਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ।
ਵਿਦੇਸ਼ੀ ਹੈਂਡਲਰ ਦੇ ਇਸ਼ਾਰਿਆਂ ‘ਤੇ ਕਰ ਰਿਹਾ ਸੀ ਕੰਮ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ, ਜਿਸ ਦੇ ਸਰਹੱਦ ਪਾਰ ਬੈਠੇ ਤਸਕਰਾਂ ਨਾਲ ਸਿੱਧੇ ਸੰਪਰਕ ਸਨ। ਜਾਂਚ ਏਜੰਸੀਆਂ ਮੁਤਾਬਕ ਹੈਰੋਇਨ ਦੀਆਂ ਖੇਪਾਂ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜਲੇ ਇਲਾਕਿਆਂ ਵਿੱਚ ਪਹੁੰਚਾਈਆਂ ਜਾਂਦੀਆਂ ਸਨ, ਜਿੱਥੋਂ ਮੁਲਜ਼ਮ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਖੇਤਰਾਂ ਵਿੱਚ ਸਪਲਾਈ ਕਰਦਾ ਸੀ।
ਪੁਲਿਸ ਨੂੰ ਸ਼ੱਕ ਹੈ ਕਿ ਇਹ ਨੈੱਟਵਰਕ ਲੰਬੇ ਸਮੇਂ ਤੋਂ ਸਰਗਰਮ ਸੀ ਅਤੇ ਸਰਹੱਦ ਪਾਰੋਂ ਭੇਜੀਆਂ ਜਾ ਰਹੀਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਪੰਜਾਬ ਦੇ ਅੰਦਰੂਨੀ ਇਲਾਕਿਆਂ ਤੱਕ ਪਹੁੰਚਾਉਣ ਦਾ ਕੰਮ ਕਰਦਾ ਸੀ।
ਐਨਡੀਪੀਐਸ ਐਕਟ ਤਹਿਤ ਕੇਸ ਦਰਜ
ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਨੈੱਟਵਰਕ ਨਾਲ ਜੁੜੇ ਹੋਰ ਤੱਥ ਸਾਹਮਣੇ ਲਿਆਂਦੇ ਜਾ ਸਕਣ।
ਪੂਰੇ ਨੈੱਟਵਰਕ ਦੀ ਜਾਂਚ ਜਾਰੀ
ਪੰਜਾਬ ਪੁਲਿਸ ਨੇ ਦੱਸਿਆ ਕਿ ਜਾਂਚ ਦਾ ਦਾਇਰਾ ਸਿਰਫ਼ ਗ੍ਰਿਫ਼ਤਾਰ ਮੁਲਜ਼ਮ ਤੱਕ ਸੀਮਤ ਨਹੀਂ ਰਹੇਗਾ। ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਰੈਕੇਟ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ, ਵਿਦੇਸ਼ੀ ਹੈਂਡਲਰ ਦੀ ਪਛਾਣ ਕੀ ਹੈ ਅਤੇ ਇਸ ਨੈੱਟਵਰਕ ਦੇ ਤਾਰ ਪਹਿਲਾਂ ਬੇਨਕਾਬ ਹੋਏ ਨਸ਼ਾ ਤਸਕਰੀ ਦੇ ਮਾਡਿਊਲਾਂ ਨਾਲ ਤਾਂ ਨਹੀਂ ਜੁੜਦੇ।
ਇਸ ਦੇ ਨਾਲ ਹੀ ਪੁਲਿਸ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਦੇ ਤਰੀਕਿਆਂ, ਵਿੱਤੀ ਲੈਣ-ਦੇਣ, ਸਥਾਨਕ ਸਹਿਯੋਗੀਆਂ ਅਤੇ ਵੰਡ ਪ੍ਰਣਾਲੀ ਦੀ ਵੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।
ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹਰ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਉਸ ਨਾਲ ਜੁੜੇ ਹਰ ਵਿਅਕਤੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਅਜਿਹੇ ਅਪਰਾਧਿਕ ਗਿਰੋਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
