
ਚੰਡੀਗੜ੍ਹ, 1 ਅਗਸਤ 2026: ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀਆਂ ਵਿੱਤੀ ਪ੍ਰਾਪਤੀਆਂ ਦਾ ਸਿਹਰਾ ਵਿਭਾਗ ਵੱਲੋਂ ਅਪਣਾਏ ਗਏ ਸੁਚੱਜੇ ਅਤੇ ਪ੍ਰਭਾਵਸ਼ਾਲੀ ਰੋਡਮੈਪ ਨੂੰ ਦਿੰਦਿਆਂ ਕਿਹਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਵੀ ਮਜ਼ਬੂਤ ਮਾਲੀਆ ਕਾਰਗੁਜ਼ਾਰੀ ਨੂੰ ਲਗਾਤਾਰ ਬਰਕਰਾਰ ਰੱਖਿਆ ਹੈ।
ਉਨ੍ਹਾਂ ਕਿਹਾ ਕਿ ਬਿਹਤਰ ਟੈਕਸ ਪਾਲਣਾ ਨੂੰ ਯਕੀਨੀ ਬਣਾਉਣ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀਆਂ ਟੀਚਾਬੱਧ ਕਾਰਵਾਈਆਂ, ਕਰ ਚੋਰੀ ਵਿਰੁੱਧ ਸਖ਼ਤ ਮੁਹਿੰਮ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਨਤੀਜੇ ਵਜੋਂ ਸੂਬੇ ਦੀ ਜੀਐੱਸਟੀ ਉਗਰਾਹੀ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਟੈਕਸ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਹਿਤੈਸ਼ੀ ਬਣਾਉਣਾ ਹੈ, ਤਾਂ ਜੋ ਇਮਾਨਦਾਰੀ ਨਾਲ ਟੈਕਸ ਅਦਾ ਕਰਨ ਵਾਲੇ ਕਾਰੋਬਾਰੀਆਂ ਨੂੰ ਸੁਵਿਧਾ ਮਿਲੇ ਅਤੇ ਟੈਕਸ ਚੋਰੀ ਕਰਨ ਵਾਲੇ ਤੱਤਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।
ਹਰਪਾਲ ਸਿੰਘ ਚੀਮਾ ਨੇ ਵਿਸ਼ਵਾਸ ਜਤਾਇਆ ਕਿ ਇਸੇ ਰਣਨੀਤੀ ਅਤੇ ਸੁਚੱਜੇ ਪ੍ਰਬੰਧਨ ਦੇ ਸਹਾਰੇ ਪੰਜਾਬ ਆਉਣ ਵਾਲੇ ਮਹੀਨਿਆਂ ਵਿੱਚ ਵੀ ਮਾਲੀਆ ਇਕੱਠਾ ਕਰਨ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖੇਗਾ, ਜਿਸ ਨਾਲ ਸੂਬੇ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ।
