Sunday, August 2Punjabi People

ਗਨੀਵ ਕੌਰ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 2 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਦੀ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਵਿਸ਼ੇਸ਼ ਇਜਲਾਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਅਹਿਮ ਪੱਤਰ ਲਿਖ ਕੇ ਪੰਥਕ ਮਾਰਗਦਰਸ਼ਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਵਿੱਚ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਉਹ ਵਿਧਾਨ ਸਭਾ ਸੈਸ਼ਨ ਦੌਰਾਨ ਆਪਣੀਆਂ ਜ਼ਿੰਮੇਵਾਰੀਆਂ ਪੰਥਕ ਮਰਿਆਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਨਿਭਾ ਸਕਣ।

ਗਨੀਵ ਕੌਰ ਮਜੀਠੀਆ ਨੇ ਆਪਣੇ ਪੱਤਰ ਵਿੱਚ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਤ ਸਮਾਂ-ਸੀਮਾ ਅੰਦਰ ਲੋੜੀਂਦੀਆਂ ਸੋਧਾਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਨੇ ਉਹ ਵਚਨ ਪੂਰਾ ਨਹੀਂ ਕੀਤਾ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਦਿੱਤਾ ਗਿਆ ਸੀ।

ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ਹਰ ਸਿੱਖ ਲਈ ਸਰਵਉੱਚ ਹਨ ਅਤੇ ਇੱਕ ਜਨ ਪ੍ਰਤੀਨਿਧ ਹੋਣ ਦੇ ਨਾਲ-ਨਾਲ ਉਹ ਸਭ ਤੋਂ ਪਹਿਲਾਂ ਗੁਰੂ ਸਾਹਿਬ ਦੀ ਇੱਕ ਨਿਮਰ ਸਿੱਖ ਹਨ। ਇਸ ਲਈ ਉਹ ਚਾਹੁੰਦੇ ਹਨ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਉਨ੍ਹਾਂ ਦਾ ਹਰ ਕਦਮ ਪੰਥਕ ਮਰਿਆਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦੇ ਅਨੁਕੂਲ ਹੋਵੇ।

ਗਨੀਵ ਕੌਰ ਮਜੀਠੀਆ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਅਤੇ ਪੰਥ ਨਾਲ ਜੁੜੇ ਮਾਮਲੇ ‘ਤੇ ਆਪਣਾ ਮਾਰਗਦਰਸ਼ਨ ਪ੍ਰਦਾਨ ਕਰਨ, ਤਾਂ ਜੋ ਉਹ ਅਤੇ ਹੋਰ ਸਿੱਖ ਨੁਮਾਇੰਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਆਪਣੀ ਸੰਵਿਧਾਨਕ ਅਤੇ ਪੰਥਕ ਜ਼ਿੰਮੇਵਾਰੀ ਨਿਭਾ ਸਕਣ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਉਨ੍ਹਾਂ ਲਈ ਸਰਵੋਪਰਿ ਹਨ ਅਤੇ ਉਹ ਹਰ ਹਾਲਤ ਵਿੱਚ ਉਨ੍ਹਾਂ ਦੀ ਪਾਲਣਾ ਕਰਨ ਲਈ ਵਚਨਬੱਧ ਹਨ।

Leave a Reply

Your email address will not be published. Required fields are marked *