
ਮੋਹਾਲੀ, 8 ਅਗਸਤ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਪਹਿਲਕਦਮੀ ਤਹਿਤ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਪਹਿਲਾ ਸ਼ੋਅ ਮੋਹਾਲੀ ਵਿੱਚ ਕਰਵਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਦਰਸ਼ਕਾਂ ਦੇ ਨਾਲ ਬੈਠ ਕੇ ਨਾਟਕ ਦਾ ਆਨੰਦ ਮਾਣਿਆ। ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ।
ਇਹ ਨਾਟਕ ਪੰਜਾਬ ਸਰਕਾਰ ਦੀ ਰਾਜ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ। ਇਸ ਮੁਹਿੰਮ ਤਹਿਤ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੁੱਲ 41 ਮੁਫ਼ਤ ਸ਼ੋਅ ਕਰਵਾਏ ਜਾਣਗੇ। ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮਕਸਦ ਰੰਗਮੰਚ ਵਰਗੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਭਗਵਾਨ ਸ਼੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸਦੀਵੀ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।
ਸੱਚ, ਧਾਰਮਿਕਤਾ ਅਤੇ ਏਕਤਾ ਦਾ ਸੰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਹਮਾਰੇ ਰਾਮ’ ਸਿਰਫ਼ ਇੱਕ ਨਾਟਕ ਨਹੀਂ, ਸਗੋਂ ਭਾਰਤ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਪੀੜ੍ਹੀ ਨਾਲ ਜੋੜਨ ਦਾ ਇੱਕ ਯਤਨ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਉਤਨੀਆਂ ਹੀ ਸਾਰਥਕ ਹਨ ਅਤੇ ਸਮਾਜ ਵਿੱਚ ਸੱਚ, ਧਾਰਮਿਕਤਾ, ਦਇਆ, ਆਪਸੀ ਸਤਿਕਾਰ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰੇ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਜਿਹੇ ਸੱਭਿਆਚਾਰਕ ਪ੍ਰੋਗਰਾਮ ਲੋਕਾਂ ਨੂੰ ਸਾਂਝੇ ਮੁੱਲਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।
12 ਸ਼ਹਿਰਾਂ ਵਿੱਚ ਹੋਣਗੇ ਸ਼ੋਅ
ਮੁੱਖ ਮੰਤਰੀ ਨੇ ਦੱਸਿਆ ਕਿ ਅਗਸਤ ਅਤੇ ਸਤੰਬਰ ਦੌਰਾਨ ਪੰਜਾਬ ਦੇ 12 ਸ਼ਹਿਰਾਂ ਵਿੱਚ ‘ਹਮਾਰੇ ਰਾਮ’ ਦੇ 41 ਸ਼ੋਅ ਕਰਵਾਏ ਜਾਣਗੇ। ਇਨ੍ਹਾਂ ਵਿੱਚ ਮੋਹਾਲੀ ਤੋਂ ਇਲਾਵਾ ਬਠਿੰਡਾ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ ਆਦਿ ਸ਼ਹਿਰ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸਾਰੇ ਸ਼ੋਅ ਮੁਫ਼ਤ ਹੋਣਗੇ ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਇਨ੍ਹਾਂ ਨੂੰ ਦੇਖ ਸਕਣ ਅਤੇ ਭਗਵਾਨ ਸ਼੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਸਕਣ।
ਨੌਜਵਾਨਾਂ ਨੂੰ ਥੀਏਟਰ ਨਾਲ ਜੋੜਨ ’ਤੇ ਜ਼ੋਰ
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲ ਦਾ ਇੱਕ ਅਹਿਮ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਮੁਤਾਬਕ ਵਿਸ਼ਵ ਪੱਧਰੀ ਰੰਗਮੰਚ ਰਾਹੀਂ ਪੇਸ਼ ਕੀਤਾ ਜਾ ਰਿਹਾ ਇਹ ਨਾਟਕ ਰਾਮਾਇਣ ਦੇ ਕਈ ਅਜਿਹੇ ਪੱਖਾਂ ਨੂੰ ਸਾਹਮਣੇ ਲਿਆਉਂਦਾ ਹੈ, ਜੋ ਦਰਸ਼ਕਾਂ ਲਈ ਨਵਾਂ ਅਤੇ ਗਿਆਨਵਰਧਕ ਅਨੁਭਵ ਪੇਸ਼ ਕਰਦੇ ਹਨ।
ਉਨ੍ਹਾਂ ਕਿਹਾ ਕਿ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਮੌਜੂਦਗੀ ਅਤੇ ਉਨ੍ਹਾਂ ਦੀ ਪ੍ਰਭਾਵਸ਼ਾਲੀ ਅਦਾਕਾਰੀ ਨੇ ਨਾਟਕ ਦੀ ਪੇਸ਼ਕਾਰੀ ਨੂੰ ਹੋਰ ਵੀ ਖਾਸ ਬਣਾ ਦਿੱਤਾ ਹੈ। ਨਾਟਕ ਨੂੰ ਪਹਿਲਾਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਣ ਦੀ ਗੱਲ ਵੀ ਉਨ੍ਹਾਂ ਨੇ ਕਹੀ।
ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਸਰਕਾਰ ਵਚਨਬੱਧ: ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਆਪਣੀ ਵਿਲੱਖਣ ਸੱਭਿਆਚਾਰਕ, ਧਾਰਮਿਕ ਅਤੇ ਇਤਿਹਾਸਕ ਵਿਰਾਸਤ ਲਈ ਜਾਣਿਆ ਜਾਂਦਾ ਹੈ ਅਤੇ ਸਰਕਾਰ ਇਸ ਵਿਰਾਸਤ ਨੂੰ ਸੰਭਾਲਣ ਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਹਮਾਰੇ ਰਾਮ’ ਵਰਗੇ ਪ੍ਰੋਗਰਾਮ ਲੋਕਾਂ ਨੂੰ ਆਪਣੀਆਂ ਜੜ੍ਹਾਂ ਅਤੇ ਰਵਾਇਤੀ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਸਹਾਇਕ ਹਨ।
ਉਨ੍ਹਾਂ ਸਰਕਾਰ ਵੱਲੋਂ ਪਹਿਲਾਂ ਕਰਵਾਏ ਗਏ ‘ਏਕ ਸ਼ਾਮ ਸ਼ਿਵ ਕੇ ਨਾਮ’ ਪ੍ਰੋਗਰਾਮ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਨੂੰ ਸੂਬੇ ਭਰ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।
150 ਕਲਾਕਾਰਾਂ ਦੀ ਟੀਮ ਦਾ ਸਵਾਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਹਮਾਰੇ ਰਾਮ’ ਦੀ ਪੇਸ਼ਕਾਰੀ ਨਾਲ ਜੁੜੀ 150 ਕਲਾਕਾਰਾਂ ਦੀ ਪੂਰੀ ਟੀਮ ਦਾ ਪੰਜਾਬ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਲੋਕਾਂ ਦਾ ਇਕੱਠੇ ਸ਼ਾਮਲ ਹੋਣਾ ਪੰਜਾਬ ਦੀ ਏਕਤਾ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਪੰਜਾਬ ਵਾਸੀਆਂ ਨੂੰ ਸ਼ਾਂਤੀ, ਭਾਈਚਾਰਕ ਸਾਂਝ, ਏਕਤਾ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਕਿਹਾ ਕਿ ਸਰਕਾਰ ਅਜਿਹੇ ਸੱਭਿਆਚਾਰਕ ਉਪਰਾਲਿਆਂ ਰਾਹੀਂ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦੇ ਯਤਨ ਲਗਾਤਾਰ ਜਾਰੀ ਰੱਖੇਗੀ।
