
ਚੰਡੀਗੜ੍ਹ, 8 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਅਤੇ ਵਡੇਰੀ ਉਮਰ ਦੀ ਮਾਤਾ ਨਾਲ ਮੁਲਾਕਾਤ ਕਰਨ ਲਈ 10 ਦਿਨਾਂ ਦੀ ਪੈਰੋਲ ਦੇਣ ਦੇ ਮਾਮਲੇ ‘ਤੇ ਮਾਨਵਤਾ ਅਤੇ ਹਮਦਰਦੀ ਦੇ ਆਧਾਰ ‘ਤੇ ਵਿਚਾਰ ਕੀਤਾ ਜਾਵੇ।
ਮੁੱਖ ਮੰਤਰੀ ਨੇ ਇਸ ਸਬੰਧੀ ਰਾਜਪਾਲ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਕਿ ਵਧਦੀ ਉਮਰ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਪੁੱਤਰ ਵੱਲੋਂ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਕਰਨਾ ਮਾਨਵਤਾ ਦੇ ਨਜ਼ਰੀਏ ਤੋਂ ਮਹੱਤਵਪੂਰਨ ਹੈ।
ਹਾਈ ਕੋਰਟ ਵਿੱਚ ਵੀ ਦਾਇਰ ਹੈ ਪਟੀਸ਼ਨ
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਪੈਰੋਲ ‘ਤੇ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਪਟੀਸ਼ਨ CRWP No. 3868/2026 ਵੀ ਦਾਇਰ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹਾਈ ਕੋਰਟ ਵੱਲੋਂ ਵੀ ਉਸ ਦੀ ਪੈਰੋਲ ਅਰਜ਼ੀ ‘ਤੇ ਵਿਚਾਰ ਕਰਨ ਸਬੰਧੀ ਨਿਰਦੇਸ਼ ਦਿੱਤੇ ਗਏ ਹਨ। ਇਸ ਸੰਦਰਭ ਵਿੱਚ ਮੁੱਖ ਮੰਤਰੀ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪੈਰੋਲ ਦੀ ਮੰਗ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ।
‘ਬਿਮਾਰ ਮਾਤਾ ਦੀ ਸਿਹਤ ਦੇ ਮੱਦੇਨਜ਼ਰ ਜ਼ਰੂਰੀ’
ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਉਮਰ ਅਤੇ ਮੌਜੂਦਾ ਸਿਹਤ ਸਥਿਤੀ ਨੂੰ ਦੇਖਦਿਆਂ ਇਹ ਮਾਮਲਾ ਤੁਰੰਤ ਧਿਆਨ ਦੀ ਮੰਗ ਕਰਦਾ ਹੈ। ਉਨ੍ਹਾਂ ਰਾਜਪਾਲ ਨੂੰ ਬੇਨਤੀ ਕੀਤੀ ਕਿ 10 ਦਿਨਾਂ ਦੀ ਪੈਰੋਲ ਦੇਣ ਦੇ ਮਾਮਲੇ ‘ਤੇ ਜਲਦ ਤੋਂ ਜਲਦ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ।
ਭਗਵੰਤ ਮਾਨ ਨੇ ਕਿਹਾ ਕਿ ਬਿਮਾਰ ਮਾਤਾ ਨੂੰ ਮਿਲਣ ਦਾ ਮੌਕਾ ਦੇਣਾ ਇੱਕ ਸੰਵੇਦਨਸ਼ੀਲ ਅਤੇ ਮਾਨਵਤਾਵਾਦੀ ਮਾਮਲਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਮਾਮਲੇ ਵਿੱਚ ਸਾਰੇ ਸਬੰਧਤ ਪੱਖ ਮਾਨਵਤਾ ਦੇ ਪੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਉਚਿਤ ਫੈਸਲਾ ਲੈਣਗੇ।
