Saturday, September 12Punjabi People

ਮੋਹਾਲੀ ਤੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਸੂਬਾ ਪੱਧਰੀ ਮੁਹਿੰਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ 2026: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਮੋਹਾਲੀ ਦੇ ਫੇਜ਼-11 ਸਥਿਤ ਸਕੂਲ ਆਫ਼ ਐਮੀਨੈਂਸ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖੁਦ ਸਕੂਲੀ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਵਾ ਕੇ ਮੁਹਿੰਮ ਦਾ ਆਗਾਜ਼ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਭਰ ਵਿੱਚ 1 ਤੋਂ 19 ਸਾਲ ਤੱਕ ਦੀ ਉਮਰ ਦੇ ਲਗਭਗ 71 ਲੱਖ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ 10 ਅਗਸਤ ਨੂੰ ਦਵਾਈ ਨਹੀਂ ਲੈ ਸਕਣਗੇ, ਉਨ੍ਹਾਂ ਨੂੰ 17 ਅਗਸਤ ਨੂੰ ਮੌਪ-ਅੱਪ ਡੇਅ ਦੌਰਾਨ ਇਹ ਖੁਰਾਕ ਦਿੱਤੀ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਦੀ ਸਮੱਸਿਆ ਉਨ੍ਹਾਂ ਦੀ ਸਿਹਤ ਅਤੇ ਵਿਕਾਸ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸ ਲਈ ਸਮੇਂ-ਸਮੇਂ ’ਤੇ ਡੀਵੌਰਮਿੰਗ ਮੁਹਿੰਮ ਚਲਾ ਕੇ ਬੱਚਿਆਂ ਨੂੰ ਇਸ ਸਮੱਸਿਆ ਤੋਂ ਬਚਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਡੀਵੌਰਮਿੰਗ ਡੇਅ ਸਿਰਫ਼ ਇੱਕ ਗੋਲੀ ਦੇਣ ਤੱਕ ਸੀਮਿਤ ਨਹੀਂ, ਸਗੋਂ ਇਹ ਬੱਚਿਆਂ ਦੀ ਸਿਹਤ, ਪੋਸ਼ਣ, ਸਿੱਖਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਵਿੱਚ ਨਿਵੇਸ਼ ਕਰਨ ਦਾ ਮਹੱਤਵਪੂਰਨ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਡੀਵੌਰਮਿੰਗ ਨਾਲ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਥਿਤੀ ਵਿੱਚ ਸੁਧਾਰ ਆਉਂਦਾ ਹੈ, ਸਰੀਰਕ ਵਿਕਾਸ ਨੂੰ ਹੁਲਾਰਾ ਮਿਲਦਾ ਹੈ ਅਤੇ ਬੱਚੇ ਸਕੂਲ ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਵਧੇਰੇ ਸਰਗਰਮੀ ਨਾਲ ਹਿੱਸਾ ਲੈ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਮਾਪਿਆਂ, ਅਧਿਆਪਕਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਮਿਲ ਕੇ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਤੰਦਰੁਸਤੀ ਯਕੀਨੀ ਬਣਾਉਣਾ ਸਿਹਤਮੰਦ ਅਤੇ ‘ਰੰਗਲਾ ਪੰਜਾਬ’ ਸਿਰਜਣ ਵੱਲ ਅਹਿਮ ਕਦਮ ਹੈ।

ਸਿਹਤ ਵਿਭਾਗ ਦੀ ਡਾਇਰੈਕਟਰ ਪਰਿਵਾਰ ਭਲਾਈ ਡਾ. ਅਦਿਤੀ ਸਲਾਰੀਆ ਨੇ ਕਿਹਾ ਕਿ ਹਰ ਯੋਗ ਬੱਚੇ ਲਈ ਐਲਬੈਂਡਾਜ਼ੋਲ ਦੀ ਗੋਲੀ ਲੈਣਾ ਜ਼ਰੂਰੀ ਹੈ, ਭਾਵੇਂ ਉਸ ਵਿੱਚ ਪੇਟ ਦੇ ਕੀੜਿਆਂ ਦੇ ਲੱਛਣ ਮੌਜੂਦ ਹੋਣ ਜਾਂ ਨਾ ਹੋਣ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਬੱਚਿਆਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ ਅਤੇ ਇਸ ਕਾਰਨ ਖ਼ੂਨ ਦੀ ਕਮੀ, ਥਕਾਵਟ ਅਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ’ਤੇ ਵੀ ਅਸਰ ਪੈ ਸਕਦਾ ਹੈ।

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਨਿਰਧਾਰਤ ਪ੍ਰੋਟੋਕੋਲ ਅਨੁਸਾਰ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਮੁਫ਼ਤ ਖੁਰਾਕ ਦਿੱਤੀ ਜਾ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਹ ਦਵਾਈ ਜ਼ਰੂਰ ਦਿਵਾਉਣ ਅਤੇ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ।

ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਮੁਖੀ ਬੀਬੀ ਪ੍ਰਭਜੋਤ ਕੌਰ ਨੇ ਵੀ ਸੰਬੋਧਨ ਕਰਦਿਆਂ ਬੱਚਿਆਂ ਦੀ ਚੰਗੀ ਸਿਹਤ ਲਈ ਹਰ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਪੇਟ ਦੇ ਕੀੜਿਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਸਮਾਗਮ ਵਿੱਚ ਮੌਜੂਦ ਮਹਿਮਾਨਾਂ, ਬੱਚਿਆਂ ਅਤੇ ਹੋਰਨਾਂ ਵਿਅਕਤੀਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਅਤੇ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕ ਰਹਿਣ ਦਾ ਅਹਿਦ ਵੀ ਦਿਵਾਇਆ ਗਿਆ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸ਼ੈਲੀ ਰਾਜਪੂਤ ਸਮੇਤ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ, ਅਧਿਆਪਕ ਅਤੇ ਸਿਹਤ ਕਰਮਚਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *