Saturday, September 12Punjabi People

ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 638 ਟਿਕਾਣਿਆਂ ’ਤੇ ਛਾਪੇ, 500 ਤੋਂ ਵੱਧ ਸ਼ੱਕੀ ਕਾਬੂ

ਚੰਡੀਗੜ੍ਹ, 10 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ 638 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ 15 ਹਥਿਆਰਾਂ ਸਮੇਤ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਮੁਹਿੰਮ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੀ ਅਗਵਾਈ ਅਤੇ ਤਾਲਮੇਲ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦਾ ਅੰਕੜਾ 59 ਹਜ਼ਾਰ ਤੋਂ ਪਾਰ

ਪੁਲਿਸ ਵੱਲੋਂ ਅੱਜ ਦੀ ਕਾਰਵਾਈ ਦੌਰਾਨ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਹਥਿਆਰ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੀਤੀਆਂ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 59,021 ਹੋ ਗਈ ਹੈ।

ਇਸ ਤੋਂ ਇਲਾਵਾ ਅੱਜ 257 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ। ਕਾਰਵਾਈ ਦੌਰਾਨ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 8 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪੂਰੇ ਅਪਰਾਧਿਕ ਨੈੱਟਵਰਕ, ਸਾਥੀਆਂ, ਹਥਿਆਰਾਂ ਅਤੇ ਹੋਰ ਗਤੀਵਿਧੀਆਂ ’ਤੇ ਨਕੇਲ ਕੱਸਣਾ ਹੈ।

ਲੋਕਾਂ ਨੂੰ ਗੁਪਤ ਜਾਣਕਾਰੀ ਦੇਣ ਦੀ ਅਪੀਲ

ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪਰਾਧ ਅਤੇ ਗੈਂਗਸਟਰਾਂ ਖ਼ਿਲਾਫ਼ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਜਾਂ ਕਿਸੇ ਵੀ ਅਪਰਾਧਿਕ ਗਤੀਵਿਧੀ ਸਬੰਧੀ ਜਾਣਕਾਰੀ ਗੁਪਤ ਰੂਪ ਵਿੱਚ ਸਾਂਝੀ ਕਰ ਸਕਦੇ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀ ਵੱਡੀ ਕਾਰਵਾਈ

ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ 527ਵੇਂ ਦਿਨ ਜਾਰੀ ਰਹੀ। ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 137 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.6 ਕਿਲੋਗ੍ਰਾਮ ਹੈਰੋਇਨ, 2,103 ਨਸ਼ੀਲੀਆਂ ਗੋਲੀਆਂ ਅਤੇ 1,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਮੁਤਾਬਕ ਇਸ ਮੁਹਿੰਮ ਤਹਿਤ 527 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਹੁਣ 75,689 ਹੋ ਗਈ ਹੈ।

ਨਸ਼ਾ ਛੱਡਣ ਵਾਲਿਆਂ ਦੇ ਮੁੜ ਵਸੇਬੇ ’ਤੇ ਵੀ ਜ਼ੋਰ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ

ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਜੰਗ ਨੂੰ ਸਿਰਫ਼ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ ਰੱਖਿਆ ਜਾ ਰਿਹਾ, ਸਗੋਂ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਨਾਲ ਜੋੜ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਖ਼ਿਲਾਫ਼ ਦੋਵੇਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਅਪਰਾਧਿਕ ਨੈੱਟਵਰਕਾਂ ਨੂੰ ਤੋੜਨ ਲਈ ਸੂਬੇ ਭਰ ਵਿੱਚ ਪੁਲਿਸ ਵੱਲੋਂ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।

Leave a Reply

Your email address will not be published. Required fields are marked *