Saturday, September 12Punjabi People

ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਕਰ, ਰੁਜ਼ਗਾਰ ਤੇ ਵਾਤਾਵਰਣ ਸਮੇਤ 9 ਅਹਿਮ ਬਿੱਲ ਪਾਸ

ਚੰਡੀਗੜ੍ਹ, 10 ਅਗਸਤ 2026: ਪੰਜਾਬ ਵਿਧਾਨ ਸਭਾ ਨੇ ਸੋਮਵਾਰ ਨੂੰ ਸੂਬੇ ਦੇ ਸਿੱਖਿਆ, ਬੁਨਿਆਦੀ ਢਾਂਚਾ, ਕਰ ਪ੍ਰਣਾਲੀ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕਰ ਦਿੱਤੇ। ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਸੂਬੇ ਦੇ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਦਾ ਰਾਹ ਸਾਫ਼ ਹੋਇਆ ਹੈ।

ਬੁਨਿਆਦੀ ਢਾਂਚੇ ਨਾਲ ਸਬੰਧਤ ਸੋਧ ਬਿੱਲ ਪਾਸ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਸਦਨ ਵਿੱਚ ਬਹੁਮਤ ਨਾਲ ਪਾਸ ਕੀਤਾ ਗਿਆ। ਇਸ ਬਿੱਲ ਰਾਹੀਂ ਸੂਬੇ ਵਿੱਚ ਸਾਂਝੇ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਬੰਧਾਂ ਅਤੇ ਇਸ ਦੇ ਰੱਖ-ਰਖਾਅ ਨੂੰ ਹੋਰ ਸੁਚਾਰੂ ਬਣਾਉਣ ਵੱਲ ਕਦਮ ਚੁੱਕਿਆ ਗਿਆ ਹੈ।

ਨਿੱਜੀ ਸਕੂਲਾਂ ਦੀਆਂ ਫੀਸਾਂ ’ਤੇ ਰੈਗੂਲੇਸ਼ਨ ਹੋਵੇਗੀ ਮਜ਼ਬੂਤ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਇਸ ਬਿੱਲ ਦਾ ਉਦੇਸ਼ ਨਿੱਜੀ ਅਤੇ ਅਣ-ਏਡਿਡ ਵਿਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਤੋਂ ਵਸੂਲੀ ਜਾਣ ਵਾਲੀ ਫੀਸ ਵਿੱਚ ਮਨਮਾਨੇ ਵਾਧੇ ਨੂੰ ਨਿਯਮਬੱਧ ਕਰਨਾ ਅਤੇ ਫੀਸ ਪ੍ਰਣਾਲੀ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣਾ ਹੈ। ਇਸ ਨਾਲ ਮਾਪਿਆਂ ’ਤੇ ਪੈਣ ਵਾਲੇ ਗੈਰ-ਜ਼ਰੂਰੀ ਵਿੱਤੀ ਬੋਝ ਨੂੰ ਘਟਾਉਣ ਵਿੱਚ ਮਦਦ ਮਿਲਣ ਦੀ ਉਮੀਦ ਹੈ।

ਤਿੰਨ ਡਿਜੀਟਲ ਯੂਨੀਵਰਸਿਟੀਆਂ ਨਾਲ ਉੱਚ ਸਿੱਖਿਆ ਨੂੰ ਹੁਲਾਰਾ

ਪੰਜਾਬ ਵਿਧਾਨ ਸਭਾ ਨੇ ਉੱਚ ਸਿੱਖਿਆ ਨਾਲ ਸਬੰਧਤ ਤਿੰਨ ਯੂਨੀਵਰਸਿਟੀ ਬਿੱਲਾਂ ਨੂੰ ਵੀ ਮਨਜ਼ੂਰੀ ਦਿੱਤੀ। ਇਨ੍ਹਾਂ ਵਿੱਚ:

  • ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026
  • ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026
  • ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026

ਸ਼ਾਮਲ ਹਨ। ਇਹ ਤਿੰਨੇ ਬਿੱਲ ਵੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਅਤੇ ਸਦਨ ਵਿੱਚ ਬਹੁਮਤ ਨਾਲ ਪਾਸ ਹੋਏ।

ਇਨ੍ਹਾਂ ਯੂਨੀਵਰਸਿਟੀਆਂ ਦੇ ਸਥਾਪਿਤ ਹੋਣ ਨਾਲ ਡਿਜੀਟਲ ਸਿੱਖਿਆ, ਤਕਨਾਲੋਜੀ ਆਧਾਰਿਤ ਪੜ੍ਹਾਈ ਅਤੇ ਆਧੁਨਿਕ ਉੱਚ ਸਿੱਖਿਆ ਦੇ ਮੌਕਿਆਂ ਨੂੰ ਵਧਾਉਣ ਵਿੱਚ ਮਦਦ ਮਿਲਣ ਦੀ ਉਮੀਦ ਹੈ।

GST ਕਾਨੂੰਨ ਵਿੱਚ ਸੋਧ ਨੂੰ ਮਨਜ਼ੂਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2026 ਵੀ ਸਦਨ ਵਿੱਚ ਬਹੁਮਤ ਨਾਲ ਪਾਸ ਹੋਇਆ। ਇਸ ਸੋਧ ਰਾਹੀਂ ਸੂਬੇ ਵਿੱਚ ਜੀਐਸਟੀ ਨਾਲ ਸਬੰਧਤ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਯਤਨ ਕੀਤਾ ਗਿਆ ਹੈ।

ਆਊਟਸੋਰਸਡ ਕਰਮਚਾਰੀਆਂ ਲਈ ਅਹਿਮ ਕਦਮ

ਵਿੱਤ ਮੰਤਰੀ ਵੱਲੋਂ ਹੀ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਚੁਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਹ ਬਿੱਲ ਆਊਟਸੋਰਸਡ ਕਰਮਚਾਰੀਆਂ ਨੂੰ ਠੇਕਾ ਆਧਾਰਿਤ ਪ੍ਰਬੰਧ ਵਿੱਚ ਤਬਦੀਲ ਕਰਨ ਨਾਲ ਸਬੰਧਤ ਹੈ ਅਤੇ ਇਸ ਰਾਹੀਂ ਕਰਮਚਾਰੀਆਂ ਨਾਲ ਜੁੜੇ ਪ੍ਰਬੰਧਾਂ ਨੂੰ ਹੋਰ ਸਪੱਸ਼ਟ ਅਤੇ ਸੁਚਾਰੂ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਪੰਚਾਇਤੀ ਰਾਜ ਪ੍ਰਣਾਲੀ ਨੂੰ ਹੋਰ ਮਜ਼ਬੂਤੀ

ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਵੀ ਬਹੁਮਤ ਨਾਲ ਪਾਸ ਕੀਤਾ ਗਿਆ। ਇਸ ਸੋਧ ਦਾ ਉਦੇਸ਼ ਪੇਂਡੂ ਸਥਾਨਕ ਸੰਸਥਾਵਾਂ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।

ਰੁੱਖਾਂ ਦੀ ਸੁਰੱਖਿਆ ਲਈ ਨਵਾਂ ਕਾਨੂੰਨੀ ਢਾਂਚਾ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਸਦਨ ਵਿੱਚ ਬਹੁਮਤ ਨਾਲ ਪਾਸ ਹੋਇਆ।

ਇਸ ਬਿੱਲ ਰਾਹੀਂ ਸੂਬੇ ਵਿੱਚ ਰੁੱਖਾਂ ਦੀ ਸੁਰੱਖਿਆ ਲਈ ਵਧੇਰੇ ਪ੍ਰਭਾਵਸ਼ਾਲੀ ਕਾਨੂੰਨੀ ਢਾਂਚਾ ਤਿਆਰ ਕਰਨ ਦਾ ਉਦੇਸ਼ ਹੈ। ਇਸ ਨਾਲ ਵਾਤਾਵਰਣ ਸੰਤੁਲਨ ਕਾਇਮ ਰੱਖਣ, ਹਰੇ-ਭਰੇ ਖੇਤਰਾਂ ਦੀ ਸੁਰੱਖਿਆ ਅਤੇ ਰੁੱਖਾਂ ਦੀ ਬੇਲੋੜੀ ਕਟਾਈ ’ਤੇ ਨਿਗਰਾਨੀ ਮਜ਼ਬੂਤ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ।

ਵੱਖ-ਵੱਖ ਖੇਤਰਾਂ ਵਿੱਚ ਸੁਧਾਰਾਂ ਦਾ ਰਾਹ ਹੋਇਆ ਸਾਫ਼

ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਇਨ੍ਹਾਂ 9 ਬਿੱਲਾਂ ਨੂੰ ਸੂਬੇ ਦੇ ਪ੍ਰਸ਼ਾਸਨਿਕ, ਸਮਾਜਿਕ, ਆਰਥਿਕ ਅਤੇ ਵਾਤਾਵਰਣਕ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਇਨ੍ਹਾਂ ਕਾਨੂੰਨੀ ਸੋਧਾਂ ਰਾਹੀਂ ਸਰਕਾਰ ਵੱਲੋਂ ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਉਤਸ਼ਾਹਿਤ ਕਰਨ, ਨਿੱਜੀ ਸਿੱਖਿਆ ਸੰਸਥਾਵਾਂ ਦੀ ਜਵਾਬਦੇਹੀ ਵਧਾਉਣ, ਕਰ ਪ੍ਰਣਾਲੀ ਨੂੰ ਸੁਚਾਰੂ ਬਣਾਉਣ, ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ, ਪੇਂਡੂ ਸੰਸਥਾਵਾਂ ਨੂੰ ਹੋਰ ਸਸ਼ਕਤ ਬਣਾਉਣ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ।

ਸਰਕਾਰ ਮੁਤਾਬਕ ਇਨ੍ਹਾਂ ਬਿੱਲਾਂ ਦੇ ਲਾਗੂ ਹੋਣ ਨਾਲ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰਭਾਵਸ਼ੀਲਤਾ ਵਧਾਉਣ ਦੇ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਦਦ ਮਿਲੇਗੀ।

Leave a Reply

Your email address will not be published. Required fields are marked *