
ਚੰਡੀਗੜ੍ਹ, 24 ਜਨਵਰੀ 2026: ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇੱਕ ਵਿਅਕਤੀ ਵੱਲੋਂ ਵੁਜ਼ੂ ਕਰਨ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ ਹੈ। ਸਾਹਮਣੇ ਆਈ ਫੁਟੇਜ ਵਿੱਚ ਦਿੱਖ ਰਹੇ ਨੌਜਵਾਨ ਨੂੰ ਸਰੋਵਰ ਦੇ ਕੰਢੇ ਬੈਠੇ ਹੋਏ ਵੇਖਿਆ ਜਾ ਸਕਦਾ ਹੈ, ਜਿੱਥੇ ਉਹ ਮੋਬਾਈਲ ਫੋਨ ਰਾਹੀਂ ਇੱਕ ਰੀਲ ਬਣਾਉਂਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਫੁਟੇਜ ਵਿੱਚ ਉਹ ਕਿਸੇ ਵੀ ਸਮੇਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਦਾ ਹੋਇਆ ਨਹੀਂ ਦਿੱਸਦਾ।
ਪੁਲਿਸ ਵੱਲੋਂ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਵੁਜ਼ੂ (ਕੁਰਲੀ ਕਰਨ) ਦੇ ਦੋਸ਼ ਹੇਠ ਇਸ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਬੀਤੀ ਰਾਤ ਕੁਝ ਸਿੱਖ ਨੌਜਵਾਨਾਂ ਵੱਲੋਂ ਗਾਜ਼ੀਆਬਾਦ ਵਿੱਚ ਉਸ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਹੇਠ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਇਸ ਤੋਂ ਇਲਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਵੀ ਅੱਜ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੰਮ੍ਰਿਤਸਰ ਪੁਲਿਸ ਕੋਲ ਵੱਖਰੇ ਤੌਰ ’ਤੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
