
ਚੰਡੀਗੜ੍ਹ, 13 ਅਗਸਤ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਈ ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ’ਤੇ ਹਮਲਾ ਕਰਨ ਦੀ ਕੋਸ਼ਿਸ਼ ਨਿੰਦਣਯੋਗ ਹੈ ਅਤੇ ਖ਼ਾਸ ਤੌਰ ’ਤੇ ਕਿਸੇ ਗੁਰਦੁਆਰਾ ਸਾਹਿਬ ਜਾਂ ਧਾਰਮਿਕ ਅਸਥਾਨ ਦੀ ਪਵਿੱਤਰਤਾ ਨੂੰ ਭੰਗ ਕਰਨ ਵਾਲੀ ਹਿੰਸਕ ਘਟਨਾ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਬਲਤੇਜ ਪੰਨੂ ਨੇ ਕਿਹਾ ਕਿ ਧਾਰਮਿਕ ਸਥਾਨ ਲੋਕਾਂ ਦੀ ਆਸਥਾ, ਸ਼ਰਧਾ ਅਤੇ ਵਿਸ਼ਵਾਸ ਨਾਲ ਜੁੜੇ ਹੁੰਦੇ ਹਨ। ਇਸ ਲਈ ਇਨ੍ਹਾਂ ਅਸਥਾਨਾਂ ਦੀ ਮਰਿਆਦਾ, ਪਵਿੱਤਰਤਾ ਅਤੇ ਸਤਿਕਾਰ ਨੂੰ ਕਾਇਮ ਰੱਖਣਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸੰਸਥਾ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ ਅਤੇ ਅਜਿਹੀਆਂ ਘਟਨਾਵਾਂ ਨੂੰ ਸਿਆਸੀ ਜਾਂ ਨਿੱਜੀ ਵਿਰੋਧ ਦਾ ਸਾਧਨ ਨਹੀਂ ਬਣਾਇਆ ਜਾਣਾ ਚਾਹੀਦਾ।
ਇਸ ਦੇ ਨਾਲ ਹੀ ਪੰਨੂ ਨੇ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਸਿੱਖ ਭਾਈਚਾਰੇ ਅੰਦਰ ਪੈਦਾ ਹੋਇਆ ਦਰਦ ਅਤੇ ਰੋਸ ਅੱਜ ਵੀ ਮੌਜੂਦ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਥ ਦੇ ਨਾਮ ’ਤੇ ਸਿਆਸੀ ਸਮਰਥਨ ਹਾਸਲ ਕਰਦਿਆਂ ਕਈ ਵਾਰ ਸਰਕਾਰ ਬਣਾਈ, ਪਰ ਉਸ ਦੇ ਕਾਰਜਕਾਲ ਦੌਰਾਨ 2015 ਵਿੱਚ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ।
ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤੇ ਗਏ ਸਨ। ਪੰਨੂ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਪੁਲਿਸ ਕਾਰਵਾਈ ਹੋਈ ਅਤੇ ਗੋਲੀਬਾਰੀ ਵਿੱਚ ਦੋ ਸਿੱਖਾਂ ਦੀ ਮੌਤ ਹੋਈ, ਜਿਸ ਕਾਰਨ ਸਿੱਖ ਭਾਈਚਾਰੇ ਅੰਦਰ ਡੂੰਘਾ ਰੋਸ ਅਤੇ ਪੀੜਾ ਪੈਦਾ ਹੋਈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਜੁੜੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਵੀਕਾਰ ਕਰਨ ਦੀ ਲੋੜ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਕੋਸ਼ਿਸ਼ ਦੀ ਨਿੰਦਾ ਕਰਨਾ ਆਪਣੀ ਥਾਂ ’ਤੇ ਜ਼ਰੂਰੀ ਹੈ, ਪਰ ਇਸ ਦੇ ਨਾਲ ਹੀ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਵਾਪਰੀਆਂ ਘਟਨਾਵਾਂ ਸਬੰਧੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਅਤੇ ਸ਼ਿਕਾਇਤਾਂ ਨੂੰ ਵੀ ਸਮਝਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਧਾਰਮਿਕ ਅਸਥਾਨਾਂ ਦੀ ਮਰਿਆਦਾ ਦੀ ਰੱਖਿਆ ਕਰਦਿਆਂ ਹਰ ਮਸਲੇ ਦਾ ਹੱਲ ਸ਼ਾਂਤੀਪੂਰਨ ਅਤੇ ਸੰਵਿਧਾਨਕ ਤਰੀਕੇ ਨਾਲ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੁੜ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਹਰ ਹਾਲ ਵਿੱਚ ਸਤਿਕਾਰ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਧਾਰਮਿਕ ਸਥਾਨ ’ਤੇ ਹਿੰਸਾ ਦੀ ਘਟਨਾ ਨਹੀਂ ਵਾਪਰਨੀ ਚਾਹੀਦੀ।
