Saturday, September 12Punjabi People

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਵਾਂ ’ਤੇ ਰੇਡ, 353 ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ, 13 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮਕਸਦ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਪੁਲਿਸ ਨੇ 205ਵੇਂ ਦਿਨ ਵੀ ਵੱਡੀ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।

ਇਹ ਮੁਹਿੰਮ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਮੁੱਖ ਉਦੇਸ਼ ਸੂਬੇ ਵਿੱਚ ਗੈਂਗਸਟਰ ਨੈੱਟਵਰਕ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੀ ਅਗਵਾਈ ਅਤੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਪੁਲਿਸ ਅਨੁਸਾਰ, ਮੁਹਿੰਮ ਦੇ 205ਵੇਂ ਦਿਨ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ 20 ਜਨਵਰੀ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 60,354 ਹੋ ਗਈ ਹੈ।

ਪੁਲਿਸ ਨੇ ਅੱਗੇ ਦੱਸਿਆ ਕਿ ਅੱਜ ਦੀ ਕਾਰਵਾਈ ਦੌਰਾਨ 262 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਵੱਖ-ਵੱਖ ਮਾਮਲਿਆਂ ਵਿੱਚ 9 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਹੈ। ਅਧਿਕਾਰੀਆਂ ਮੁਤਾਬਕ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਪੁਲਿਸ ਵੱਲੋਂ ਮੈਪ ਕੀਤੇ ਟਿਕਾਣਿਆਂ ’ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਇਸ ਲਈ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਇਸ ਨੰਬਰ ’ਤੇ ਲੋਕ ਗੁਪਤ ਤਰੀਕੇ ਨਾਲ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਅਤੇ ਅਪਰਾਧਿਕ ਗਤੀਵਿਧੀਆਂ ਸਬੰਧੀ ਜਾਣਕਾਰੀ ਦੇ ਸਕਦੇ ਹਨ।

ਨਸ਼ਾ ਤਸਕਰਾਂ ਖ਼ਿਲਾਫ਼ ਵੀ ਕਾਰਵਾਈ ਜਾਰੀ

ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ 530ਵੇਂ ਦਿਨ ਜਾਰੀ ਰਹੀ। ਪੁਲਿਸ ਨੇ ਅੱਜ ਵੱਖ-ਵੱਖ ਕਾਰਵਾਈਆਂ ਦੌਰਾਨ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ ਪੁਲਿਸ ਨੇ 2.1 ਕਿਲੋਗ੍ਰਾਮ ਹੈਰੋਇਨ, 31 ਕਿਲੋਗ੍ਰਾਮ ਭੁੱਕੀ, 3,363 ਨਸ਼ੀਲੀਆਂ ਗੋਲੀਆਂ ਅਤੇ 1,910 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਮੁਹਿੰਮ ਦੇ 530 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,806 ਤੱਕ ਪਹੁੰਚ ਗਈ ਹੈ।

ਪੰਜਾਬ ਪੁਲਿਸ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਪੁਲਿਸ ਅਧਿਕਾਰੀਆਂ ਮੁਤਾਬਕ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਇਹ ਮੁਹਿੰਮਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਅਤੇ ਸੂਬੇ ਵਿੱਚ ਅਪਰਾਧਿਕ ਨੈੱਟਵਰਕ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *