Saturday, September 12Punjabi People

ਹਰਿਆਣਾ ਕੈਬਨਿਟ ਦੇ 12 ਅਹਿਮ ਫੈਸਲਿਆਂ ਨੂੰ ਮਨਜ਼ੂਰੀ, 27 ਅਗਸਤ ਤੋਂ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ: CM ਸੈਣੀ

ਚੰਡੀਗੜ੍ਹ , 14 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਸਰਕਾਰ ਵੱਲੋਂ ਲਏ ਗਏ ਕਈ ਅਹਿਮ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਦੀ ਬੈਠਕ ਦੌਰਾਨ ਕੁੱਲ 12 ਏਜੰਡੇ ਵਿਚਾਰ ਲਈ ਰੱਖੇ ਗਏ, ਜਿਨ੍ਹਾਂ ਨੂੰ ਕੈਬਨਿਟ ਵੱਲੋਂ ਸਰਵਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਗਈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 27 ਅਗਸਤ 2026 ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਸੈਸ਼ਨ ਦੌਰਾਨ ਸੂਬੇ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ ਅਤੇ ਸਰਕਾਰ ਆਪਣੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਸਬੰਧਤ ਪਹਿਲਕਦਮੀਆਂ ਨੂੰ ਵੀ ਸਦਨ ਵਿੱਚ ਰੱਖੇਗੀ।

ਕੋਚਿੰਗ ਸੈਂਟਰਾਂ ਲਈ ਨਵੀਂ ਨੀਤੀ, ਵਿਦਿਆਰਥੀਆਂ ਦੀ ਸੁਰੱਖਿਆ ‘ਤੇ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੋਚਿੰਗ ਸੈਂਟਰਾਂ ਵਿੱਚ ਪੜ੍ਹਨ ਲਈ ਆਉਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਹਾਲ ਹੀ ਵਿੱਚ ਸਾਹਮਣੇ ਆਈਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵੱਲੋਂ ਕੋਚਿੰਗ ਸੈਂਟਰਾਂ ਦੇ ਸੰਚਾਲਨ ਨੂੰ ਨਿਯਮਤ ਕਰਨ ਲਈ ਇੱਕ ਪ੍ਰਭਾਵੀ ਨੀਤੀ ਤਿਆਰ ਕੀਤੀ ਗਈ ਹੈ।

ਇਸ ਨੀਤੀ ਤਹਿਤ ਸੂਬੇ ਵਿੱਚ ਚੱਲ ਰਹੇ ਕੋਚਿੰਗ ਸੈਂਟਰਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਸਾਫ਼ ਪੀਣ ਵਾਲੇ ਪਾਣੀ, ਅੱਗ ਤੋਂ ਸੁਰੱਖਿਆ, ਬੈਠਣ ਦੀ ਉਚਿਤ ਵਿਵਸਥਾ ਅਤੇ ਹੋਰ ਬੁਨਿਆਦੀ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਯਮ ਤੈਅ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਕੋਚਿੰਗ ਸੰਸਥਾਵਾਂ ਨੂੰ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨੀ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਜਾਂ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਵਾਲੇ ਸੰਸਥਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਪ੍ਰਬੰਧ ਵੀ ਕੀਤੇ ਗਏ ਹਨ।

CM ਸੈਣੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸੁਰੱਖਿਅਤ, ਸਾਫ਼-ਸੁਥਰਾ ਅਤੇ ਸੁਵਿਧਾਜਨਕ ਮਾਹੌਲ ਮਿਲੇ ਅਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸੇ ਕਿਸਮ ਦੀ ਚਿੰਤਾ ਨਾ ਰਹੇ।

ਸੁਖਬੀਰ ਬਾਦਲ ‘ਤੇ ਹਮਲੇ ਦੀ ਘਟਨਾ ਦੀ ਕੀਤੀ ਨਿੰਦਾ

ਇਸ ਦੌਰਾਨ ਮਹਾਰਾਸ਼ਟਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਘਟਨਾ ਦੀ ਨਿੰਦਾ ਕੀਤੀ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਖ਼ਿਲਾਫ਼ ਇਸ ਤਰ੍ਹਾਂ ਦੀ ਹਿੰਸਕ ਘਟਨਾ ਵਾਪਰਨਾ ਨਿੰਦਣਯੋਗ ਅਤੇ ਚਿੰਤਾਜਨਕ ਹੈ। ਉਨ੍ਹਾਂ ਖਾਸ ਤੌਰ ‘ਤੇ ਕਿਹਾ ਕਿ ਜੇਕਰ ਅਜਿਹੀ ਘਟਨਾ ਗੁਰੂਘਰ ਵਰਗੇ ਪਵਿੱਤਰ ਸਥਾਨ ‘ਤੇ ਵਾਪਰੇ ਤਾਂ ਇਹ ਹੋਰ ਵੀ ਮੰਦਭਾਗਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਏਕਤਾ ਬਣਾਈ ਰੱਖਣਾ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੇ ਪਵਿੱਤਰ ਸਥਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਟਕਰਾਅ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਕਾਰਵਾਈ ਨੂੰ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ।

Leave a Reply

Your email address will not be published. Required fields are marked *